ਗੁਰਦਾਸਪੁਰ, 10 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਆਨਲਾਈਨ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੀ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਗਈਆਂ ਹਨ, ਜਿਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੋਕ ਘਰ ਬੈਠੇ ਲੈ ਸਕਣਗੇ। ਇਹ ਕਦਮ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫਿਕੇਟ ਸਮੇਤ ਹੋਰ ਕਈ ਸਰਟੀਫਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਏਗਾ। ਪਟਵਾਰੀਆਂ ਨੂੰ ਆਨਲਾਈਨ ਸਿਸਟਮ ਵਿੱਚ ਸ਼ਾਮਲ ਕਰਨ ਨਾਲ ਬਿਨੈਕਾਰਾਂ ਨੂੰ ਹੁਣ ਆਪਣੀ ਵੈਰੀਫਿਕੇਸ਼ਨ ਰਿਪੋਰਟਾਂ ‘ਤੇ ਮੋਹਰ ਅਤੇ ਦਸਤਖ਼ਤ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਕਰਵਾਉਣ ’ਤੇ ਉਸ ਅਰਜ਼ੀ ਨੂੰ ਸਬੰਧਿਤ ਦਫ਼ਤਰ ਵੱਲੋਂ ਸਬੰਧਿਤ ਪਟਵਾਰੀ ਨੂੰ ਆਨਲਾਈਨ ਭੇਜਿਆ ਜਾਵੇਗਾ ਜੋ ਕਿ ਉਸਨੂੰ ਤਸਦੀਕ ਕਰੇਗਾ। ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਭ੍ਰਿਸ਼ਟ ਅਤੇ ਕੰਮਚੋਰ ਅਧਿਕਾਰੀਆਂ/ਕਰਮਚਾਰੀਆਂ ਦੇ ਸਖ਼ਤ ਖ਼ਿਲਾਫ਼ ਹੈ ਅਤੇ ਇਸੇ ਕਰਕੇ ਸੂਬੇ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਇਕ ਹੈਲਪ ਲਾਈਨ ਨੰਬਰ ਜਾਰੀ ਕੀਤਾ ਸੀ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਗਿਆ ਹੈ। ਐਨਆਰਆਈਜ਼ ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ਼ ਲਿਖਤੀ ਸ਼ਿਕਾਇਤ ਲਈ ਹਨ।