- ਸਖ਼ਤ ਮਿਹਨਤ ਅਤੇ ਸਮਰਪਣ ਨਾਲ ਡਿਊਟੀ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਦਾ ਕੀਤਾ ਧੰਨਵਾਦ
- ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ 66.67 ਫ਼ੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਹੱਕ ਦੀ ਵਰਤੋਂ ਕੀਤੀ
ਬਟਾਲਾ, 2 ਜੂਨ : ਡਾ ਸ਼ਾਇਰੀ ਭੰਡਾਰੀ, ਐਸਡੀਐਮ ਬਟਾਲਾ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟਰਾਂ ਵੱਲੋਂ ਵੋਟਿੰਗ ਪ੍ਰਕਿਰਿਆ 'ਚ ਦਿਖਾਇਆ ਗਿਆ ਉਤਸ਼ਾਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਦੌਰਾਨ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਸਾਰਿਆਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜਿਸ ਸਦਕਾ ਸਮੁੱਚੀ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਢੰਗ ਨਾਲ ਮੁਕੰਮਲ ਹੋ ਗਈ ਹੈ।ਉਨ੍ਹਾਂ ਪੋਲਿੰਗ ਅਫ਼ਸਰਾਂ, ਸੁਰੱਖਿਆ ਕਰਮੀਆਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ, ਵਚਨਬੱਧਤਾ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ। ਦੱਸਣਯੋਗ ਹੈ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ 66.67 ਫ਼ੀਸਦੀ ਵੋਟਰਾਂ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਹੈ। ਵਿਧਾਨ ਸਭਾ ਹਲਕਾ ਸੁਜਾਨਪੁਰ ਵਿੱਚ 73,71 ਫ਼ੀਸਦੀ ਪੋਲਿੰਗ ਹੋਈ ਜਦਕਿ ਵਿਧਾਨ ਸਭਾ ਹਲਕਾ ਭੋਆ (ਰਿਜ਼ਰਵ) ਵਿੱਚ 71.21 ਫ਼ੀਸਦੀ, ਵਿਧਾਨ ਸਭਾ ਹਲਕਾ ਪਠਾਨਕੋਟ ਵਿੱਚ 70.16 ਫ਼ੀਸਦੀ, ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ 64.35 ਫ਼ੀਸਦੀ, ਵਿਧਾਨ ਸਭਾ ਹਲਕਾ ਦੀਨਾਨਗਰ (ਰਿਜ਼ਰਵ) ਵਿੱਚ 66 ਫ਼ੀਸਦੀ, ਵਿਧਾਨ ਸਭਾ ਹਲਕਾ ਕਾਦੀਆਂ ਵਿੱਚ 65.33 ਫ਼ੀਸਦੀ, ਵਿਧਾਨ ਸਭਾ ਹਲਕਾ ਬਟਾਲਾ ਵਿੱਚ 59.82 ਫ਼ੀਸਦੀ, ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਚੂੜੀਆਂ ਵਿੱਚ 65.67 ਫ਼ੀਸਦੀ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ 65.30 ਫ਼ੀਸਦੀ ਪੋਲਿੰਗ ਹੋਈ ਹੈ।