- ਡਿਪਟੀ ਕਮਿਸ਼ਨਰ ਨੇ ਸਵੇਰੇ 7:30 ਵਜੇ ਪਹੁੰਚ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਣੇ ਦਫ਼ਤਰਾਂ ਦੀ ਕੀਤੀ ਚੈਕਿੰਗ
ਤਰਨ ਤਾਰਨ, 2 ਮਈ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਇੱਕ ਕ੍ਰਾਂਤੀਕਾਰੀ ਫੈਸਲੇ ਅਨੁਸਾਰ ਦਫ਼ਤਰਾਂ ਦੇ ਸਮੇਂ ਵਿਚ ਕੀਤੇ ਬਦਲਾਅ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਦਫ਼ਤਰ ਅੱਜ ਸਵੇਰੇ 7:30 ਵਜੇ ਖੁੱਲ੍ਹ ਗਏ। ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਰਿਸ਼ੀਪਾਲ ਸਿੰਘ ਅੱਜ ਸਵੇਰੇ 7:30 ਵਜੇ ਆਪਣੇ ਦਫ਼ਤਰ ਪਹੁੰਚੇ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਣੇ ਦਫ਼ਤਰਾਂ ‘ਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰਿਸ਼ੀਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਸਰਕਾਰੀ ਦਫ਼ਤਰਾਂ ਦਾ ਸਮਾਂ ਹੁਣ ਸਵੇਰੇ 7:30 ਵਜੇ ਤੋਂ ਬਾਅਦ ਦੁਪਹਿਰ 02 ਵਜੇ ਤੱਕ ਦਾ ਕੀਤਾ ਗਿਆ ਹੈ। ਇਸ ਕਾਰਨ ਲੋਕਾਂ ਨੂੰ ਬਾਅਦ ਦੁਪਹਿਰ ਦੀ ਗਰਮੀ ਤੋਂ ਪਹਿਲਾਂ-ਪਹਿਲਾਂ ਸਰਕਾਰੀ ਸੇਵਾਵਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਅਤੇ ਲੋਕ ਗਰਮੀ ਵੱਧਣ ਤੱਕ ਵਾਪਸ ਆਪਣੇ ਘਰਾਂ ਤੱਕ ਜਾ ਸਕਦੇ ਹਨ। ਉਹਨਾਂ ਕਿਹਾ ਕਿ ਇਸ ਨਾਲ ਰਾਜ ਦੀ ਊਰਜਾ ਦੀ ਵੀ ਬੱਚਤ ਹੋਵੇਗੀ ਜਦ ਕਿ ਸਰਕਾਰੀ ਕਰਮਚਾਰੀਆਂ ਨੇ ਵੀ ਸਰਕਾਰ ਦੇ ਇਸ ਫੈਸਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਦਫ਼ਤਰਾਂ ਦੇ ਕੰਮਕਾਜ ਦੀ ਉਤਪਾਦਕਤਾ ਵਿਚ ਵਾਧਾ ਹੋਵੇਗਾ। ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਦਫ਼ਤਰਾਂ ਵਿਚ ਆਪਣੇ ਕੰਮਕਾਜ ਲਈ ਸਵੇਰੇ 7:30 ਵਜੇ ਤੋਂ ਬਾਅਦ ਦੁਪਹਿਰ 02 ਵਜੇ ਤੱਕ ਪਹੁੰਚਣ। ਉਹਨਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਦਾ ਇਹ ਸਮਾਂ 15 ਜੁਲਾਈ, 2023 ਤੱਕ ਲਾਗੂ ਰਹੇਗਾ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਹੈ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਪਹਿਲਾਂ ਦੀ ਤਰ੍ਹਾਂ ਸਵੇਰੇ 09 ਤੋਂ ਸ਼ਾਮ 05 ਵਜੇ ਤੱਕ ਹੋਵੇਗਾ। ਸੇਵਾ ਕੇਂਦਰ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲ੍ਹੇ ਰਹਿੰਦੇ ਹਨ।