- ਅਬਾਦ ਕੈਂਪ ਦੌਰਾਨ 350 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ
- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜਨਤਾ ਦੀਆਂ ਮੁਸ਼ਕਲਾਂ ਸੁਣੀਆਂ
- ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ - ਡਿਪਟੀ ਕਮਿਸ਼ਨਰ
- ਪਿੰਡਾਂ ਦੀਆਂ ਸੱਥਾਂ ਤੋਂ ਲੋਕਾਂ ਦੀ ਸਲਾਹ ਨਾਲ ਚੱਲਦੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ - ਜਗਰੂਪ ਸਿੰਘ ਸੇਖਵਾਂ
ਕਾਹਨੂੰਵਾਨ, 11 ਅਕਤੂਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਪਿੰਡ ਸੈਦੋਵਾਲ ਖੁਰਦ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਵਿਖੇ ਮਿਸ਼ਨ ’ਅਬਾਦ’ ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਜ਼ਿਲਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਅੱਜ ਦੇ ਅਬਾਦ ਕੈਂਪ ਵਿੱਚ ਪਿੰਡ ਸੈਦੋਵਾਲ ਖੁਰਦ ਤੋਂ ਇਲਾਵਾ ਗੁਨੋਪੁਰ, ਦਾਰਾਪੁਰ, ਭੈਣੀ ਕਾਨੇ, ਭੈਣੀ ਪਸਵਾਲ ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਆਪਣੇ ਵਿਭਾਗ ਨਾਲ ਸਬੰਧਤ ਸੇਵਾਵਾਂ ਯੋਗ ਲਾਭਪਾਤਰੀਆਂ ਨੂੰ ਦਿੱਤੀਆਂ ਗਈਆਂ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਿਸ ਵਿੱਚ ਮਰੀਜ਼ਾਂ ਦੀ ਮੁੱਢਲੀ ਜਾਂਚ ਕਰਕੇ ਉਨਾਂ ਨੂੰ ਮੁਫ਼ਤ ਦਵਾਈ ਦਿੱਤੀ ਗਈ। ਅਬਾਦ ਕੈਂਪ ਦੌਰਾਨ 350 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਲਿਆ। ਅਬਾਦ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਜਨਤਾ ਦੀ ਸੇਵਾ ਵਿੱਚ ਹਾਜ਼ਰ ਹੈ। ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਬਾਦ ਕੈਂਪਾਂ ਅਤੇ ਜਨ-ਸੁਣਵਾਈ ਕੈਂਪਾਂ ਜਰੀਏ ਪਿੰਡਾਂ ਤੇ ਸ਼ਹਿਰਾਂ ਵਿੱਚ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਦੇ ਨਾਲ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮਿਸ਼ਨ ਅਬਾਦ ਤਹਿਤ ਜਨ-ਸੁਣਵਾਈ ਕੈਂਪ ਲਗਾ ਕੇ ਜ਼ਿਲ੍ਹੇ ਦੇ ਸਾਰੇ ਪਿੰਡ ਕਵਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਗਲਾ ਅਬਾਦ ਕੈਂਪ ਮਿਤੀ 13 ਅਕਤੂਬਰ ਨੂੰ ਕਲਾਨੌਰ ਬਲਾਕ ਦੇ ਪਿੰਡ ਨੜਾਂਵਾਲੀ ਵਿਖੇ ਲਗਾਇਆ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਆਪਣਾ ਸਾਥ ਦੇਣ। ਉਨ੍ਹਾਂ ਕਿਹਾ ਕਿ ਸਮਾਜ ਪ੍ਰਤੀ ਆਪਣਾ ਫ਼ਰਜ ਨਿਭਾਉਂਦਿਆਂ ਨਸ਼ਾ ਤਸਕਰਾਂ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 1800-180-1852 ਉੱਪਰ ਦੇਣ। ਉਨ੍ਹਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਇਸੇ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਉਨ੍ਹਾਂ ਨੂੰ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸਦੇ ਨਾਲ ਹੀ ਜਿਹੜੀ ਪੰਚਾਇਤ ਆਪਣੇ ਪਿੰਡ ਵਿੱਚ ਪਰਾਲੀ ਨੂੰ ਅੱਗ ਨਹੀਂ ਲੱਗਣ ਦੇਵੇਗੀ ਉਸ ਨੂੰ ਵਿਕਾਸ ਕਾਰਜਾਂ ਲਈ ਇੱਕ ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ। ਇਸ ਦੌਰਾਨ ਇਲਾਕਾ ਨਿਵਾਸੀਆਂ ਨਾਲ ਗੱਲ ਕਰਦਿਆਂ ਜ਼ਿਲਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਦਾ ਜੋ ਨਾਅਰਾ ਦਿੱਤਾ ਗਿਆ ਹੈ, ਉਸ ਤਹਿਤ ਹੁਣ ਅਧਿਕਾਰੀ ਲੋਕਾਂ ਵਿੱਚ ਖੁਦ ਆ ਕੇ ਲੋਕ ਮਸਲਿਆਂ ਦਾ ਹੱਲ ਕਰ ਰਹੇ ਹਨ। ਉਨਾਂ ਕਿਹਾ ਕਿ ਅਜਿਹੇ ਕੈਂਪਾਂ ਜਰੀਏ ਲੋਕਾਂ ਦੇ ਕੰਮ ਉਨ੍ਹਾਂ ਦੇ ਪਿੰਡਾਂ ਵਿੱਚ ਹੀ ਹੋ ਰਹੇ ਹਨ ਜਿਸ ਨਾਲ ਉਨਾਂ ਦੇ ਸਮੇਂ ਤੇ ਪੈਸੇ ਦੀ ਬਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਕੈਂਪ ਦੌਰਾਨ ਵੀ ਬੇਟ ਇਲਾਕੇ ਦੇ ਲੋਕਾਂ ਨੇ ਲਾਭ ਉਠਾਇਆ ਹੈ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵੀ ਦੱਸਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ 5 ਅੰਡਰ ਟ੍ਰੇਨਿੰਗ ਆਈ.ਏ.ਐੱਸ. ਅਧਿਕਾਰੀਆਂ ਨੇ ਵੀ ਅਬਾਦ ਕੈਂਪ ਦੀ ਕਾਰਜ ਪ੍ਰਣਾਲੀ ਨੂੰ ਦੇਖਿਆ। ਇਸ ਮੌਕੇ ਐੱਸ.ਡੀ.ਐੱਮ ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਨਾਇਬ ਤਹਿਸੀਲਦਾਰ ਹਿਰਦੇਪਾਲ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਸ਼ਾਮ ਸਿੰਘ, ਡਿਪਟੀ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਸ੍ਰੀ ਜਿੰਦਰਪਾਲ ਸਿੰਘ, ਬਲਵਿੰਦਰ ਸਿੰਘ ਐੱਸ.ਡੀ.ਓ. ਲੋਕ ਨਿਰਮਾਣ ਵਿਭਾਗ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪਰਸ਼ੋਤਮ ਸਿੰਘ,ਬੀ.ਡੀ.ਪੀ.ਓ. ਕਾਹਨੂੰਵਾਨ ਕੁਲਵੰਤ ਸਿੰਘ ਤੋਂ ਇਲਾਵਾ ਇਲਾਕੇ ਦੇ ਮੋਹਤਬਰ ਵੀ ਹਾਜ਼ਰ ਸਨ।