- ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਦਿੱਤੇ ਦਿਸ਼-ਨਿਰਦੇਸ਼
ਬਟਾਲਾ, 30 ਜੁਲਾਈ : ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਦੇਣ ਅਤੇ ਸਮੱਸਿਆਵਾਂ ਹੱਲ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਵਿੱਚ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅੱਜ ਸਵੱਖਤੇ ਲੋਕ ਮਿਲਣੀ ਪਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਚੇਅਰਮੈਨ ਨਰੇਸ਼ ਗੋਇਲ ਵੀ ਮੋਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ ਵਚਨਬੱਧ ਹਨ ਅਤੇ ਹਲਕਾ ਵਾਸੀਆਂ ਨੇ ਜੋ ਵਿਸ਼ਵਾਸ ਉਨਾਂ ਉੱਪਰ ਕੀਤਾ ਹੈ, ਉਸ ਉੱਪਰ ਉਹ ਖਰ੍ਹਾ ਉੱਤਰਨਗੇ। ਉਨ੍ਹਾਂ ਕਿਹਾ ਕਿ ਉਹ ਹਲਕਾ ਵਾਸੀਆਂ ਦੀਆਂ ਦਰਪੇਸ਼ ਮੁਸ਼ਕਿਲਾਂ ਸੁਣਕੇ ਹੱਲ ਕਰਵਾਉਣ ਦੇ ਨਾਲ ਹਲਕੇ ਅੰਦਰ ਮੁੱਢਲੇ ਵਿਕਾਸ ਕੰਮ ਤੇਜ਼ਗਤੀ ਨਾਲ ਕਰਵਾਏ ਜਾ ਰਹੇ ਹਨ ਤੇ ਵਿਕਾਸ ਕਾਰਜਾਂ ਵਿੱਚ ਕੋਈ ਢਿੱਲਮੱਠ ਨਹੀਂ ਵਰਤੀ ਜਾਵੇਗੀ। ਉਨਾਂ ਕਿਹਾ ਕਿ ਜਿਥੇ ਵਿਕਾਸ ਕਾਰਜ ਚੱਲ ਰਹੇ ਹਨ, ਓਥੇ ਸਬੰਧਤ ਵਿਭਾਗ ਨੂੰ ਕੰਮ ਦੀ ਗੁਣਵੱਤਾ ਤੇ ਮਿਆਰੀ ਕੰਮ ਕਰਨ ਲਈ ਸਖ਼ਤ ਹਦਾਇਤ ਕੀਤੀ ਗਈ ਹੈ। ਉਨਾਂ ਅੱਗੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਪਿਛਲੇ ਕਈ ਸਾਲਾਂ ਤੋਂ ਜਿਨਾਂ ਕੰਮਾਂ ਦੀ ਲੋਕ ਉਡੀਕ ਕਰ ਰਹੇ ਸਨ, ਉਹ ਮੁਕੰਮਲ ਕੀਤੇ ਗਏ ਹਨ। ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਸ਼ਹਿਰ ਬਟਾਲਾ ਦੇ ਐਂਟਰੀ ਪੁਆਇੰਟਾਂ ਤੇ ਸ਼ਾਨਦਾਰ ਗੇਟਾਂ ਦੀ ਉਸਾਰੀ ਕਰਵਾਈ ਜਾਵੇਗੀ ਅਤੇ ਸ਼ਹਿਰ ਵਿਚਲੇ ਪ੍ਰਮੁੱਖ ਚੌਕਾਂ ਨੂੰ ਸੁੰਦਰ ਬਣਾਇਆ ਜਾ ਰਿਹਾ ਹੈ। ਸ਼ਹਿਰ ਅੰਦਰ ਸਫਾਈ ਵਿਵਸਥਾ ਰੱਖਣ ਸਮੇਤ ਵੱਖ-ਵੱਖ ਵਿਕਾਸ ਕੰਮਾਂ ਲਈ ਕਾਰਪੋਰੇਸ਼ਨ ਬਟਾਲਾ ਵਲੋਂ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ਼ਹਿਰ ਦੀ ਅਮੀਰ ਵਿਰਾਸਤ ਸੰਭਾਲਣ ਲਈ ਯਤਨ ਕੀਤੇ ਗਏ ਹਨ । ਗਾਂਧੀ ਚੋਂਕ ਤੋਂ ਹੰਸਲੀ ਪੁਲ ਦੇ ਬਾਜ਼ਾਰ ਵੱਲ ਨੂੰ ਨਵੀਂ ਸ਼ਾਨਦਾਰ ਸਟਰੀਟ ਲਾਈਟਸ ਲਗਾਈਆਂ ਗਈਆਂ ਹਨ। ਸ਼ਹਿਰ ਅੰਦਰ ਖੂਬਸੂਰਤ ਪਾਰਕ ਉਸਾਰੇ ਜਾ ਰਹੇ ਹਨ। ਸ਼ਹਿਰ ਅੰਦਰ ਉਸਾਰੀਆਂ ਯਾਦਗਾਰਾਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤੇ ਇਸ ਬਾਬਤ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ।