- ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ 1500 ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ ਦੀ ਕੀਤੀ ਜਾਵੇਗੀ ਸਿੱਧੀ ਅਦਾਇਗੀ
ਤਰਨ ਤਾਰਨ, 19 ਜੂਨ 2024 : ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦੇ ਕੀਤੇ ਐਲਾਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪੋਰਟਲ ’ਤੇ ਰਜਿਸਟਰਡ ਹੋ ਰਹੇ ਹਨ। ਪ੍ਰੰਤੂ ਕੁਝ ਕਿਸਾਨਾਂ ਵੱਲੋਂ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਦੇ ਬਾਵਜੂਦ ਵੀ ਅਜੇ ਤੱਕ ਆਪਣੀ ਜਾਣਕਾਰੀ ਪੋਰਟਲ ’ਤੇ ਅਪਲੋਡ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਿਸਾਨ ਵੀਰ 30 ਜੂਨ 2024 ਤੱਕ ਆਨਲਾਈਨ https://agrimachinerypb.com/home/DSR23Department ਪੋਰਟਲ ’ਤੇ ਰਜਿਸਟ੍ਰਡ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ https://agrimachinerypb.com/home/DSR23Department ਲਿੰਕ ਖੋਲ੍ਹ ਕੇ ਆਪਣਾ ਅਧਾਰ ਕਾਰਡ ਨੰਬਰ ਅਤੇ ਜ਼ਮੀਨ ਸਬੰਧੀ ਜਾਣਕਾਰੀ ਪੋਰਟਲ ‘ਤੇ ਭਰਨ ਉਪਰੰਤ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਹਨਾਂ ਕਿਹਾ ਕਿ ਪੋਰਟਲ ‘ਤੇ ਅਪਲਾਈ ਕਰਨ ਲਈ ਕਿਸਾਨ ਨੂੰ ਆਪਣੀ ਜ਼ਮੀਨ ਦੇ ਖੇਵਟ ਨੰਬਰ/ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ ਦੇਣੀ ਹੋਵੇਗੀ। ਕਿਸਾਨ ਵੱਲੋਂ ਇਸ ਪੋਰਟਲ ’ਤੇ ਰਜਿਸਟ੍ਰਡ ਹੋਣ ਤੋਂ ਬਾਅਦ ਹੀ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕੀਤੇ ਗਏ ਰਕਬੇ ਦਾ ਸਬੰਧਿਤ ਵਿਭਾਗ ਵੱਲੋਂ ਦੌਰਾ ਕਰਕੇ ਤਸਦੀਕ ਕੀਤਾ ਜਾਵੇਗਾ। ਤਸਦੀਕ ਹੋਣ ਤੋਂ ਬਾਅਦ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਪ੍ਰੋਤਸ਼ਾਹਨ ਰਾਸ਼ੀ ਦੀ ਸਿੱਧੀ ਅਦਾਇਗੀ ਕੀਤੀ ਜਾਵੇਗੀ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਤੀ ਏਕੜ 1500 ਰੁਪਏ ਦੀ ਪ੍ਰੋਤਸਾਹਿਤ ਰਾਸ਼ੀ ਪ੍ਰਾਪਤ ਕਰਨ ਲਈ ਵੱਧ ਤੋਂ ਵੱਧ ਆਪਣੀ ਆਨਲਾਈਨ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਵਾਉਣ ਤੇ ਜੇਕਰ ਪੋਰਟਲ ‘ਤੇ ਅਪਲਾਈ ਕਰਨ ਸਮੇਂ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਫਿਰ ਮੋਬਾਇਲ ਨੰਬਰ 95010-30016 ਤੇ ਵੀ ਸੰਪਰਕ ਕਰ ਸਕਦੇ ਹਨ।