
- ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਬਦਲੇਗੀ ਤਕਦੀਰ
ਅਜਨਾਲਾ 7 ਅਪ੍ਰੈਲ 2025 : ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਨੂੰ ਉਚੇਚੇ ਤੌਰ ਉੱਤੇ ਕੇਂਦਰਿਤ ਕਰਕੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ ਅਤੇ ਆਉਣ ਵਾਲੇ ਦੋ ਸਾਲਾਂ ਵਿੱਚ ਇਹਨਾਂ ਉੱਤੇ ਹੋਰ ਜ਼ੋਰ ਦਿੱਤਾ ਜਾਵੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੱਕੀਵਾਲਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਅਜਨਾਲਾ ਵਿਖੇ ਕਮਰਿਆਂ ਤੇ ਸਕੂਲ ਦੀ ਚਾਰ ਦੁਆਰੀ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਨੇ ਦੱਸਿਆ ਕਿ ਉਕਤ ਸਕੂਲਾਂ ਨੂੰ ਬੀਤੇ ਸਮੇਂ ਦੌਰਾਨ ਕ੍ਰਮਵਾਰ 10 ਲੱਖ ਅਤੇ 20 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ ਗਈ ਸੀ, ਜਿਨ੍ਹਾਂ ਨਾਲ ਇਹਨਾਂ ਨੇ ਆਪਣੀਆਂ ਲੋੜਾਂ ਅਨੁਸਾਰ ਉਸਾਰੀ ਕਰਵਾਈ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਦਾ ਵਿਸ਼ੇਸ਼ ਧਿਆਨ ਸਿੱਖਿਆ ਤੇ ਸਿਹਤ ਉੱਤੇ ਲੱਗਾ ਹੋਇਆ ਹੈ । ਅੱਜ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਸਿੱਖਿਆ ਮੰਤਰੀ ਸ਼੍ਰੀ ਮਨੀਸ਼ ਸਸ਼ੋਦੀਆ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਸਕੂਲਾਂ ਦੀ ਤਸਵੀਰ ਅਤੇ ਇੱਥੇ ਪੜਨ ਵਾਲੇ ਬੱਚਿਆਂ ਦੀ ਤਕਦੀਰ ਬਦਲੇਗੀ। ਉਹਨਾਂ ਕਿਹਾ ਕਿ ਆਉਣ ਵਾਲੇ ਦੋ ਸਾਲਾਂ ਵਿੱਚ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹੋਰ ਕੰਮ ਕੀਤਾ ਜਾਵੇਗਾ, ਜਿਸ ਦੇ ਨਤੀਜੇ ਆਉਣ ਵਾਲੀਆਂ ਪੀੜੀਆਂ ਨੂੰ ਸਦੀਆਂ ਤੱਕ ਮਿਲਦੇ ਰਹਿਣਗੇ।