- ਹੁਣ ਕਿਸਾਨ ਵੀਰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਾ ਲਾਭ ਲੈਣ ਲਈ 15 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ
ਤਰਨ ਤਾਰਨ, 02 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਰਾਸ਼ੀ ਲਈ ਅਪਲਾਈ ਕਰਨ ਦੀ ਮਿਤੀ ਵਿਚ ਵਾਧਾ ਕਰਦਿਆਂ ਆਖਰੀ ਮਿਤੀ 15 ਜੁਲਾਈ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਹੁਣ ਕਿਸਾਨ ਵੀਰ 15 ਜੁਲਾਈ 2024 ਤੱਕ ਆਨਲਾਈਨ ਪੋਰਟਲ https://agrimachinerypb.com/home/ DSR23Department ’ਤੇ ਰਜਿਸਟ੍ਰਡ ਹੋ ਕੇ ਇਸ ਦਾ ਲਾਭ ਉਠਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2024-25 ਦੌਰਾਨ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ ਉਕਤ ਲਿੰਕ ‘ਤੇ ਆਪਣਾ ਅਧਾਰ ਕਾਰਡ ਨੰਬਰ ਅਤੇ ਜ਼ਮੀਨ ਸਬੰਧੀ ਜਾਣਕਾਰੀ ਪੋਰਟਲ ‘ਤੇ ਭਰਨ ਉਪਰੰਤ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਪੋਰਟਲ ‘ਤੇ ਅਪਲਾਈ ਕਰਨ ਲਈ ਕਿਸਾਨਾਂ ਨੂੰ ਆਪਣੀ ਜ਼ਮੀਨ ਦੇ ਖੇਵਟ ਨੰਬਰ/ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ ਦੇਣੀ ਹੋਵੇਗੀ। ਕਿਸਾਨ ਵੱਲੋਂ ਇਸ ਪੋਰਟਲ ’ਤੇ ਰਜਿਸਟ੍ਰਡ ਹੋਣ ਤੋਂ ਬਾਅਦ ਹੀ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕੀਤੇ ਗਏ ਰਕਬੇ ਦਾ ਸਬੰਧਿਤ ਵਿਭਾਗ ਵੱਲੋਂ ਦੌਰਾ ਕਰਕੇ ਤਸਦੀਕ ਕੀਤਾ ਜਾਵੇਗਾ। ਤਸਦੀਕ ਹੋਣ ਤੋਂ ਬਾਅਦ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਪ੍ਰੋਤਸ਼ਾਹਨ ਰਾਸ਼ੀ ਦੀ ਸਿੱਧੀ ਅਦਾਇਗੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਤੀ ਏਕੜ 1500 ਰੁਪਏ ਦੀ ਪ੍ਰੋਤਸਾਹਿਤ ਰਾਸੀ ਪ੍ਰਾਪਤ ਕਰਨ ਲਈ ਵੱਧ ਤੋਂ ਵੱਧ ਆਪਣੀ ਆਨਲਾਈਨ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਵਾਉਣ ਤੇ ਜੇਕਰ ਪੋਰਟਲ ਤੇ ਅਪਲਾਈ ਕਰਨ ਸਮੇਂ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਜਾਂ ਖੇਤੀਬਾੜੀ ਦਫਤਰ ਨਾਲ ਸੰਪਰਕ ਕਰ ਸਕਦੇ ਹਨ।