ਗੁਰਦਾਸਪੁਰ, 1 ਜੂਨ : ਜ਼ਿਲ੍ਹਾ ਗੁਰਦਾਸਪੁਰ ਦੇ ਵੋਟਰਾਂ ਵੱਲੋਂ ਅੱਜ ਪੂਰੇ ਉਤਸ਼ਾਹ ਨਾਲ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਨੌਜਵਾਨਾਂ, ਬਜ਼ੁਰਗਾਂ ਸਮੇਤ ਹਰ ਉਮਰ ਵਰਗ ਦੇ ਵੋਟਰਾਂ ਵੱਲੋਂ ਪੋਲਿੰਗ ਬੂਥਾਂ ਉੱਪਰ ਪਹੁੰਚ ਕੇ ਆਪਣੇ ਪਸੰਦੀਦਾ ਉਮੀਦਵਾਰਾਂ ਨੂੰ ਵੋਟ ਪਈ ਜਾ ਰਹੀ ਹੈ। ਸਵੇਰੇ 9:00 ਵਜੇ ਤੱਕ ਜ਼ਿਲ੍ਹੇ ਵਿੱਚ 10.01 ਫ਼ੀਸਦੀ ਪੋਲਿੰਗ ਹੋਈ ਸੀ ਜਦਕਿ 11:00 ਵਜੇ ਤੱਕ 24.79 ਫ਼ੀਸਦੀ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਚੁੱਕੇ ਹਨ। ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 01-ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਪੋਲਿੰਗ ਬੂਥਾਂ ਉੱਪਰ ਜਾ ਕੇ ਪੋਲਿੰਗ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਵੱਲੋਂ ਵੋਟਰਾਂ ਦੀ ਸਹੂਲਤ ਲਈ ਕੀਤੇ ਵੱਖ-ਵੱਖ ਪ੍ਰਬੰਧਾਂ ਨੂੰ ਵੀ ਦੇਖਿਆ ਜਾ ਰਿਹਾ ਹੈ। ਪੋਲਿੰਗ ਬੂਥਾਂ ਉੱਪਰ ਜਿਹੜੇ ਨੌਜਵਾਨ ਵੋਟਰ ਪਹਿਲੀ ਵਾਰ ਵੋਟ ਪਾਉਣ ਆਏ ਹਨ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਪੋਲਿੰਗ ਸਟਾਫ਼ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆਪਣੀ ਡਿਊਟੀ ਨੂੰ ਸਮਰਪਣ ਭਾਵਨਾ ਨਾਲ ਕਰਨ ਲਈ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪੋਲਿੰਗ ਬੂਥ ਉੱਪਰ ਪਹੁੰਚ ਕੇ ਆਪਣੀ ਵੋਟ ਜ਼ਰੂਰ ਪਾਉਣ।