ਅੰਮ੍ਰਿਤਸਰ, 27 ਦਸੰਬਰ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੌਰਾਨ ਬੈਂਡ ਅਤੇ ਗਤਕਾ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਗੁਰੂ ਜਸ ਗਾਇਨ ਕੀਤਾ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚੌਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਜੌੜਾ ਪਿੱਪਲ, ਚੌਂਕ ਲਛਮਣਸਰ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਸਾਹਿਬ ਵਿਖੇ ਸੰਪੂਰਨ ਹੋਇਆ। ਨਗਰ ਕੀਰਤਨ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ. ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਲਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਸਤਨਾਮ ਸਿੰਘ ਰਿਆੜ, ਸ. ਸੁਖਰਾਜ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਜਸਪਾਲ ਸਿੰਘ ਢੱਡੇ, ਸ. ਨਿਸ਼ਾਨ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ ਗਈ।