ਜੰਮੂ-ਕਸ਼ਮੀਰ, 14 ਅਕਤੂਬਰ 2024 : ਜੰਮੂ-ਕਸ਼ਮੀਰ ਤੋਂ ਰਾਸ਼ਟਰਪਤੀ ਸ਼ਾਸਨ ਹਟਾ ਲਿਆ ਗਿਆ, ਜਿਸ ਨਾਲ ਕੇਂਦਰ ਸ਼ਾਸਤ ਪ੍ਰਦੇਸ਼ 'ਚ ਨਵੀਂ ਸਰਕਾਰ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੁਆਰਾ ਹਸਤਾਖਰ ਕੀਤੇ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, "ਜੰਮੂ ਅਤੇ ਕਸ਼ਮੀਰ ਪੁਨਰਗਠਨ ਐਕਟ, 2019 (2019 ਦਾ 34) ਦੀ ਧਾਰਾ 73 ਦੁਆਰਾ ਪ੍ਰਦਾਨ ਕੀਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਹੋਇਆਂ, ਭਾਰਤ, ਜੰਮੂ ਅਤੇ ਕਸ਼ਮੀਰ ਦੇ ਸੰਵਿਧਾਨ ਦੇ ਅਨੁਛੇਦ 239 ਅਤੇ 239ਏ ਦੇ ਨਾਲ ਪੜ੍ਹਿਆ ਗਿਆ।" ਮੁੱਖ ਮੰਤਰੀ ਦੀ ਨਿਯੁਕਤੀ ਤੋਂ ਤੁਰੰਤ ਪਹਿਲਾਂ ਕੇਂਦਰ ਸ਼ਾਸਤ ਪ੍ਰਦੇਸ਼ ਦੇ ਸਬੰਧ ਵਿੱਚ 31 ਅਕਤੂਬਰ, 2019 ਦਾ ਹੁਕਮ, ਜੰਮੂ ਅਤੇ ਕਸ਼ਮੀਰ ਪੁਨਰਗਠਨ ਐਕਟ, 2019 ਦੀ ਧਾਰਾ 54 ਦੇ ਤਹਿਤ ਰੱਦ ਕਰ ਦਿੱਤਾ ਗਿਆ ਹੈ। ਜੰਮੂ-ਕਸ਼ਮੀਰ 'ਚ 2018 ਤੋਂ ਰਾਸ਼ਟਰਪਤੀ ਸ਼ਾਸਨ ਲਾਗੂ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ 2014 ਤੋਂ ਬਾਅਦ ਭਾਜਪਾ-ਪੀਡੀਪੀ ਨੇ ਗੱਠਜੋੜ ਦੀ ਸਰਕਾਰ ਬਣਾਈ ਸੀ ਪਰ ਬਾਅਦ ਵਿੱਚ ਭਾਜਪਾ ਨੇ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਲਿਆ ਸੀ। ਭਾਜਪਾ ਵੱਲੋਂ ਸਮਰਥਨ ਵਾਪਸ ਲੈਣ ਤੋਂ ਬਾਅਦ ਤਤਕਾਲੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜੰਮੂ-ਕਸ਼ਮੀਰ ਵਿੱਚ ਰਾਜ ਦੇ ਸੰਵਿਧਾਨ ਦੀ ਧਾਰਾ 92 ਦੇ ਅਨੁਸਾਰ ਰਾਜਪਾਲ ਸ਼ਾਸਨ ਲਗਾਇਆ ਗਿਆ ਸੀ। ਉਸ ਸਮੇਂ ਜੰਮੂ-ਕਸ਼ਮੀਰ ਤੋਂ ਧਾਰਾ 370 ਨਹੀਂ ਹਟਾਈ ਗਈ ਸੀ। 6 ਮਹੀਨਿਆਂ ਬਾਅਦ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ, ਜਿਸ ਨੂੰ ਬਾਅਦ 'ਚ ਹੋਰ ਵਧਾ ਦਿੱਤਾ ਗਿਆ। ਐੱਨਸੀ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਦੇ ਦਾਅਵੇ ਤੋਂ ਬਾਅਦ ਉਪ ਰਾਜਪਾਲ ਮਨੋਜ ਸਿਨਹਾ ਨੇ ਲੋਕਤੰਤਰੀ ਸਰਕਾਰ ਦੇ ਗਠਨ ਦੀ ਮਨਜ਼ੂਰੀ ਲਈ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਸੀ। ਇਸ ਤੋਂ ਬਾਅਦ ਗ੍ਰਹਿ ਮੰਤਰਾਲੇ ਅਤੇ ਕੈਬਨਿਟ ਰਾਸ਼ਟਰਪਤੀ ਸ਼ਾਸਨ ਹਟਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੰਦੇ ਹਨ ਅਤੇ ਫਿਰ ਅੰਤ ਵਿੱਚ ਰਾਸ਼ਟਰਪਤੀ ਦੁਆਰਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਚੁਣੇ ਹੋਏ ਜਨਤਕ ਨੁਮਾਇੰਦਿਆਂ ਰਾਹੀਂ ਵਿਧਾਨ ਸਭਾ ਕੰਮ ਕਰਨਾ ਸ਼ੁਰੂ ਕਰ ਦਿੰਦੀ ਹੈ। ਐੱਨਸੀ-ਕਾਂਗਰਸ ਗਠਜੋੜ ਕੋਲ ਵਿਧਾਨ ਸਭਾ ਵਿੱਚ ਬਹੁਮਤ ਹੈ। 90 ਮੈਂਬਰੀ ਵਿਧਾਨ ਸਭਾ ਵਿੱਚ ਐਨਸੀ ਦੇ 42 ਅਤੇ ਕਾਂਗਰਸ ਦੇ ਛੇ ਮੈਂਬਰ ਹਨ। ਇਸ ਤੋਂ ਇਲਾਵਾ ਸੀਪੀਆਈ (ਐਮ) ਅਤੇ ‘ਆਪ’ ਦੇ ਇੱਕ-ਇੱਕ ਵਿਧਾਇਕ ਅਤੇ ਪੰਜ ਆਜ਼ਾਦ ਵੀ ਸਰਕਾਰ ਦਾ ਸਮਰਥਨ ਕਰ ਰਹੇ ਹਨ। ਭਾਜਪਾ 29 ਵਿਧਾਇਕਾਂ ਨਾਲ ਵਿਰੋਧੀ ਧਿਰ 'ਚ ਹੋਵੇਗੀ। ਜੰਮੂ-ਕਸ਼ਮੀਰ 'ਚ 10 ਸਾਲ ਬਾਅਦ ਵਿਧਾਨ ਸਭਾ ਚੋਣਾਂ ਹੋਈਆਂ। ਸੂਬੇ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਤਿੰਨ ਪੜਾਵਾਂ 'ਚ ਵੋਟਿੰਗ ਹੋਈ। ਵਿਧਾਨ ਸਭਾ ਚੋਣਾਂ ਦੇ ਨਤੀਜੇ 8 ਅਕਤੂਬਰ ਨੂੰ ਆਏ ਸਨ। ਜੰਮੂ-ਕਸ਼ਮੀਰ 'ਚ ਨੈਸ਼ਨਲ ਕਾਨਫ਼ਰੰਸ ਨੇ 42 ਸੀਟਾਂ ਜਿੱਤੀਆਂ ਹਨ ਜਦਕਿ ਉਸ ਦੀ ਭਾਈਵਾਲ ਕਾਂਗਰਸ ਸਿਰਫ਼ 6 ਸੀਟਾਂ ਹੀ ਜਿੱਤ ਸਕੀ ਹੈ। ਭਾਜਪਾ 29 ਸੀਟਾਂ ਜਿੱਤ ਕੇ ਦੂਜੀ ਸਭ ਤੋਂ ਵੱਡੀ ਪਾਰਟੀ ਬਣ ਗਈ ਹੈ। ਇਸ ਚੋਣ ਵਿੱਚ ਆਜ਼ਾਦ ਉਮੀਦਵਾਰਾਂ ਨੇ ਵੀ 7 ਸੀਟਾਂ ’ਤੇ ਕਬਜ਼ਾ ਕੀਤਾ ਹੈ।