ਬਟਾਲਾ, 9 ਸਤੰਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਬਟਾਲਾ ਸ਼ਹਿਰ ਵਿਖੇ ਮਾਤਾ ਸੁਲੱਖਣੀ ਜੀ ਨਾਲ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਦੇ ਅਸਥਾਨ ਵਿਖੇ ਵਿਆਹ ਹੋਇਆ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪਾਵਨ ਚਰਨ ਪੈਣ ਨਾਲ ਬਟਾਲਾ ਧਰਤੀ ਪੂਜਣਯੋਗ ਬਣ ਗਈ ਅਤੇ ਅੱਜ ਦੁਨੀਆਂ ਭਰ ਦੇ ਲੋਕ ਬਟਾਲਾ ਸ਼ਹਿਰ ਵਿਖੇ ਗੁਰੂ ਸਾਹਿਬ ਦੇ ਵਿਆਹ ਅਸਥਾਨ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕਰਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਆਹ ਪੁਰਬ ਮੌਕੇ ਸੰਗਤਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸਮੁੱਚੇ ਬਟਾਲਾ ਸ਼ਹਿਰ ਨੂੰ ਸ਼ਾਨਾਰ ਢੰਗ ਨਾਲ ਸਜਾਇਆ ਗਿਆ ਤੇ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਆਵਾਜਾਈ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵਿਆਹ ਪੁਰਬ ਸਮਾਗਮ ਦੌਰਾਨ ਪ੍ਰਸ਼ਾਸਨ ਨਾਲ ਪੂਰਨ ਸਹਿਯੋਗ ਕਰਨ।