ਜਨਰਲ ਅਬਜ਼ਰਵਰ ਤੇ ਡਿਪਟੀ ਕਮਿਸ਼ਨਰ ਦੀ ਹਾਜ਼ਰੀ ਵਿੱਚ ਮਾਈਕਰੋ ਅਬਜ਼ਰਵਾਂ ਦੀ ਰੈਂਡੇਮਾਈਜੇਸ਼ਨ ਹੋਈ

ਗੁਰਦਾਸਪੁਰ, 8 ਨਵੰਬਰ 2024 : ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ -10 ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਸ੍ਰੀ ਅਜੇ ਸਿੰਘ ਤੋਮਰ ਅਤੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਹਾਜ਼ਰੀ ਵਿੱਚ ਅੱਜ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਦੌਰਾਨ ਪੋਲਿੰਗ ਸਟੇਸ਼ਨਾਂ ਉੱਪਰ ਤਾਇਨਾਤ ਕੀਤੇ ਜਾਣ ਵਾਲੇ ਮਾਈਕਰੋ ਅਬਜ਼ਰਵਰ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਅੱਜ ਜਨਰਲ ਅਬਜ਼ਰਵਰ ਸ੍ਰੀ ਅਜੇ ਸਿੰਘ ਤੋਮਰ ਦੀ ਹਾਜ਼ਰੀ ਵਿੱਚ ਮਾਈਕਰੋ ਅਬਜ਼ਰਵਰਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਈਕਰੋ ਅਬਜ਼ਰਵਰ ਚੋਣ ਕਮਿਸ਼ਨ ਦੀਆਂ ਅੱਖਾਂ ਤੇ ਕੰਨ ਹਨ ਜੋ ਚੋਣਾਂ ਦੌਰਾਨ ਪੋਲਿੰਗ ਸਟੇਸ਼ਨਾਂ ਦੀ ਸਮੁੱਚੀ ਪ੍ਰਕਿਰਿਆ ’ਤੇ ਨਿਗਰਾਨੀ ਰੱਖਣਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹਾਈ ਜਾਵੇ।  ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਮਾਈਕਰੋ ਅਬਜ਼ਰਵਰ ਨੂੰ ਕਿਸੇ ਪੋਲਿੰਗ ਸਟੇਸ਼ਨ ’ਤੇ ਚੋਣ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਨਜ਼ਰ ਆਉਂਦੀ ਹੈ ਤਾਂ ਉਹ ਸਿੱਧੇ ਤੌਰ ’ਤੇ ਤੁਰੰਤ ਜਨਰਲ ਅਬਜ਼ਰਵਰ ਨੂੰ ਸੂਚਿਤ ਕਰਨਗੇ। ਉਨ੍ਹਾਂ ਕਿਹਾ ਕਿ ਚੋਣ ਪ੍ਰੀਕਿਆ ਵਿੱਚ ਮਾਈਕਰੋ ਅਬਜ਼ਰਵਰਾਂ ਦਾ ਬਹੁਤ ਅਹਿਮ ਰੋਲ ਹੁੰਦਾ ਹੈ ਅਤੇ ਸਾਰੇ ਹੀ ਮਾਈਕਰੋ ਅਬਜ਼ਰਵਰ ਆਪਣੀ ਇਸ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਰਿੰਦਰ ਸਿੰਘ, ਐਸ.ਡੀ.ਐਮ, ਡੇਰਾ ਬਾਬਾ ਨਾਨਕ, ਰਾਜਪਾਲ ਸਿੰਘ ਸੇਖੋਂ, ਚੌਣ ਤਹਿਸੀਲਦਾਰ ਸ. ਮਨਜਿੰਦਰ ਸਿੰਘ, ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਸੋਨੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।