ਨਵੀਂ ਦਿੱਲੀ : ਅੱਜ ਸੰਸਦ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੁੱਝ ਮਹੀਨੇ ਪਹਿਲਾਂ ਸਦਨ ਵਿੱਚ ਨਸ਼ੇ ਦੀ ਹਾਲਤ ਵਿੱਚ ਬੈਠਦਾ ਸੀ ਤੇ ਹੁਣ ਰਾਜ ਚਲਾ ਰਿਹਾ ਹੈ। ਬੀਬੀ ਬਾਦਲ ਨੇ ਕਿਹਾ ਕਿ ਇਸ ਗੱਲ ਨੂੰ ਲੈ ਕੇ ਨਾਲ ਬੈਠਣ ਵਾਲੇ ਮੈਂਬਰਾਂ ਨੂੰ ਸੀਟ ਬਦਲਣ ਦੀ ਸ਼ਿਕਾਇਤ ਵੀ ਦਿੱਤੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਲਾਅ ਐਡ ਆਰਡਰ ਨਾਂਅ ਦੀ ਕੋਈ ਚੀਜ਼ ਨਹੀ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ ਹੈ ਅਤੇ ਨਸ਼ੇ ਦਿਨੋਂ-ਦਿਨ ਵੱਧਦੇ ਜਾ ਰਹੇ ਹਨ। ਪੰਜਾਬ ਦੀਆਂ ਸੜਕਾਂ 'ਤੇ ਲਿਖਿਆ ਹੁੰਦਾ ਹੈ ਕਿ ਸ਼ਰਾਬ ਪੀ ਕੇ ਗੱਡੀ ਨਾ ਚਲਾਓ ਪਰ ਪੰਜਾਬ 'ਚ ਸਰਕਾਰ ਸ਼ਰਾਬ ਪੀ ਕੇ ਚੱਲ ਰਹੀ ਹੈ। ਇਹ ਹਾਲਾਤ ਹਨ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਵੀ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਚੋਣਾਂ ਜਿੱਤਣ ਲਈ ਮਾਨ ਨੇ ਮਾਂ ਤੋਂ ਸਹੁੰ ਚੁੱਕੀ ਕਿ ਅੱਜ ਤੋਂ ਬਾਅਦ ਸ਼ਰਾਬ ਨੂੰ ਹੱਥ ਨਹੀਂ ਲਾਉਣਗੇ। ਕੇਜਰੀਵਾਲ ਨੇ ਕਿਹਾ ਸੀ ਕਿ ਭਗਵੰਤ ਮਾਨ ਨੇ ਵੱਡੀ ਕੁਰਬਾਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਿਛਲੇ 10 ਮਹੀਨਿਆਂ ਵਿੱਚ ਸਾਡੇ ਪੰਜਾਬ ਦੀ ਹਾਲਤ ਵਿਗੜ ਗਈ ਹੈ।