- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਨਤਾ ਦੀਆਂ ਮੁਸ਼ਕਲਾਂ ਸੁਣੀਆਂ
ਕਾਦੀਆਂ, 16 ਜੂਨ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਕਲਾਸਵਾਲਾ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਕਾਦੀਆਂ ਵਿਖੇ ਮਿਸ਼ਨ `ਅਬਾਦ` ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵਿਸ਼ੇਸ਼ ਤੌਰ `ਤੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਗਿਆ। ਅੱਜ ਦੇ ਅਬਾਦ ਕੈਂਪ ਵਿੱਚ 325 ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਆਪਣੇ ਵਿਭਾਗ ਨਾਲ ਸਬੰਧਤ ਸੇਵਾਵਾਂ ਯੋਗ ਲਾਭਪਾਤਰੀਆਂ ਨੂੰ ਦਿੱਤੀਆਂ ਗਈਆਂ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਿਸ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਕੈਂਪ ਵਿੱਚ ਆਏ ਵਿਅਕਤੀਆਂ ਦੀ ਮੁੱਢਲੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਬਾਦ ਕੈਂਪਾਂ ਅਤੇ ਜਨ-ਸੁਣਵਾਈ ਕੈਂਪਾਂ ਜਰੀਏ ਪਿੰਡਾਂ ਤੇ ਸ਼ਹਿਰਾਂ ਵਿੱਚ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਦੇ ਨਾਲ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਹਜ਼ਾਰਾਂ ਲੋਕ ਅਜਿਹੇ ਕੈਂਪਾਂ ਦਾ ਲਾਭ ਉਠਾ ਚੁੱਕੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਕੈਂਪਾਂ ਦੌਰਾਨ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ, ਲੋਕ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਓਥੇ ਲੋਕਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਖਿਲਾਫ ਵੀ ਲਾਮਬੱਧ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦੇ ਕੈਂਪ ਦੌਰਾਨ ਵੀ ਲੋਕਾਂ ਦੇ ਕੰਮ ਏਥੇ ਹੀ ਹੋ ਗਏ ਹਨ ਜਿਸ ਨਾਲ ਉਨ੍ਹਾਂ ਦੇ ਸਮੇਂ ਤੇ ਪੈਸੇ ਦੀ ਬਚਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ `ਤੇ ਹੱਲ ਕਰਨ ਲਈ ਵਚਨਬੱਧ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਅਭਿਸ਼ੇਕ ਵਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ. ਅਮਰਜੀਤ ਸਿੰਘ ਭਾਟੀਆ, ਮੁੱਖ ਖੇਤੀਬਾੜੀ ਅਫ਼ਸਰ ਸ. ਕ੍ਰਿਪਾਲ ਸਿੰਘ ਢਿਲੋਂ, ਈ.ਓ. ਨਗਰ ਕੌਂਸਲ ਕਾਦੀਆਂ, ਬੀ.ਡੀ.ਪੀ.ਓ. ਕਾਦੀਆਂ ਤੋਂ ਇਲਾਵਾ ਹੋਰ ਅਧਿਕਾਰੀ ਤੇ ਇਲਾਕੇ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ।