ਗੁਰਦਾਸਪੁਰ, 20 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੀ ਸੰਗਤ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਯਾਤਰਾ ‘ਤੇ ਤਿੰਨ ਦਿਨਾਂ ਲਈ ਆਰਜ਼ੀ ਤੌਰ ‘ਤੇ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰਾਵੀ ਦਰਿਆ ਤੋਂ ਪਾਰ ਹੈ ਅਤੇ ਇਸ ਸਮੇਂ ਦਰਿਆ ਰਾਵੀ ਅਤੇ ਵੇਈਂ ਵਿੱਚ ਪਾਣੀ ਦਾ ਪੱਧਰ ਵਧਿਆ ਹੋਇਆ ਹੈ, ਜਿਸ ਕਾਰਨ ਅਜਿਹੇ ਹਾਲਤ ਵਿੱਚ ਯਾਤਰਾ ਕਰਨੀ ਸੁਰਿੱਖਆ ਦੇ ਪੱਖ ਤੋਂ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੱਧਰ ’ਤੇ ਪਾਕਿਸਤਾਨੀ ਅਥਾਰਟੀ ਕੋਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਰਸਤੇ ਵਿੱਚ ਰਾਵੀ ਦੇ ਪਾਣੀ ਦੀ ਰਿਪੋਰਟ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਹੇਠਾਂ ਆਉਣ ’ਤੇ ਤਿੰਨ ਦਿਨ ਬਾਅਦ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਜਾਵੇਗੀ। ਡੇਰਾ ਬਾਬਾ ਨਾਨਕ ਸਰਹੱਦ ਕੋਲ ਦਰਸ਼ਨ ਸਥੱਲ ਕੋਲ ਆਏ ਰਾਵੀ ਦਰਿਆ ਦੇ ਪਾਣੀ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਕਿਸੇ ਨੂੰ ਵੀ ਕੋਈ ਘਬਰਾਉਣ ਦੀ ਲੋੜ ਨਹੀਂ ਹੈ, ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਦਰਿਆ ਰਾਵੀ ਦੇ ਨਜ਼ਦੀਕ ਨਾ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।