- ਲੋਕਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਦੇ ਆਦੇਸ਼
- ਅਜਨਾਲਾ ਅਤੇ ਅੰਮ੍ਰਿਤਸਰ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਮੌਕੇ ਤੇ ਨਿਪਟਾਰਾ
ਅੰਮ੍ਰਿਤਸਰ 15 ਜੂਨ 2024 : ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਅਤੇ ਅੰਮ੍ਰਿਤਸਰ ਵਿੱਚ ਲੋਕ ਮਸਲੇ ਹੱਲ ਕਰਨ ਲਈ ਅਧਿਕਾਰੀਆਂ ਦੇ ਨਾਲ ਬੈਠ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਹਨਾਂ ਦਾ ਮੌਕੇ ਉੱਤੇ ਨਿਪਟਾਰਾ ਕੀਤਾ ਉਹਨਾਂ ਨੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਸਾਡੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣ। ਉਹਨਾਂ ਸਰਕਾਰੀ ਦਫਤਰਾਂ, ਤਹਿਸੀਲਾਂ ਤੇ ਸਬ ਤਹਿਸੀਲਾਂ ਵਿਖੇ ਆਪਣੇ ਕੰਮਕਾਰ ਕਰਵਾਉਣ ਲਈ ਆਉਣ ਵਾਲੇ ਨਾਗਰਿਕਾਂ ਨੂੰ ਸਾਫ਼ ਸੁਥਰੀਆਂ, ਪਾਰਦਰਸ਼ੀ ਤੇ ਸਮਾਂਬੱਧ ਸੁਵਿਧਾਵਾਂ ਮੁਹੱਈਆ ਕਰਵਾਏ ਜਾਣ ਦੇ ਦਿਸ਼ਾ ਨਿਰਦੇਸ਼ ਵੀ ਦਿੱਤੇ। ਅੱਜ ਅਜਨਾਲਾ ਅਤੇ ਅੰਮ੍ਰਿਤਸਰ ਵਿਖੇ ਲੋਕਾਂ ਦੀ ਸ਼ਿਕਾਇਤਾਂ ਦਾ ਨਿਪਟਾਰਾ ਕਰਦੇ ਉਹਨਾਂ ਨੇ ਕਿਹਾ ਕਿ ਤਹਿਸੀਲਾਂ ਤੇ ਸਬ ਤਹਿਸੀਲਾਂ ਵਿੱਚ ਰੋਜਾਨਾ ਦੇ ਆਧਾਰ ’ਤੇ ਵੱਡੀ ਗਿਣਤੀ ਵਿੱਚ ਲੋਕ ਆਪਣੇ ਕੰਮਕਾਰ ਕਰਵਾਉਣ ਲਈ ਪਹੁੰਚਦੇ ਹਨ ਇਸ ਲਈ ਸਰਕਾਰੀ ਵਿਭਾਗਾਂ ਵਿੱਚ ਲੋਕਾਂ ਦੇ ਬੈਠਣ ਲਈ ਯੋਗ ਵਿਵਸਥਾ, ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ, ਜਨਤਕ ਪਖਾਨਿਆਂ ਦੀ ਨਿਯਮਤ ਸਫ਼ਾਈ ਆਦਿ ਪ੍ਰਬੰਧਾਂ ਨੂੰ ਕਰਵਾਉਣਾ ਯਕੀਨੀ ਬਣਾਇਆ ਜਾਵੇ। ਸਰਦਾਰ ਧਾਲੀਵਾਲ ਨੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਜੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਜੇਕਰ ਕਿਸੇ ਵੀ ਸਰਕਾਰੀ ਵਿਭਾਗ ਦਾ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਨੇ ਇਹਨਾਂ ਜਨਤਕ ਮਿਲਣੀਆਂ ਦੌਰਾਨ ਇੰਤਕਾਲ ਦੇ ਬਕਾਇਆ ਮਾਮਲਿਆਂ, ਨਿਸ਼ਾਨਦੇਹੀ, ਜਮ੍ਹਾਂਬੰਦੀਆਂ, ਵੰਡ ਦੇ ਕੇਸਾਂ, ਬਕਾਇਆ ਵਰਤੋਂ ਸਰਟੀਫਿਕੇਟਾਂ, ਮੇਰਾ ਘਰ ਮੇਰੇ ਨਾਮ ਯੋਜਨਾ ਆਦਿ ਬਾਰੇ ਵੀ ਵਿਸਤ੍ਰਿਤ ਜਾਇਜ਼ਾ ਲਿਆ ਅਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਿਰਧਾਰਿਤ ਸਮੇਂ ਅੰਦਰ ਮਾਮਲਿਆਂ ਦਾ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਸਰਦਾਰ ਧਾਲੀਵਾਲ ਨਾਲ ਇਸ ਮੌਕੇ ਐਸਡੀਐਮ ਅਰਵਿੰਦਰ ਪਾਲ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।