- ਸ਼ਤਾਬਦੀ ਸਬੰਧੀ ਐਡਵੋਕੇਟ ਧਾਮੀ ਵੱਲੋਂ ਬਣਾਈ ਗਈ ਸਬ-ਕਮੇਟੀ ਦੀ ਹੋਈ ਪਲੇਠੀ ਇਕੱਤਰਤਾ
ਅੰਮ੍ਰਿਤਸਰ, 16 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 18 ਸਤੰਬਰ 2024 ਨੂੰ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ ਮਨਾਈ ਜਾ ਰਹੀ 450 ਸਾਲਾ ਸ਼ਤਾਬਦੀ ਦੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ਤਾਬਦੀ ਸਮਾਗਮਾਂ ਸਬੰਧੀ ਬਣਾਈ ਗਈ ਸਬ-ਕਮੇਟੀ ਦੀ ਪਲੇਠੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਦੀ ਅਗਵਾਈ ਹੇਠ ਹੋਈ। ਇਸ ਇਕੱਤਰਤਾ ਵਿਚ ਸ਼ਤਾਬਦੀ ਦੇ ਸਮਾਗਮ ਪੰਥਕ ਜਾਹੋ-ਜਲਾਲ ਨਾਲ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਵਿਖੇ 16, 17 ਤੇ 18 ਸਤੰਬਰ ਨੂੰ ਤਿੰਨ ਦਿਨਾਂ ਸ਼ਤਾਬਦੀ ਸਮਾਗਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਸਮੇਂ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਲਈ ਅਪ੍ਰੈਲ ਦੇ ਪਹਿਲੇ ਹਫ਼ਤੇ ਸਮੂਹ ਸਿੱਖ ਜਥੇਬੰਦੀਆਂ, ਸਭਾ ਸੁਸਾਇਟੀਆਂ, ਕਾਰਸੇਵਾ ਵਾਲੇ ਮਹਾਂਪੁਰਸ਼ਾਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨਾਲ ਵਿਸ਼ੇਸ਼ ਇਕੱਤਰਤਾ ਕਰਕੇ ਸੁਝਾਅ ਲਏ ਜਾਣਗੇ, ਤਾਂ ਜੋ ਸ਼ਤਾਬਦੀ ਸਮਾਗਮਾਂ ਹੋਰ ਵੀ ਸੁਚਾਰੂ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤੇ ਜਾ ਸਕਣ। ਭਾਈ ਮਹਿਤਾ ਨੇ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ 14 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦੀ ਨਿਗਰਾਨੀ ਲਈ ਜਲਦ ਹੀ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦਾ ਸ਼ਤਾਬਦੀ ਸਬੰਧੀ ਦਫ਼ਤਰ ਖੋਲ੍ਹਿਆ ਜਾਵੇਗਾ, ਜਿਸ ਵਿਚ ਅਧਿਕਾਰੀਆਂ ਦੀ ਵਿਸ਼ੇਸ਼ ਤੌਰ ’ਤੇ ਡਿਊਟੀ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਚਾਰਕ ਜਥੇ ਪਿੰਡਾਂ ਵਿਚ ਭੇਜੇ ਜਾਣਗੇ, ਜੋ ਗੁਰਮਤਿ ਪ੍ਰਚਾਰ ਦੇ ਨਾਲ-ਨਾਲ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ਸਬੰਧੀ ਵੀ ਜਾਣਕਾਰੀ ਦੇਣਗੇ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ, ਸ. ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਗੁਰਬਚਨ ਸਿੰਘ ਕਰਮੂਵਾਲਾ, ਭਾਈ ਰਾਮ ਸਿੰਘ, ਸ. ਅਮਰਜੀਤ ਸਿੰਘ ਬੰਡਾਲਾ, ਸ. ਬਲਵਿੰਦਰ ਸਿੰਘ ਵੇਂਈਂਪੂਈ, ਬੀਬੀ ਗੁਰਪ੍ਰੀਤ ਕੌਰ, ਸ. ਸੁਖਵਰਸ਼ ਸਿੰਘ ਪੰਨੂ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਅਕਾਲੀ ਆਗੂ ਇੰਜੀ: ਸਵਰਨ ਸਿੰਘ, ਇੰਚਾਰਜ ਸ. ਕਰਤਾਰ ਸਿੰਘ, ਮੈਨੇਜਰ ਸ. ਗੁਰਾ ਸਿੰਘ ਆਦਿ ਮੌਜੂਦ ਸਨ।