- ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਨੇ ਕੀਤੀ ਕਾਰਵਾਈ
ਅੰਮ੍ਰਿਤਸਰ 20 ਦਸੰਬਰ 2024 : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਚੋਗਾਵਾਂ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਰਾਮਤੀਰਥ ਰੋਡ ਉਪਰ ਪਿੰਡ ਕਲੇਰ ਅਤੇ ਵਡਾਲਾ ਭਿੱਟੇਵੱਡ ਵਿਖੇ ਬਣ ਰਹੀਆਂ ਨਵੀਆਂ ਅਣ-ਅਧਿਕਾਰਿਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਜ਼ਿਲ੍ਹਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਕਲੇਰ ਵਿਖੇ ਵਿਕਸਿਤ ਕੀਤੀ ਜਾ ਰਹੀ ਨਵੀਂ ਅਣ-ਅਧਿਕਾਰਤ ਕਲੋਨੀ(ਐਕਸਟੈਂਸ਼ਨ) ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਨੇ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ। ਇਸ ਤੋਂ ਇਲਾਵਾ ਪਿੰਡ ਵਡਾਲਾ ਭਿੱਟੇਵੱਡ ਵਿਖੇ ਮੈਪਲ ਸਿਟੀ ਨਾਮ ਹੇਠ ਵਿਕਸਿਤ ਕੀਤੀ ਜਾ ਰਹੀ ਅਣਅਧਿਕਾਰਿਤ ਕਲੋਨੀ ਖ਼ਿਲਾਫ਼ ਪਹਿਲਾਂ ਵੀ ਦੋ ਵਾਰ ਡੈਮੋਲਿਸ਼ਨ ਦੀ ਕਾਰਵਾਈ ਕਰਦੇ ਹੋਏ ਕਲੋਨੀ ਨੂੰ ਢਾਹਿਆ ਗਿਆ ਸੀ ਪਰੰਤੂ ਕਲੋਨੀਕਾਰ ਵੱਲੋਂ ਡੈਮੋਲਿਸ਼ਨ ਦੀ ਕਾਰਵਾਈ ਦੇ ਬਾਵਜੂਦ ਮੌਕੇ ਤੇ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਸਨ ਜਿਹਨਾਂ ਨੂੰ ਮੁੜ ਤੋਂ ਢਾਹ ਦਿੱਤਾ ਗਿਆ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ, ਜਿਸ ਤਹਿਤ ਕੁੱਲ 14 ਕਲੋਨਾਈਜਰਾਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਲਈ ਪੁਲਿਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪੁੱਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲਾ ਅੰਮ੍ਰਿਤਸਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈਕ ਕਰਦੇ ਹੋਏ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ। ਜਿਲ੍ਹਾ ਟਾਊਨ ਪਲੈਨਰ (ਰੈਗੂਲੇਟਰੀ), ਅੰਮ੍ਰਿਤਸਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ।