ਅੰਮ੍ਰਿਤਸਰ, 02 ਅਕਤੂਬਰ : ਕਾਂਗਰਸ ਆਗੂ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਹਨ। ਰਾਹੁਲ ਗਾਂਧੀ ਦੀ ਆਮਦ ਤੋਂ ਪਹਿਲਾਂ ਹਾਲ ਗੇਟ ਤੋਂ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਤੱਕ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਰਾਹੁਲ ਗਾਂਧੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਕੜਾਹਿ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਰੁਮਾਲਾ ਸਾਹਿਬ ਚੜਾਇਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਰਾਹੁਲ ਗਾਂਧੀ ਨੂੰ ਅਸਮਾਨੀ ਰੰਗ ਦਾ ਰੁਮਾਲਾ ਸਾਹਿਬ ਅਤੇ ਪਤਾਸੇ ਦਾ ਪ੍ਰਸ਼ਾਦ ਦਿੱਤਾ ਗਿਆ। ਰਾਹੁਲ ਗਾਂਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ। ਉਪਰੰਤ ਉਨ੍ਹਾਂ ਨੇ ਛਬੀਲ 'ਤੇ ਬੈਠ ਕੇ ਜੂਠੇ ਬਰਤਰਾਂ ਨੂੰ ਸਾਫ ਕਰਨ ਦੀ ਸੇਵਾ ਕੀਤੀ। ਅੰਮ੍ਰਿਤਸਰ ਦੇ ਇੱਕ ਦਿਨਾ ਨਿਜੀ ਦੌਰੇ ਤੇ ਪਹੁੰਚੇ ਰਾਹੁਲ ਗਾਂਧੀ ਦੇ ਦੌਰੇ ਨੂੰ ਪੂਰੀ ਤਰਾਂ ਨਾਲ ਗੁਪਤ ਰਖਿਆ ਗਿਆ ਸੀ। ਰਾਹੁਲ ਗਾਂਧੀ ਨਾਲ ਸੂਬਾ ਕਾਂਗਰਸ ਦਾ ਕੋਈ ਵੀ ਆਗੂ ਨਜ਼ਰ ਨਹੀਂ ਆਇਆ। ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੇ ਪਹੁੰਚਣ 'ਤੇ ਲੋਕ ਸਭਾ ਮੈਂਬਰ ਗੁਰਜੀਤ ਔਜਲਾ ਵਲੋਂ ਰਾਹੁਲ ਗਾਂਧੀ ਦਾ ਸਵਾਗਤ ਕੀਤਾ ਗਿਆ।