ਪੰਚਾਇਤਾਂ ਨਸ਼ਿਆਂ, ਸਮਾਜਿਕ ਅਲਾਮਤਾਂ ਦੇ ਖਾਤਮੇ ਤੇ ਸਮੁੱਚੇ ਵਿਕਾਸ ਲਈ ਕੰਮ ਕਰਨ- ਸਪੀਕਰ ਸੰਧਵਾਂ 

  • ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਵੇਗੀ -ਸੇਖੋਂ
  • ਪੰਚਾਇਤਾਂ ਪਿੰਡਾਂ ਵਿੱਚੋਂ ਧੜੇਬੰਦੀ ਖਤਮ ਕਰਨ ਨੂੰ ਤਰਜੀਹ ਦੇਣ- ਅਮੋਲਕ ਸਿੰਘ 
  • ਨਹਿਰੂ ਸਟੇਡੀਅਮ ਵਿਖੇ ਪੰਚਾਂ ਦੇ ਸਹੁੰ ਚੁੱਕ ਸਮਾਗਮ ਦਾ ਆਯੋਜਨ

ਫ਼ਰੀਦਕੋਟ 19 ਨਵੰਬਰ, 2024 : ਅੱਜ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਪੰਚਾਂ ਤੇ ਸਹੁੰ ਚੁੱਕ ਦਾ ਜ਼ਿਲ੍ਹਾ ਪੱਧਰੀ ਸਮਾਗਮ ਇਥੋਂ ਦੇ ਨਹਿਰੂ ਸਟੇਡੀਅਮ ਵਿਖੇ ਹੋਇਆ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ  ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਐਮ.ਐਲ.ਏ ਜੈਤੋ ਸ. ਅਮੋਲਕ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ  ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਵੱਲੋਂ ਸਪੀਕਰ ਅਤੇ ਐਮ.ਐਲ.ਏ ਸਹਿਬਾਨਾਂ ਨੂੰ ਬੁੱਕੇ ਦੇ ਕੇ ਉਨ੍ਹਾਂ ਨੂੰ ਜੀ ਆਇਆ ਕਿਹਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਸੱਦਾ ਦਿੱਤਾ ਕਿ ਉਹ ਪਿੰਡਾਂ ਵਿੱਚੋਂ ਸਮਾਜਿਕ ਅਲਾਮਤਾਂ ਤੇ ਨਸ਼ਿਆਂ ਦੇ ਖਾਤਮੇ ਅਤੇ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਅਤੇ ਆਪਣੇ ਆਪਣੇ ਪਿੰਡਾਂ ਨੂੰ ਮਾਡਲ ਪਿੰਡ ਵਜੋਂ ਵਿਕਸਿਤ ਕਰਨ । ਉਨ੍ਹਾਂ ਕਿਹਾ ਕਿ ਫੰਡਾਂ ਦੀ ਸਹੀ ਢੰਗ ਨਾਲ ਵਰਤੋਂ ਯਕੀਨੀ ਬਣਾਉਣ ਲਈ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਫੈਸਲੇ ਗ੍ਰਾਮ ਸਭਾਵਾਂ ਵਿੱਚ ਲਏ ਜਾਣੇ ਯਕੀਨੀ ਬਣਾਏ ਜਾਣ । ਉਨ੍ਹਾਂ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਲਈ ਪਿੰਡਾਂ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ 44 ਸਰਪੰਚ ਅਤੇ 953 ਪੰਚਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਹੈ ਅਤੇ ਜ਼ਿਲ੍ਹੇ ਲਈ ਸਰਕਾਰ ਗਰਾਂਟਾਂ ਦੇ ਕੇ ਪੰਚਾਇਤਾਂ ਰਾਹੀਂ ਪਿੰਡਾਂ ਦਾ ਸਰਵਪੱਖੀ ਵਿਕਾਸ ਕਰੇਗੀ। ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਪੰਚਾਇਤਾਂ ਲੋਕਤੰਤਰ ਦੀ ਮੁੱਢਲੀ ਇਕਾਈ ਹਨ ਤੇ ਇਨ੍ਹਾਂ ਨੂੰ ‘ਲੋਕਤੰਤਰ ਦੇ ਥੰਮ੍ਹ’ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਉਨ੍ਹਾਂ ਕੋਲ ਅਥਾਹ ਸ਼ਕਤੀ ਹੁੰਦੀ ਹੈ ਅਤੇ ਉਸ ਦੇ ਫੈਸਲੇ ਨੂੰ ਪੂਰਾ ਪਿੰਡ ਸਤਿਕਾਰ ਨਾਲ ਮੰਨਦਾ ਹੈ। ਜਦੋਂ ਸੂਬੇ ਦੇ ਲੋਕਾਂ ਨੇ ਸਰਪੰਚਾਂ ਨੂੰ ਇਹ ਸ਼ਕਤੀਆਂ ਦਿੱਤੀਆਂ ਹਨ ਤਾਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਇੱਛਾਵਾਂ ਦੀ ਕਦਰ ਕਰਨਾ ਪੰਚਾਇਤਾਂ ਦਾ ਮੁੱਢਲਾ ਫ਼ਰਜ਼ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਸਰਪੰਚਾਂ ਨੂੰ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਉੱਤੇ ਜ਼ੋਰ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅਕਤੂਬਰ ਵਿੱਚ ਹੋਈਆਂ ਇਨ੍ਹਾਂ ਪੰਚਾਇਤੀ ਚੋਣਾਂ ਵਿੱਚ ਜ਼ਿਲ੍ਹੇ ਦੇ 1653 ਪੰਚ ਅਤੇ 241 ਸਰਪੰਚ ਚੁਣੇ ਗਏ ਹਨ। ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜੋ ਨੀਤੀਆਂ ਬਣਾਈਆਂ ਜਾਂਦੀਆਂ ਹਨ ਅਤੇ ਇਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ਸਰਪੰਚਾਂ-ਪੰਚਾਂ ਦੀ ਵੱਡੀ ਭੂਮਿਕਾ ਹੁੰਦੀ ਹੈ। ਉਨ੍ਹਾਂ ਸਮੂਹ ਸਰਪੰਚਾਂ ਨੂੰ ਅੱਜ ਤੋਂ ਹੀ ਵਿਕਾਸ ਕਾਰਜਾਂ ਲਈ ਸਮਰਪਿਤ ਹੋਣ ਦੀ ਅਪੀਲ ਕੀਤੀ। ਉਨ੍ਹਾਂ ਸਰਪੰਚਾਂ ਨੂੰ ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਖ਼ਤ ਮਿਹਨਤ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਸਰਪੰਚ ਨੂੰ ਪਿੰਡ ਦੇ ਹਰ ਵਸਨੀਕ ਨਾਲ ਬਰਾਬਰ ਦਾ ਸਲੂਕ ਕਰਨਾ ਚਾਹੀਦਾ ਹੈ ਅਤੇ ਨਿਰਪੱਖਤਾ ਨਾਲ ਫੈਸਲੇ ਲੈਣੇ ਚਾਹੀਦੇ ਹਨ। ਐਮ.ਐਲ.ਏ ਜੈਤੋ ਸ.ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਪੰਚ ਸਰਕਾਰ ਅਤੇ ਪਿੰਡਾਂ ਵਿਚਕਾਰ ਪੁਲ ਦਾ ਕੰਮ ਕਰਦੇ ਹਨ ਅਤੇ ਪਿੰਡਾਂ ਦੇ ਵਿਕਾਸ ਵਿੱਚ ਵੱਡਾ ਰੋਲ ਅਦਾ ਕਰਦੇ ਹਨ । ਉਨ੍ਹਾਂ ਕਿਹਾ ਕਿ ਸਰਪੰਚਾਂ ਨੂੰ ਪਿੰਡਾਂ ਵਿੱਚੋਂ ਧੜੇਬੰਦੀ ਨੂੰ ਖ਼ਤਮ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਭ ਨੇ ਰਲ ਕੇ ਆਪਣੇ ਆਪਣੇ ਪਿੰਡ ਦਾ ਵਿਕਾਸ ਕਰਨਾ ਹੈ। ਇਸ ਮੌਕੇ ਸਵੱਛ ਭਾਰਤ ਮਿਸ਼ਨ ਤਹਿਤ ਸਫਾਈ ਨੂੰ ਯਕੀਨੀ ਬਣਾਉਣ ਲਈ ਵਿਸ਼ਵ ਪਖਾਨਾ ਦਿਵਸ ਸਬੰਧੀ ਪੋਸਟਰ ਵੀ ਜਾਰੀ ਕੀਤਾ ਗਿਆ। ਜਿਸ ਦਾ ਮੁੱਖ ਉਦੇਸ਼ ਖੁੱਲੇ ਵਿੱਚ ਸ਼ੌਚ ਨੂੰ ਖਤਮ ਕਰਨਾ ਹੈ। ਇਸ ਮੌਕੇ  ਡਾ.ਮਹਿੰਦਰ ਸਿੰਘ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ(ਵਿ) ਸ.ਨਰਭਿੰਦਰ ਸਿੰਘ ਗਰੇਵਾਲ, ਸ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ. ਗੁਰਤੇਜ ਸਿੰਘ ਖੋਸਾ ਚੇਅਰਮੈਨ ਨਗਰ ਸੁਧਾਰ ਟਰੱਸਟ, ਸ.ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕਿਟ ਕਮੇਟੀ ਫ਼ਰੀਦਕੋਟ, ਸ. ਗੁਰਮੀਤ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ,ਸ. ਰਮਨਦੀਪ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ, ਸ. ਸੁਖਵੰਤ ਸਿੰਘ ਪੱਕਾ ਪ੍ਰਧਾਨ ਯੂਥ ਵਿੰਗ,ਸ. ਮਨਪ੍ਰੀਤ ਸਿੰਘ ਧਾਲੀਵਾਲ,ਅਮਨਦੀਪ ਸਿੰਘ, ਜਸਬੀਰ ਜੱਸੀ ਮੰਚ ਸੰਚਾਲਕ ਤੋਂ ਇਲਾਵਾ ਪਿੰਡਾਂ ਦੇ ਪੰਚ ਸਰਪੰਚ ਹਾਜ਼ਰ ਸਨ।