ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੈਂਡਬਾਲ ਦੇ ਖਿਡਾਰੀਆ ਨੂੰ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ

ਫਰੀਦਕੋਟ 4 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਵਿਰੱਧ ਚਲਾਈ ਜੰਗ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਗਤੀਵਿਧੀਆਂ ਜਾਰੀ ਹਨ। ਇਸੇ ਲੜੀ ਤਹਿਤ ਖੇਡ ਵਿਭਾਗ ਦੇ ਚੱਲ ਰਹੇ ਹੈਂਡਬਾਲ ਕੋਚਿੰਗ ਸੈਂਟਰ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਖਿਡਾਰੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀਆਂ ਹਦਾਇਤਾਂ ਤੇ ਖੇਡ ਵਿਭਾਗ ਲਗਾਤਾਰ ਜਿਲ੍ਹੇ ਵਿੱਚ ਖਿਡਾਰੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਅਤੇ ਹੋਣ ਵਾਲੇ ਨੁਕਸਾਨਾਂ ਪ੍ਰਤੀ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਵੀ ਖੇਡ ਵਿਭਾਗ ਵੱਲੋਂ ਵੱਖ ਵੱਖ ਖੇਡਾਂ ਦੇ ਖਿਡਾਰੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਹੈਂਡਬਾਲ ਦੇ ਖਿਡਾਰੀਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਖਿਡਾਰੀਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਦੇ ਨਾਲ ਨਾਲ ਖੇਡ ਵਿਭਾਗ ਵੱਲੋਂ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਅੱਜ ਆਰਮੀ ਯੂਨਿਟ ਦੇ ਖਿਡਾਰੀਆਂ ਅਤੇ ਕੋਚਿੰਗ ਸੈਂਟਰ ਦੇ ਖਿਡਾਰੀਆਂ ਦਾ ਪ੍ਰਦਰਸ਼ਨੀ ਮੈਚ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਉਪਰਾਲਾ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗਾ।