- ਬੈਂਕਿੰਗ ਸੈਕਟਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੌਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਨੂੰ ਦਿੱਤਾ ਜਾਵੇ
ਗੁਰਦਾਸਪੁਰ, 31 ਮਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬੈਂਕਾਂ ਵਿੱਚ ਆਈਆਂ ਸਵੈ-ਰੁਜ਼ਗਾਰ ਲਈ ਲੋਨ ਲੈਣ ਦੀਆਂ ਅਰਜ਼ੀਆਂ ਦਾ ਨਿਪਟਾਰਾ ਪਹਿਲ ਦੇ ਅਧਾਰ ’ਤੇ ਕੀਤਾ ਜਾਵੇ ਤਾਂ ਜੋ ਨੌਜਵਾਨ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਤਹਿਤ ਲੋਨ ਪ੍ਰਾਪਤ ਕਰਕੇ ਆਪਣੇ ਕੰਮ-ਧੰਦੇ ਸ਼ੁਰੂ ਕਰ ਸਕਣ। ਉਨ੍ਹਾਂ ਕਿਹਾ ਕਿ ਕੋਈ ਵੀ ਬੈਂਕ ਆਪਣੇ ਕੋਲ ਲੋਨ ਦੀ ਫਾਈਲ ਪੈਂਡਿੰਗ ਨਾ ਰੱਖੇ ਅਤੇ ਲੋਨ ਅਪਲਾਈ ਕਰਨ ਸਮੇਂ ਨੌਜਵਾਨਾਂ ਨੂੰ ਗਾਈਡ ਕੀਤਾ ਜਾਵੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਬੈਂਕਾਂ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਸਵੈ ਸਹਾਇਤਾ ਸਮੂਹਾਂ ਵੱਲੋਂ ਲੋਨ ਲਈ ਅਪਲਾਈ ਕੀਤੀਆਂ ਅਰਜ਼ੀਆਂ ਦਾ ਰੀਵਿਊ ਕਰਦਿਆਂ ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਗਤਾਵਾਂ ਪੂਰੀਆਂ ਕਰਦੀਆਂ ਫਾਈਲਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਜਨਤਾ ਨੂੰ ਪ੍ਰਧਾਨ ਮੰਤਰੀ ਜਨ ਧੰਨ ਯੋਜਨਾ, ਪ੍ਰਧਾਨ ਮੰਤਰੀ ਮੁਦਰਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਿਓਤੀ ਯੋਜਨਾ, ਪ੍ਰਧਾਨ ਮੰਤਰੀ ਸੁਰੱਕਸ਼ਾ ਬੀਮਾ ਯੋਜਨਾ ਅਤੇ ਅਟਲ ਪੈਨਸ਼ਨ ਯੋਜਨਾ ਦਾ ਵੀ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬੈਂਕਾਂ ਵੱਲੋਂ ਜਨਤਾ ਨੂੰ ਅਜਿਹੀਆਂ ਭਲਾਈ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕ ਇਨ੍ਹਾਂ ਦਾ ਲਾਭ ਉਠਾ ਸਕਣ। ਇਸ ਦੌਰਾਨ ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਵਿੱਚ ਜਾ ਲੋਕਾਂ ਨੂੰ ਵੱਖ-ਵੱਖ ਬੈਂਕਿੰਗ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇ। ਇਸਦੇ ਨਾਲ ਹੀ ਆਨ-ਲਾਈਨ ਹੁੰਦੀ ਠੱਗੀ ਤੋਂ ਵੀ ਲੋਕਾਂ ਨੂੰ ਸੁਚੇਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਮੀਟਿੰਗ ਦੌਰਾਨ ਬੈਂਕਾਂ ਅਤੇ ਏ.ਟੀ.ਐੱਮ. ਦੀ ਸੁਰੱਖਿਆ ਦਾ ਮੁੱਦਾ ਵੀ ਵਿਚਾਰਿਆ ਗਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬੈਂਕਾਂ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਰੀਵਿਊ ਵੀ ਕੀਤਾ। ਉਨ੍ਹਾਂ ਉਦਯੋਗ ਵਿਭਾਗ ਅਤੇ ਰਾਸ਼ਟਰੀ ਅਜੀਵਕਾ ਮਿਸ਼ਨ ਦੇ ਨੋਡਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਬੈਂਕਾਂ ਵਿੱਚ ਸਵੈ ਰੁਜ਼ਗਾਰ ਅਤੇ ਸਵੈ ਸਹਾਇਤਾ ਸਮੂਹਾਂ ਵੱਲੋਂ ਅਪਲਾਈ ਕੀਤੇ ਕੇਸਾਂ ਦੀ ਬੈਂਕਾਂ ਕੋਲ ਨਿੱਜੀ ਤੌਰ ’ਤੇ ਪੈਰਵੀ ਕਰਨ। ਮੀਟਿੰਗ ਦੌਰਾਨ ਜ਼ਿਲ੍ਹਾ ਲੀਡ ਮੈਨੇਜਰ ਸ੍ਰੀ ਕੇਵਲ ਕਲਸੀ, ਭਾਰਤੀ ਰਿਜ਼ਰਵ ਬੈਂਕ ਦੇ ਅਧਿਕਾਰੀ ਸੰਜੀਵ ਸਿੰਘ, ਨਬਾਰਡ ਦੇ ਅਧਿਕਾਰੀ ਸ. ਜਸਵਿੰਦਰ ਸਿੰਘ, ਜ਼ਿਲ੍ਹਾ ਉਦਯੋਗ ਕੇਂਦਰ ਦੇ ਜੀ.ਐੱਮ. ਸ. ਸੁਖਪਾਲ ਸਿੰਘ ਤੋਂ ਇਲਾਵਾ ਸਮੂਹ ਬੈਂਕਾਂ ਦੇ ਅਧਿਕਾਰੀ ਵੀ ਹਾਜ਼ਰ ਸਨ।