- ਰਾਮਤੀਰਥ ਮੇਲੇ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ
ਅੰਮ੍ਰਿਤਸਰ, 10 ਨਵੰਬਰ : 20 ਨਵੰਬਰ ਤੋਂ 29 ਨਵੰਬਰ ਤੱਕ ਰਾਮਤੀਰਥ ਵਿਖੇ ਲੱਗਣ ਵਾਲੇ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਵੱਲੋਂ ਜਿਲੇ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨਾਂ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਦੱਸਿਆ ਕਿ ਮੇਲੇ ਵਿਚ ਹਰ ਸਾਲ ਦੀ ਤਰਾਂ ਲੱਖਾਂ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਦੀ ਦ੍ਰਿਸ਼ਟੀ ਤੋਂ ਵਿਆਪਕ ਪ੍ਰਬੰਧ ਕੀਤੇ ਜਾਣ। ਉਨਾਂ ਦੱਸਿਆ ਕਿ ਮੇਲੇ ਲਈ ਵਿਸ਼ੇਸ਼ ਬੱਸਾਂ ਚਲਾਈਆਂ ਜਾਣ, ਤਾਂ ਜੋ ਲੋਕ ਅਸਾਨੀ ਨਾਲ ਰਾਮਤੀਰਥ ਵਿਖੇ ਪਹੁੰਚ ਸਕਣ। ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਦੀ ਸਹੂਲਤ ਲਈ ਮੇਲੇ ਵਾਲੀ ਥਾਂ ’ਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਅਤੇ ਲੋਕਾਂ ਲਈ ਪਬਲਿਕ ਟਾਇਲਟ ਲਗਾਉਣ ਦੀ ਹਦਾਇਤ ਵੀ ਕੀਤੀ। ਉਨਾਂ ਦੱਸਿਆ ਕਿ ਰਾਮ ਤੀਰਥ ਅਤੇ ਇਸ ਦੇ ਆਲੇ-ਦੁਆਲੇ ਦੀ ਸਾਫ-ਸਫਾਈ ਕਰਵਾਉਣ ਦੇ ਨਾਲ-ਨਾਲ ਸਰੋਵਰ ਦੀ ਸਫਾਈ ਯਕੀਨੀ ਬਣਾਈ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਆਉਣ ਵਾਲੇ ਸ਼ਰਧਾਲੂਆਂ ਨੂੰ ਧਾਰਮਿਕ ਸਥਾਨ ਦੀ ਮਰਯਾਦਾ ਕਾਇਮ ਰੱਖਣ ਅਤੇ ਸੁਰੱਖਿਆ ਪੱਖੋਂ ਆਪਣਾ ਤੇ ਆਪਣੇ ਬੱਚਿਆਂ ਦਾ ਧਿਆਨ ਰੱਖਣ ਦੀ ਅਪੀਲ ਵੀ ਕੀਤੀ। ਉਨਾਂ ਕਿਹਾ ਕਿ ਸਰੋਵਰ ਵਿਚ ਇਸ਼ਨਾਨ ਕਰਦੇ ਵਕਤ ਬੱਚਿਆਂ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਅੱਗ ਵਾਲੇ ਸਾਧਨਾਂ, ਜਿੱਥੇ ਕਿ ਸਿਲੰਡਰ ਦੀ ਵਰਤੋਂ ਕੀਤੀ ਜਾ ਰਹੀ ਹੋਵੇ, ਤੋਂ ਦੂਰੀ ਬਣਾ ਕੇ ਰੱਖੀ ਜਾਵੇ। ਇਸ ਮੌਕੇ ਐਸ.ਡੀ.ਐਮ. ਅਜਨਾਲਾ ਸ: ਅਰਵਿੰਦਰ ਪਾਲ ਸਿੰਘ, ਸ੍ਰੀ ਵਿਸ਼ਾਲ ਵਧਾਵਨ, ਜੀ.ਐਮ. ਸ੍ਰੀ ਕੁਸ਼ਰਾਜ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।