ਬਿਆਸ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਹਿਮਾਚਲ ਦੌਰੇ 'ਤੇ ਪਹੁੰਚ ਰਹੇ ਹਨ, ਇਸ ਤੋਂ ਪਹਿਲਾਂ ਉਹ ਪੰਜਾਬ 'ਚ ਅੰਮ੍ਰਿਤਸਰ ਦੇ ਬਿਆਸ ਸਥਿਤ ਰਾਧਾ ਸੁਆਮੀ ਡੇਰੇ 'ਚ ਵੀ ਸ਼ਿਰਕਤ ਕਰਨਗੇ ਅਤੇ ਡੇਰਾ ਮੁਖੀ ਨੂੰ ਮਿਲਣਗੇ, ਪਰ ਕਿਸਾਨਾਂ ਨੇ ਇਸ ਦਾ ਵਿਰੋਧ ਕਰਨ ਦਾ ਮਨ ਬਣਾ ਲਿਆ ਹੈ। ਪ੍ਰਧਾਨ ਮੰਤਰੀ ਦੇ ਬਿਆਸ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਆਪਣਾ ਮੋਰਚਾ ਖੋਲ੍ਹ ਦਿੱਤਾ ਹੈ ਤੇ ਉਨ੍ਹਾਂ ਡੇਰਾ ਮੁਖੀ ਨੂੰ ਪ੍ਰਧਾਨ ਮੰਤਰੀ ਨੂੰ ਨਾ ਮਿਲਣ ਦੀ ਅਪੀਲ ਕੀਤੀ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਕਿਸਾਨ ਤੇ ਪੱਤਰਕਾਰ ਦੇ ਕਤਲ ਕੇਸ ਵਿੱਚ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਪ੍ਰਧਾਨ ਮੰਤਰੀ 'ਤੇ ਲਖੀਮਪੁਰ ਖੀਰੀ 'ਚ ਕੇਂਦਰੀ ਮੰਤਰੀ ਦੇ ਪੁੱਤਰ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਦਾ ਇਲਜ਼ਾਮ ਵੀ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ। ਇਸ ਨੂੰ ਲੈ ਕੇ ਕਿਸਾਨਾਂ ਵਿੱਚ ਪ੍ਰਧਾਨ ਮੰਤਰੀ ਖ਼ਿਲਾਫ਼ ਭਾਰੀ ਰੋਸ ਹੈ। ਕਿਸਾਨ ਆਗੂ ਦਾ ਕਹਿਣਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਵੀ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਹੋਏ। ਜਦੋਂ ਵੀ ਪ੍ਰਧਾਨ ਮੰਤਰੀ ਪੰਜਾਬ ਆਉਣਗੇ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਦੇ ਨਾਲ-ਨਾਲ ਕਿਸਾਨਾਂ ਨੇ ਪੰਜਾਬ ਦੇ ਡੇਰਿਆਂ ਅਤੇ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ਵਿੱਚ ਨਹੀਂ ਹਨ।