ਅੰਮ੍ਰਿਤਸਰ, 25 ਜੂਨ 2024 : ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ (ਲੁਧਿਆਣਾ) ਨਾਲ ਸਬੰਧਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਧਰਮਸ਼ਾਲਾ ਬਿਲਾਸਪੁਰ ਦੀ ਜ਼ਮੀਨ ਵਾਹੁਣ ਗਏ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ’ਤੇ ਕੁਝ ਲੋਕਾਂ ਵੱਲੋਂ ਜਾਨਲੇਵਾ ਹਮਲਾ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰੜੀ ਨਿੰਦਾ ਕਰਦਿਆਂ ਹਮਲੇ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਚੁਣੀ ਹੋਈ ਧਾਰਮਿਕ ਸੰਸਥਾ ਹੈ, ਜੋ ਸਿੱਖ ਗੁਰਦੁਆਰਾ ਐਕਟ 1925 ਅਨੁਸਾਰ ਗੁਰਦੁਆਰਾ ਪ੍ਰਬੰਧਾਂ ਦੇ ਨਾਲ-ਨਾਲ ਗੁਰਦੁਆਰਾ ਸਾਹਿਬਾਨ ਦੀ ਜ਼ਮੀਨ ਜਾਇਦਾਦ ਦੀ ਸੰਭਾਲ ਕਰਦੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਧਰਮਸ਼ਾਲਾ ਬਿਲਾਸਪੁਰ (ਲੁਧਿਆਣਾ) ਵਿਖੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਹਮਲਾ ਕਰਨ ਵਾਲਿਆਂ ਨੂੰ ਕਿਸੇ ਵੀ ਤਰ੍ਹਾਂ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਐਡਵੋਕੇਟ ਧਾਮੀ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਦੋਸ਼ੀਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਗੁਰੂ ਘਰਾਂ ਦੇ ਪ੍ਰਬੰਧਾਂ ਵਿਚ ਦਖ਼ਲ ਦੇਣ ਵਾਲਿਆਂ ਖਿਲਾਫ਼ ਸਖ਼ਤੀ ਵਰਤੇ। ਉਨ੍ਹਾਂ ਜ਼ਖ਼ਮੀ ਹੋਏ ਮੁਲਾਜ਼ਮਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਉਨ੍ਹਾਂ ਨੂੰ ਹਰ ਤਰ੍ਹਾਂ ਸਹਿਯੋਗ ਕਰੇਗੀ ਅਤੇ ਉਨ੍ਹਾਂ ਦੇ ਇਲਾਜ਼ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਧਰਮਸ਼ਾਲਾ ਬਿਲਾਸਪੁਰ ਦੀ ਜ਼ਮੀਨ ਨਾਲ ਸਬੰਧਤ ਕੇਸ ਵੱਖ-ਵੱਖ ਅਦਾਲਤਾਂ ਤੋਂ ਸ਼੍ਰੋਮਣੀ ਕਮੇਟੀ ਦੇ ਹੱਕ ਵਿਚ ਹੋਏ ਹਨ ਅਤੇ 2010 ਵਿਚ ਇਸ ਦਾ ਦਖ਼ਲ ਵੀ ਸ਼੍ਰੋਮਣੀ ਕਮੇਟੀ ਨੂੰ ਮਿਲਿਆ ਹੋਇਆ ਹੈ, ਜਦਕਿ ਕੁਝ ਲੋਕ ਗੁਰਦੁਆਰਾ ਸਾਹਿਬ ਦੀ ਜ਼ਮੀਨ ਨੂੰ ਹਥਿਆਉਣਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਅੱਜ ਜਦੋਂ ਸ਼੍ਰੋਮਣੀ ਕਮੇਟੀ ਮੁਲਾਜ਼ਮ ਸ਼ਾਂਤੀ ਨਾਲ ਗੁਰੂ ਘਰ ਦੀ ਵਿਰਾਸਤੀ ਜ਼ਮੀਨ ਵਾਹ ਰਹੇ ਸਨ, ਤਾਂ 30 ਤੋਂ ਵੱਧ ਲੋਕਾਂ ਨੇ ਗੁੰਡਾਗਰਦੀ ਕਰਦਿਆਂ ਉਨ੍ਹਾਂ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਪੱਧਰ ਦੇ ਦੋ ਅਧਿਕਾਰੀ ਅਤੇ 15 ਦੇ ਕਰੀਬ ਹੋਰ ਮੁਲਾਜ਼ਮਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹਮਲਾਵਰਾਂ ਨੇ ਕਾਨੂੰਨ ਨੂੰ ਛਿੱਕੇ ਟੰਗ ਕੇ ਪੈਟਰੋਲ ਬੰਬ ਬਣਾਏ ਹੋਏ ਸੀ, ਜਿਸ ਨਾਲ ਮੁਲਾਜ਼ਮਾਂ ਅਤੇ ਵਾਹਨਾਂ ਨੂੰ ਸਾੜਨ ਦੀ ਹਰਕਤ ਕੀਤੀ ਗਈ।