ਬਟਾਲਾ, 3 ਨਵੰਬਰ : ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰ ਵੱਲੋਂ ਕਈ ਸਾਲਾਂ ਤੋਂ ਖ਼ਾਲੀ ਛੱਡੀਆਂ 1400 ਕਿਲੋਮੀਟਰ ਨਹਿਰਾਂ ਨੂੰ ਸੁਰਜੀਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਧੂਰੀਆਂ ਨਹਿਰਾਂ ਦਾ ਲੋੜੀਂਦੀ ਲੰਬਾਈ ਤੱਕ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਨੇ 20 ਤੋਂ 30 ਸਾਲਾਂ ਤੋਂ ਖ਼ਾਲੀ ਪਏ 15 ਹਜ਼ਾਰ ਖ਼ਾਲਾਂ ਵਿੱਚੋਂ ਇਕ ਸਾਲ ਦੇ ਅੰਦਰ-ਅੰਦਰ 13,471 ਖ਼ਾਲ ਦੁਬਾਰਾ ਚਲਾਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਸਾਲ 2020-21 ਵਿੱਚ 77 ਕਰੋੜ ਰੁਪਏ ਦੇ ਮੁਕਾਬਲੇ ਸਾਲ 2023-24 ਵਿੱਚ ਮਨਰੇਗਾ ਅਧੀਨ 228 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਗੁਣਾ ਵੱਧ ਨਹਿਰਾਂ ਤੇ ਖ਼ਾਲਾਂ ਦੀ ਮੁਰੰਮਤ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਨਹਿਰੀ ਪਾਣੀ ਦੀ ਵਰਤੋਂ ਵਿੱਚ 38 ਫੀਸਦੀ ਦਾ ਵਾਧਾ ਹੋਇਆ ਹੈ, ਜਦੋਂ ਕਿ ਇਸ ਸਾਲ ਪੰਜ ਹਜ਼ਾਰ ਕੇਸਾਂ ਦਾ ਨਿਬੇੜਾ ਕੀਤਾ ਗਿਆ, ਜਿਹੜੇ ਕਈ ਸਾਲਾਂ ਤੋਂ ਬਕਾਇਆ ਸਨ। ਇਸ ਤੋਂ ਇਲਾਵਾ 40 ਤੋਂ ਵੱਧ ਮੌਸਮੀ ਨਹਿਰਾਂ ਨੂੰ ਸਾਰਾ ਸਾਲ ਵਗਣ ਵਾਲੀਆਂ ਨਹਿਰਾਂ ਵਿੱਚ ਤਬਦੀਲ ਕੀਤਾ ਗਿਆ ਹੈ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਜ 18 ਮਹਿਨਿਆਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੀਆਂ ਵੱਖ-ਵੱਖ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਰਹਿੰਦੀਆਂ ਗਰੰਟੀਆਂ ਵੀ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਦੁਹਾਰਾਇਆ ਕਿ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੇ ਹਿੱਤ ਵਿੱਚ ਸਰਕਾਰ ਵਲੋ ਇਤਿਹਾਸਕ ਫੈਸਲੇ ਲਏ ਗਏ ਹਨ।