- ਭਾਰਤੀ ਸੰਵਿਧਾਨ ਸਾਨੂੰ ਆਜ਼ਾਦੀ ਨਾਲ ਵਿਚਰਨ ਦੀ ਖੁੱਲ੍ਹ ਦਿੰਦਾ ਹੈ-ਸੇਖੋਂ
- ਸਾਨੂੰ ਆਪਣੇ ਅਧਿਕਾਰਾਂ ਤੇ ਫਰਜ਼ਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ-ਵਿਨੀਤ ਕੁਮਾਰ
ਫਰੀਦਕੋਟ 26 ਨਵੰਬਰ 2024 : ਅੱਜ ਰਾਸ਼ਟਰੀ ਸੰਵਿਧਾਨ ਦਿਵਸ ਦੇ ਸਬੰਧ ਵਿੱਚ ਇਥੋ ਦੇ ਅਸ਼ੋਕਾ ਚੱਕਰ ਮੀਟਿੰਗ ਹਾਲ ਵਿੱਚ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕੀਤੀ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਾਡੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਆਪਣੀਆਂ ਜਾਨਾਂ ਕੁਰਬਾਨ ਕਰਕੇ ਦੇਸ਼ ਨੂੰ ਆਜ਼ਾਦੀ ਦਵਾਈ ਤੇ ਸਾਡੇ ਸੰਵਿਧਾਨ ਘਾੜਿਆ ਨੇ 26 ਨਵੰਬਰ 1949 ਨੂੰ ਭਾਰਤ ਦਾ ਵਿਸਥਾਰ ਸੰਵਿਧਾਨ ਅਪਣਾਇਆ, ਜਿਸ ਨੂੰ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਡੇ ਸੰਵਿਧਾਨ ਵਿੱਚ ਮਿਲੇ ਅਧਿਕਾਰਾਂ ਅਤੇ ਫਰਜ਼ਾ ਨੂੰ ਸਮਝ ਕੇ ਦੇਸ਼ ਦੀ ਤਰੱਕੀ ਅਤੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਦੁਨੀਆ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ ਹੈ, ਜਿਸ ਦਾ ਮੁੱਖ ਮਕਸਦ ਦੇਸ਼ ਦੇ ਹਰ ਨਾਗਰਿਕ ਨੂੰ ਸਮਾਜਿਕ, ਆਰਥਿਕ ਤੇ ਰਾਜਨੀਤਿਕ ਆਜ਼ਾਦੀ ਦੇ ਨਾਲ ਨਾਲ ਸਮਾਜਿਕ ਬਰਾਬਰੀ ਅਤੇ ਸਾਡਾ ਭਾਈਚਾਰਕ ਸਾਂਝ ਮਜ਼ਬੂਤ ਕਰਨਾ ਹੈ । ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਭਾਰਤੀ ਸੰਵਿਧਾਨ ਅਨੁਸਾਰ ਮਿਲੇ ਅਧਿਕਾਰਾਂ ਤੇ ਆਪਣੇ ਫਰਜਾਂ ਪ੍ਰਤੀ ਸੁਚੇਤ ਹੋ ਕੇ ਹਰ ਨਾਗਰਿਕ ਨੂੰ ਸੰਵਿਧਾਨ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਸੰਵਿਧਾਨ ਦੀ ਵਿਆਖਿਆ ਵਾਲੀਆਂ ਕਿਤਾਬਾਂ ਪੜ੍ਹਨ ਤੇ ਇਸ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੀ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਜਾਵੇਗੀ ਅਤੇ ਪੂਰਾ ਸਾਲ ਸਾਡੇ ਸੰਵਿਧਾਨ ਪ੍ਰਤੀ ਜਾਗਰੂਕ ਕੀਤਾ ਜਾਵੇਗਾ ਅਤੇ ਇਸ ਸਬੰਧੀ ਵੱਖ ਵੱਖ ਗਤੀਵਿਧੀਆਂ ਵੀ ਚਲਾਈਆਂ ਜਾਣਗੀਆਂ। ਇਸ ਮੌਕੇ ਮੈਡਮ ਅਦਿੱਤੀ ਗੁਪਤਾ ਡਿਪਟੀ ਜਿਲ੍ਹਾ ਅਟਾਰਨੀ ਨੇ ਭਾਰਤੀ ਸੰਵਿਧਾਨ ਸਬੰਧੀ ਸੰਖੇਪ ਵਿੱਚ ਆਪਣੇ ਵਿਚਾਰ ਸਾਂਝੇ ਕੀਤੇ ਤੇ ਦੱਸਿਆ ਕਿ ਸੰਵਿਧਾਨ ਬਣਾਉਣ ਵਾਲੇ ਸੰਵਿਧਾਨਕ ਨਿਰਮਾਤਾਵਾਂ ਵਲੋਂ ਸਾਡੇ ਲੋਕਤੰਤਰੀ ਸੰਵਿਧਾਨ ਨੂੰ ਤਿਆਰ ਕਰਨ ਵਿੱਚ 2 ਸਾਲ 11 ਮਹੀਨੇ ਲੱਗੇ ਅਤੇ ਜਿੱਥੇ ਇਹ ਸੰਵਿਧਾਨ ਸਾਨੂੰ ਸਮਾਨਤਾ ਦਾ ਅਧਿਕਾਰ, ਪ੍ਰਗਟਾਵੇ ਦਾ ਅਧਿਕਾਰ ਦਿੰਦਾ ਹੈ ਅਤੇ ਧਾਰਮਿਕ ਨਿਰਪੱਖਤਾ, ਬਰਾਬਰਤਾ ਸਮੇਤ ਹੋਰ ਕਸੋਟੀ ਤੇ ਪੂਰਾ ਉਤਰਦਾ ਹੈ। ਇਸ ਮੌਕੇ ਉਨ੍ਹਾਂ ਸਮੂਹ ਹਾਜ਼ਰੀਨ ਨੂੰ ਭਾਰਤ ਦੇ ਸੰਵਿਧਾਨ, ਰਾਸ਼ਟਰੀ ਏਕਤਾ ਅਤੇ ਅਖੰਡਤਾ ਪ੍ਰਤੀ ਸਹੁੰ ਵੀ ਚੁਕਾਈ। ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।