- ਧਰਮ ਪ੍ਰਚਾਰ ਕਮੇਟੀ ਨੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ
ਅੰਮ੍ਰਿਤਸਰ, 1 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਵਿਖੇ ਗ੍ਰੰਥੀ ਸਿੰਘ ਦੀ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਜਬਰ-ਜ਼ਨਾਹ ਕਰਨ ਵਾਲਿਆਂ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਉੱਤਰ ਪ੍ਰਦੇਸ਼ ਦੀ ਸਰਕਾਰ ਨੂੰ ਦੋਸ਼ੀਆਂ ਦੀ ਗ੍ਰਿਫ਼ਤਾਰੀ ਸਬੰਧੀ ਦਿੱਤੇ ਗਏ ਇੱਕ ਹਫ਼ਤੇ ਦੇ ਅਲਟੀਮੇਟਮ ਦਾ ਪੂਰਾ ਸਹਿਯੋਗ ਕਰਦੀ ਹੈ ਅਤੇ ਲੋੜ ਪੈਣ ਉੱਤੇ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਸਖ਼ਤ ਫੈਸਲਾ ਲਿਆ ਜਾਵੇਗਾ। ਉਨ੍ਹਾਂ ਯੂਪੀ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਉਹ ਸਿੱਖ ਸੰਗਤ ਨੂੰ ਸਖ਼ਤ ਫੈਸਲਾ ਲੈਣ ਲਈ ਮਜਬੂਰ ਨਾ ਕਰੇ ਅਤੇ ਦੋਸ਼ੀਆਂ ਉੱਤੇ ਤੁਰੰਤ ਕਾਰਵਾਈ ਕੀਤੀ ਜਾਵੇ। ਐਡਵੋਕੇਟ ਧਾਮੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਯਾਨਾਥ ਪਾਸੋਂ ਮੰਗ ਕੀਤੀ ਕਿ ਇਸ ਘਿਨੌਣੇ ਅਪਰਾਧ ਵਿੱਚ ਸ਼ਾਮਲ ਸਾਰੇ ਦੋਸ਼ੀ ਵਿਅਕਤੀਆਂ ਦੀ ਗ੍ਰਿਫ਼ਤਾਰੀ ਉਹ ਖੁਦ ਯਕੀਨੀ ਬਣਾਉਣ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਵਾਪਰੀ ਇਸ ਘਟਨਾ ਨਾਲ ਦੇਸ਼ ਵਿਦੇਸ਼ ਵਿੱਚ ਵੱਸਦੀ ਸਿੱਖ ਸੰਗਤ ਦੇ ਮਨਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਯਾਨਾਥ ਨੂੰ ਸੂਬੇ ਅੰਦਰ ਧੀਆਂ ਭੈਣਾਂ ਦੀ ਸੁਰੱਖਿਆ ਲਈ ਸਖ਼ਤ ਕਾਨੂੰਨੀ ਕਾਰਵਾਈ ਕਰਨ ਵਾਲੇ ਉਨ੍ਹਾਂ ਦੇ ਬਿਆਨ ਯਾਦ ਦਿਵਾਉਂਦਿਆਂ ਕਿਹਾ ਕਿ ਸਰਕਾਰ ਨੂੰ ਪੀਲੀਭੀਤ ਨਾਲ ਸਬੰਧਤ ਇਸ ਘਿਨੌਣੇ ਮਾਮਲੇ ਵਿੱਚ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ। ਐਡੋਵੋਕੇਟ ਧਾਮੀ ਨੇ ਕਿਹਾ ਕਿ ਇਸ ਘਟਨਾ ਬਾਰੇ ਯੂਪੀ ਦੀ ਸੰਗਤ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੀਲੀਭੀਤ ਜ਼ਿਲ੍ਹੇ ਦੇ ਪੁਲਿਸ ਕਪਤਾਨ ਇਸ ਮਾਮਲੇ ਵਿੱਚ ਸਹਿਯੋਗ ਨਹੀਂ ਕਰ ਰਹੇ ਹਨ। ਉਨ੍ਹਾਂ ਯੂਪੀ ਸਰਕਾਰ ਨੂੰ ਕਿਹਾ ਕਿ ਇਸ ਮਾਮਲੇ ਵਿੱਚ ਢਿੱਲੀ ਕਾਰਗੁਜ਼ਾਰੀ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਉੱਤੇ ਵੀ ਕਾਰਵਾਈ ਕੀਤੀ ਜਾਵੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਿੱਖ ਮਿਸ਼ਨ ਕਾਂਸ਼ੀਪੁਰ ਦੇ ਇੰਚਾਰਜ ਸ. ਸੁਖਵਿੰਦਰ ਸਿੰਘ ਨੂੰ ਇਸ ਘਟਨਾ ਦੀ ਸਮੁੱਚੀ ਜਾਣਕਾਰੀ ਲਈ ਅਤੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮਿਸ਼ਨ ਦੇ ਇੰਚਾਰਜ ਵੱਲੋਂ ਘਟਨਾ ਦੀ ਸਮੁੱਚੀ ਰਿਪੋਰਟ ਪ੍ਰਾਪਤ ਹੋ ਗਈ ਹੈ ਜੋ ਅਗਲੇਰੀ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜ ਦਿੱਤੀ ਗਈ ਹੈ।