
ਤਰਨਤਾਰਨ, 9 ਮਈ 2025 : ਤਰਨਤਾਰਨ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਾਰਕੋ-ਅੱਤਵਾਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋ ਅਪਰਾਧੀਆਂ ਨੂੰ ਭਾਰੀ ਮਾਤਰਾ ਵਿੱਚ ਹਥਿਆਰਾਂ ਅਤੇ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਖੁਫੀਆ ਜਾਣਕਾਰੀ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਇੱਕ ਕਾਰਵਾਈ ਵਿੱਚ, ਪੁਲਿਸ ਨੇ ਦੋ ਅਪਰਾਧੀਆਂ, ਲਵਪ੍ਰੀਤ ਸਿੰਘ ਅਤੇ ਜਗਰੂਪ ਸਿੰਘ ਨੂੰ ਸੱਤ ਆਧੁਨਿਕ ਪਿਸਤੌਲ (.30 ਬੋਰ) ਜ਼ਿੰਦਾ ਕਾਰਤੂਸਾਂ, ਪੰਜ ਕਿਲੋਗ੍ਰਾਮ ਹੈਰੋਇਨ, 7.20 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਕਰੰਸੀ ਗਿਣਨ ਵਾਲੀ ਮਸ਼ੀਨ ਸਮੇਤ ਗ੍ਰਿਫ਼ਤਾਰ ਕੀਤਾ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨ ਸਥਿਤ ਤਸਕਰਾਂ ਅਤੇ ਵਿਦੇਸ਼ੀ ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ। ਪੁਲਿਸ ਥਾਣਾ ਸਿਟੀ ਤਰਨਤਾਰਨ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅੱਗੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨਸ਼ਾ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਸਰਹੱਦ ਪਾਰ ਤਸਕਰੀ ਨੈੱਟਵਰਕਾਂ 'ਤੇ ਸ਼ਿਕੰਜਾ ਕੱਸਣ ਲਈ ਪੂਰੀ ਤਰਾਂ ਵਚਨਬੱਧ ਹੈ।