ਬਟਾਲਾ, 9 ਸਤੰਬਰ 2024 : ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ 10 ਸਤੰਬਰ ਨੂੰ ਮਨਾਏ ਜਾ ਰਹੇ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਵਿਖੇ ਵਿਆਹ ਪੁਰਬ ਸਮਾਗਮ ਮਨਾਉਣ ਦਾ ਸੁਭਾਗ ਮਿਲਿਆ ਹੈ। ਉਨਾਂ ਕਿਹਾ ਕਿ ਗੁਰੂ ਜੀ ਦੀ ਮਿਹਰ ਅਤੇ ਲੋਕਾਂ ਵਲੋਂ ਦਿੱਤੇ ਗਏ ਪਿਆਰ ਸਦਕਾ ਉਨਾਂ ਨੂੰ ਧਾਰਮਿਕ ਤੇ ਇਤਿਹਾਸਕ ਧਰਤੀ ਬਟਾਲਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਵੀ ਗੁਰੂ ਨਾਨਕ ਨਾਮ ਲੇਵ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ ਗਈ ਹੈ। ਉਨਾਂ ਨੇ ਅੱਗੇ ਦੱਸਿਆ ਕਿ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆ ਰਹੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ ਤੇ ਪੰਜਾਬ ਸਰਕਾਰ ਦੇ ਵੱਖ-ਵੱਖ ਕੈਬਨਿਟ ਮੰਤਰੀਆਂ ਵਲੋਂ ਸ਼ਾਮ ਨੂੰ ਨਗਰ ਕੀਰਤਨ ਦਾ ਸਵਾਗਤ ਅਤੇ ਸੰਗਤਾਂ ਦੇ ਦਰਸ਼ਨ ਕੀਤੇ ਜਾਣਗੇ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਵਿਆਹ ਪੁਰਬ ਮੌਕੇ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤੇ ਸ਼ਹਿਰ ਨੂੰ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਵਿਆਹ ਪੁਰਬ ਸਮਾਗਮਾਂ ਵਿਚ ਪੂਰੇ ਉਤਸ਼ਾਹ ਨਾਲ ਸ਼ਿਰਕਤ ਕਰਨ ਅਤੇ ਪ੍ਰਸ਼ਾਸਨ ਨਾਲ ਪੂਰਨ ਸਹਿਯੋਗ ਕੀਤਾ ਜਾਵੇ।