ਗੁਰਦਾਸਪੁਰ, 15 ਜੁਲਾਈ 2024 : ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਸਥਾਨਕ ਟੈਗੋਰ ਇੰਟਰਨੈਸ਼ਨਲ ਸਕੂਲ ਵਿਖੇ ਸੜਕੀ ਆਵਾਜਾਈ ਨਿਯਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਤੌਰ 'ਤੇ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦੌਰਾਨ ਟਰੈਫ਼ਿਕ ਇੰਚਾਰਜ ਐੱਸ.ਆਈ ਅਜੇ ਕੁਮਾਰ ਨੇ ਕਿਹਾ ਕਿ ਸਕੂਟਰ ਜਾਂ ਮੋਟਰਸਾਈਕਲ ਚਲਾਉਂਦੇ ਸਮੇਂ ਹੈਲਮਟ ਜ਼ਰੂਰ ਪਾਉਣਾ ਚਾਹੀਦਾ ਹੈ ਅਤੇ ਬਾਈਕ ਦੀ ਸਪੀਡ ਵੀ ਨਾਰਮਲ ਰੱਖਣੀ ਚਾਹੀਦੀ ਹੈ। ਇਸਦੇ ਨਾਲ ਹੀ ਚਾਰ ਪਹੀਆ ਵਾਹਨ ਚਾਲਕਾਂ ਨੂੰ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਫ਼ੋਨ ਦੀ ਵਰਤੋਂ ਬਿਲਕੁਲ ਨਹੀਂ ਕਰਨੀ ਚਾਹੀਦੀ ਕਿਉਂਕਿ ਅਜਿਹਾ ਹੋਣ ਨਾਲ ਕਈ ਤਰ੍ਹਾਂ ਦੇ ਹਾਦਸੇ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਡਰਾਈਵਿੰਗ ਲਾਇਸੈਂਸ ਸਮੇਤ ਵਾਹਨ ਦੇ ਕਾਗ਼ਜ਼ਾਤ ਜ਼ਰੂਰ ਨਾਲ ਰੱਖਣੇ ਚਾਹੀਦੇ ਹਨ। ਏ.ਐੱਸ.ਆਈ ਅਮਨਦੀਪ ਸਿੰਘ ਨੇ ਕਿਹਾ ਕਿ ਹੁਣ 16 ਤੋਂ 18 ਸਾਲ ਦੇ ਬੱਚਿਆਂ ਨੂੰ ਬੀ-ਡਰਾਈਵਿੰਗ ਲਾਇਸੈਂਸ ਮਿਲਦਾ ਹੈ ਅਤੇ ਉਹ ਬਿਨਾਂ ਗੇਅਰ ਦੇ ਵਾਹਨ ਚਲਾ ਸਕਦੇ ਹਨ। ਜੇਕਰ ਕੋਈ 18 ਸਾਲ ਤੋਂ ਘੱਟ ਉਮਰ ਦਾ ਬੱਚਾ ਬਿਨਾਂ ਲਾਇਸੈਂਸ ਦੇ ਵਾਹਨ ਚਲਾਉਂਦਾ ਹੈ ਤਾਂ ਉਸ ਬੱਚੇ ਦੇ ਮਾਪਿਆਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਹੋ ਸਕਦੀ ਹੈ। ਇਸ ਮੌਕੇ ਉਨ੍ਹਾਂ ਪੁਲਿਸ ਹੈਲਪ ਲਾਈਨ 112 ਅਤੇ ਨੈਸ਼ਨਲ ਹਾਈਵੇ ਦੇ ਹੈਲਪ ਲਾਈਨ ਨੰਬਰ 1033 ਬਾਰੇ ਵੀ ਜਾਣਕਾਰੀ ਦਿੱਤੀ। ਸੈਮੀਨਾਰ ਵਿੱਚ ਹਾਜ਼ਰ ਸਮੂਹ ਵਿਦਿਆਰਥੀਆਂ ਨੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਕੀਤਾ ਸੈਮੀਨਾਰ ਵਿੱਚ ਬਾਲ ਵਿਕਾਸ ਅਫ਼ਸਰ ਸੁਨੀਲ ਜੋਸ਼ੀ ਨੇ ਵਿਦਿਆਰਥੀਆਂ ਨੂੰ ਚਿਲਡਰਨ ਗਾਈਡ ਲਾਈਨ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜੰਨਤ ਸ਼ਰਮਾ, ਕੁਮਦ ਸ਼ਰਮਾ ਅਤੇ ਸ਼ਿਖਾ ਬੇਦੀ ਨੇ ਵੀ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ।