ਡੇਰਾ ਬਾਬਾ ਨਾਨਕ, 13 ਅਪ੍ਰੈਲ : ਸੂਬੇ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਡੇਰਾ ਬਾਬਾ ਨਾਨਕ ਦੇ ਸਰਹੱਦੀ ਪਿੰਡਾਂ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਗਿਆ। ਸਿੱਖਿਆ ਮੰਤਰੀ ਅੱਜ ਸਵੇਰੇ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਹਰਦੋਰਵਾਲ ਦੇ ਸਰਕਾਰੀ ਸੀਨੀਅਰ ਸਕੈਂਡਰ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪਹੁੰਚੇ ਜਿਥੇ ਉਨ੍ਹਾਂ ਨੇ ਸਕੂਲ ਵਿੱਚ ਕਰਵਾਈ ਜਾ ਰਹੀ ਪੜ੍ਹਾਈ ਦਾ ਜਾਇਜਾ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਹਰਦੋਰਵਾਲ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਧਰਮਕੋਟ ਰੰਧਾਵਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦਾ ਦੌਰਾ ਵੀ ਕੀਤਾ। ਸਰਹੱਦੀ ਪੱਟੀ ਦੇ ਦੌਰੇ ਦੌਰਾਨ ਸਿੱਖਿਆ ਮੰਤਰੀ ਨੇ ਗੁੱਜਰਾਂ ਦੇ ਡੇਰਿਆਂ ’ਤੇ ਜਾ ਕੇ ਗੁੱਜਰਾਂ ਦੇ ਬੱਚਿਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਸਿੱਖਿਆ ਗ੍ਰਹਿਣ ਕਰਨ ਲਈ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦਿਲੀ ਇੱਛਾ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਆਲਮੀ ਪੱਧਰ ਦੇ ਸਕੂਲਾਂ ਵਿਚ ਸ਼ੁਮਾਰ ਕਰਨ ਦੀ ਹੈ ਅਤੇ ਮੈਂ ਇਸ ਸੁਪਨੇ ਨੂੰ ਹਕੀਕੀ ਰੂਪ ਵਿਚ ਪੂਰਾ ਕਰਨ ਲਈ ਕੱਲ ਤਰਨਤਾਰਨ ਜਿਲੇ ਅਤੇ ਅੱਜ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੀ ਸਰਹੱਦੀ ਪੱਟੀ ਦੇ ਸਕੂਲਾਂ ਦਾ ਦੌਰਾ ਕੀਤਾ ਹੈ। ਇਸ ਤੋਂ ਪਹਿਲਾਂ ਫਾਜ਼ਿਲਕਾ, ਫਿਰੋਜ਼ਪੁਰ ਦੇ ਸਕੂਲਾਂ ਦਾ ਦੌਰਾ ਕੀਤਾ ਸੀ, ਜਿਸ ਦੌਰਾਨ ਸਕੂਲਾਂ ਦੀ ਹਾਲਤ ਵੇਖਣ ਤੋਂ ਇਲਾਵਾ ਬੱਚਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ, ਜਿਸ ਵਿਚੋਂ ਸਥਿਤੀ ਪਾਣੀ ਵਾਂਗ ਸਾਫ ਹੋ ਗਈ ਹੈ ਕਿ ਇਸ ਇਲਾਕੇ ਦੇ ਸਰਕਾਰੀ ਸਕੂਲਾਂ ਵਿੱਚ ਪੜਾਈ ਅਤੇ ਮੁੱਢਲੇ ਢਾਂਚੇ ਵਿੱਚ ਵੱਡੇ ਸੁਧਾਰ ਕਰਨ ਦੀ ਲੋੜ ਹੈ। ਸਿੱਖਿਆ ਮੰਤਰੀ ਸ. ਬੈਂਸ ਨੇ ਕਿਹਾ ਕਿ ਸਕੂਲਾਂ ਦਾ ਦੌਰਾ ਕਰਕੇ ਕਈ ਜਮੀਨੀ ਹਕੀਕਤਾਂ ਤੋਂ ਜਾਣੂੰ ਹੋਇਆ ਹਾਂ ਅਤੇ ਹੁਣ ਮੇਰੀ ਕੋਸ਼ਿਸ਼ ਸਕੂਲਾਂ ਦਾ ਤਰਤੀਬਵਾਰ ਵਿਕਾਸ ਕਰਨ ਦੀ ਰਹੇਗੀ, ਤਾਂ ਕਿ ਸਕੂਲ ਬੱਚਿਆਂ ਦੀ ਹਰੇਕ ਲੋੜ ਨੂੰ ਪੂਰੀ ਕਰਕੇ ਉਸਦੀ ਸਮਰੱਥਾ ਨੂੰ ਨਿਖਾਰ ਸਕਣ। ਸ. ਬੈਂਸ ਨੇ ਕਿਹਾ ਕਿ ਮੈਂ ਸਕੂਲਾਂ ਦੇ ਨਤੀਜਿਆਂ ਅਤੇ ਨਵੇਂ ਦਾਖਲਿਆਂ ਉਤੇ ਬਹੁਤ ਧਿਆਨ ਕੇਂਦਰਤ ਕੀਤਾ ਹੈ ਅਤੇ ਇਨ੍ਹਾਂ ਮੁੱਦਿਆਂ ਕਾਰਨ ਹੀ ਸਾਰੇ ਜ਼ਿਲ੍ਹਿਆਂ ਦੇ ਸਕੂਲਾਂ ਦਾ ਦੌਰਾ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਮੈਂ ਸਕੂਲਾਂ ਦੇ ਦੌਰੇ ਜਮੀਨੀ ਹਕੀਕਤ ਜਾਣਨ ਲਈ ਲਗਾਤਾਰ ਕਰਦਾ ਰਹਾਂਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਮੇਰਾ ਧਿਆਨ ਸਿੱਖਿਆ ਉਤੇ ਹੀ ਹੈ ਅਤੇ ਜਲਦੀ ਸਕੂਲਾਂ ਵਿੱਚ 3000 ਨਵੇਂ ਕਮਰੇ ਅਤੇ 117 ਸਕੂਲ ਆਫ ਐਮੀਨੈਂਸ ਬਣਾ ਦਿਤੇ ਜਾਣਗੇ। ਉਨ੍ਹਾਂ ਸਪੱਸਟ ਕੀਤਾ ਕਿ ਨਿੱਜੀ ਸਕੂਲਾਂ ਦੀਆਂ ਵਧੀਕੀਆਂ ਖਿਲਾਫ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਕਰੀਬ ਤਿੰਨ ਹਜਾਰ ਸ਼ਿਕਾਇਤਾਂ ਮਿਲੀਆਂ ਹਨ ਅਤੇ 100 ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਇਸ ਮੌਕੇ ਸਿੱਖਿਆ ਮੰਤਰੀ ਦੇ ਨਾਲ ਜਿਲ੍ਹਾ ਸਿੱਖਿਆ ਅਧਿਕਾਰੀ ਸ. ਅਮਰਜੀਤ ਸਿੰਘ ਭਾਟੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।