- ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ
ਗੁਰਦਾਸਪੁਰ, 7 ਮਈ : ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਦਾ ਅੰਕੜਾ 6 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 604070 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 603118 ਮੀਟਿ੍ਰਕ ਟਨ ਕਣਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖਰੀਦੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚ ਪਹੁੰਚੀ ਲਗਭਗ ਸਾਰੀ ਕਣਕ ਦੀ ਫਸਲ ਖਰੀਦ ਲਈ ਗਈ ਹੈ। ਉਨਾਂ ਦੱਸਿਆ ਕਿ ਗੁਰਦਾਸਪੁਰ ਜ਼ਿਲੇ ’ਚ 166186 ਮੀਟਿ੍ਰਕ ਟਨ ਕਣਕ ਦੀ ਖਰੀਦ ਨਾਲ ਸਰਕਾਰੀ ਏਜੰਸੀ ਪਨਗ੍ਰੇਨ ਸਭ ਤੋਂ ਮੋਹਰੀ ਬਣੀ ਹੋਈ ਹੈ। ਇਸੇ ਤਰਾਂ ਸਰਕਾਰੀ ਖਰੀਦ ਏਜੰਸੀ ਮਾਰਕਫੈਡ ਨੇ 142519 ਮੀਟਿ੍ਰਕ ਟਨ, ਪਨਸਪ ਵੱਲੋਂ 142187 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 133515 ਮੀਟਿ੍ਰਕ ਟਨ ਅਤੇ ਐੱਫ.ਸੀ.ਆਈ ਵੱਲੋਂ 18711 ਮੀਟਿ੍ਰਕ ਟਨ ਕਣਕ ਦੀ ਫਸਲ ਖਰੀਦੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਖਰੀਦੀ ਗਈ ਕਣਕ ਦੀ ਲਿਫਟਿੰਗ ਕਰਕੇ ਗੁਦਾਮਾਂ ਵਿੱਚ ਪਹੁੰਚਾਇਆ ਜਾਵੇ ਜਿਸ ਤਹਿਤ ਲਿਫਟਿੰਗ ਦੇ ਕੰਮ ਵਿੱਚ ਵੀ ਤੇਜ਼ੀ ਆਈ ਹੈ। ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ 404453 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਕਰ ਲਈ ਗਈ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਕਿਸਾਨਾਂ ਵੱਲੋਂ ਮੰਡੀਆਂ ’ਚ ਲਿਆਂਦੀ ਕਣਕ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਖਰੀਦ ਪ੍ਰਕਿਰਿਆ ਮੁਕੰਮਲ ਹੋਣ ਤੱਕ ਕਿਸੇ ਵੀ ਕਿਸਾਨ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।