ਗੁਹਾਟੀ, 11 ਅਪ੍ਰੈਲ : ਅਗਲੇ ਸਾਲ ਦੇਸ਼ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੇ ਵੀ 2024 ਦੀਆਂ ਲੋਕ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਤਰ-ਪੂਰਬ ਦੇ ਦੋ ਦਿਨਾਂ ਦੌਰੇ 'ਤੇ ਸੋਮਵਾਰ ਨੂੰ ਅਸਾਮ ਦੇ ਡਿਬਰੂਗੜ੍ਹ ਪਹੁੰਚੇ। ਇੱਥੇ ਉਨ੍ਹਾਂ ਇੱਕ ਰੈਲੀ ਨੂੰ ਸੰਬੋਧਨ ਕੀਤਾ। ਭਾਜਪਾ ਡਿਬਰੂਗੜ੍ਹ ਦਫ਼ਤਰ ਦੇ ਉਦਘਾਟਨੀ ਪ੍ਰੋਗਰਾਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਨੇ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦਾ ਸ਼ਾਨਦਾਰ ਪ੍ਰਦਰਸ਼ਨ ਹੋਵੇਗਾ। ਅਸਾਮ ਵਿੱਚ 14 ਵਿੱਚੋਂ 12 ਸੀਟਾਂ ਜਿੱਤੇਗੀ। ਇੰਨਾ ਹੀ ਨਹੀਂ, ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਦੇਸ਼ ਭਰ ਵਿੱਚ 300 ਤੋਂ ਵੱਧ ਸੀਟਾਂ ਜਿੱਤੇਗੀ ਅਤੇ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ। ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਨੇ ਕਾਂਗਰਸ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ, "ਉੱਤਰ-ਪੂਰਬ ਨੂੰ ਕਦੇ ਕਾਂਗਰਸ ਦਾ ਗੜ੍ਹ ਮੰਨਿਆ ਜਾਂਦਾ ਸੀ, ਪਰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਬਾਵਜੂਦ, ਪਾਰਟੀ ਖੇਤਰ ਦੇ ਤਿੰਨ ਰਾਜਾਂ ਵਿੱਚ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਿੱਚ ਅਸਫਲ ਰਹੀ।" ਉਨ੍ਹਾਂ ਕਿਹਾ ਕਿ ਮੇਘਾਲਿਆ, ਤ੍ਰਿਪੁਰਾ ਅਤੇ ਨਾਗਾਲੈਂਡ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ। ਭਾਜਪਾ ਨੇ ਤ੍ਰਿਪੁਰਾ ਵਿੱਚ ਸਰਕਾਰ ਬਣਾਈ, ਅਤੇ ਗੱਠਜੋੜ ਦੇ ਭਾਈਵਾਲ ਵਜੋਂ ਦੂਜੇ ਦੋ ਰਾਜਾਂ ਵਿੱਚ ਸੱਤਾ ਵਿੱਚ ਆਈ। ਸ਼ਾਹ ਨੇ ਰਾਹੁਲ ਗਾਂਧੀ ਵੱਲੋਂ ਯੂਨਾਈਟਿਡ ਕਿੰਗਡਮ ਦੌਰੇ ਦੌਰਾਨ ਕੀਤੀ ਵਿਵਾਦਤ ਟਿੱਪਣੀ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ, ''ਉਨ੍ਹਾਂ (ਰਾਹੁਲ ਗਾਂਧੀ) ਨੇ ਵਿਦੇਸ਼ੀ ਧਰਤੀ 'ਤੇ ਭਾਰਤ ਦਾ ਅਪਮਾਨ ਕੀਤਾ ਹੈ। ਜੇਕਰ ਉਹ ਇਸ ਤਰ੍ਹਾਂ ਜਾਰੀ ਰੱਖਦੇ ਹਨ ਤਾਂ ਕਾਂਗਰਸ ਦਾ ਨਾ ਸਿਰਫ ਉੱਤਰ-ਪੂਰਬ ਤੋਂ ਸਗੋਂ ਪੂਰੇ ਦੇਸ਼ 'ਚੋਂ ਸਫ਼ਾਇਆ ਹੋ ਜਾਵੇਗਾ।''