ਬਟਾਲਾ, 23 ਅਗਸਤ 2024 : ਨਗਰ ਨਿਗਮ ਬਟਾਲਾ ਵਲੋਂ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਮੁਹਿੰਮ ਵਿੱਢੀ ਗਈ ਹੈ, ਜਿਸਦੇ ਚਲਦਿਆਂ ਅੱਜ ਨਗਰ ਨਿਗਮ ਦੀ ਟੀਮ ਵਲੋਂ ਸਿਵਲ ਹਸਪਤਾਲ ਦੀ ਟੀਮ ਨਾਲ ਮਿਲ ਕੇ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ’ਤੇ ਖੜ੍ਹੇ ਪਾਣੀ ਵਿਚ ਡੇਂਗੂ ਦਾ ਲਾਰਵਾ ਮਿਲਣ ’ਤੇ 4 ਚਲਾਨ ਕੱਟੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਡਾ. ਸਾਇਰੀ ਭੰਡਾਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਸ਼ਹਿਰ ਅੰਦਰ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਨਗਰ ਨਿਗਮ ਦੀਆਂ ਟੀਮਾਂ ਵਲੋਂ ਲੋਕਾਂ ਨੂੰ ਡੇਂਗੂ ਵਿਰੁੱਧ ਅਤੇ ਹਰ ਹਫ਼ਤੇ ਡਰਾਈ ਡੇਅ ਮਨਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਟੀਮਾਂ ਵਲੋਂ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਚਲਾਨ ਕੱਟੇ ਜਾ ਰਹੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਹੈ ਕਿ ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਸਾਵਧਾਨੀਆਂ ਵਰਤਣ। ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ਼ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਗੱਲ ਕਰਦਿਆਂ ਸੈਨੇਟਰੀ ਇੰਸਪੈਕਟਰ ਵਿਕਾਸ ਵਾਸੂਦੇਵ ਨੇ ਦੱਸਿਆ ਕਿ ਵਿਸ਼ਵਕਰਮਾ ਰੋਡ, ਲੱਲੀਆਂ ਵਾਲੀ ਗਲੀ, ਕਾਹਨੂੰਵਾਨ ਰੋਡ ਦੇ ਖੇਤਰ ਵਿੱਚ ਕੂਲਰ ਤੇ ਫਰਿਜ਼ ਵਿਚੋਂ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਦਾ ਲਾਰਵਾ ਪਾਇਆ ਗਿਆ ਤੇ ਨਗਰ ਨਿਗਮ ਤੇ ਸਿਹਤ ਵਿਭਾਗ ਦੀ ਟੀਮ ਵਲੋਂ ਚਾਰ ਚਲਾਨ ਕੱਟੇ ਗਏ।