
- ਡਾ. ਮਨਮੋਹਨ ਸਿੰਘ ਜੀ ਦਾ ਜੀਵਨ ਇਮਾਨਦਾਰੀ ਅਤੇ ਸਾਦਗੀ ਦਾ ਪ੍ਰਤੀਬਿੰਬ ਸੀ : ਪ੍ਰਧਾਨ ਮੰਤਰੀ
ਨਵੀ ਦਿੱਲੀ, 27 ਦਸੰਬਰ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਹੁਣ ਇਸ ਦੁਨੀਆ ‘ਤੇ ਨਹੀਂ ਰਹੇ। ਵੀਰਵਾਰ, 26 ਦਸੰਬਰ 2024 ਨੂੰ ਰਾਤ 10 ਵਜੇ ਦੇ ਕਰੀਬ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦਿੱਲੀ ਦੇ ਏਮਜ਼ ‘ਚ ਆਖਰੀ ਸਾਹ ਲਏ। ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੀ। ਇਸ ਤੋਂ ਪਹਿਲਾਂ ਫੌਜੀ ਅਧਿਕਾਰੀਆਂ ਨੇ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਨੂੰ ਤਿਰੰਗੇ ਨਾਲ ਲਪੇਟਿਆ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੇ ਘਰ ਪਹੁੰਚੇ। ਉਨ੍ਹਾਂ ਡਾ. ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਡਾ: ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਭਲਕੇ ਕਾਂਗਰਸ ਦੇ ਮੁੱਖ ਦਫ਼ਤਰ ਵਿੱਚ ਰੱਖੀ ਜਾਵੇਗੀ, ਜਿੱਥੇ ਆਮ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਜਾਣਕਾਰੀ ਮੁਤਾਬਕ ਮਨਮੋਹਨ ਸਿੰਘ ਦਾ ਕੱਲ੍ਹ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਹੋਵੇਗਾ।
ਡਾ. ਮਨਮੋਹਨ ਸਿੰਘ ਜੀ ਦਾ ਜੀਵਨ ਇਮਾਨਦਾਰੀ ਅਤੇ ਸਾਦਗੀ ਦਾ ਪ੍ਰਤੀਬਿੰਬ ਸੀ : ਪ੍ਰਧਾਨ ਮੰਤਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਜੀ ਦਾ ਜੀਵਨ ਉਨ੍ਹਾਂ ਦੀ ਇਮਾਨਦਾਰੀ ਅਤੇ ਸਾਦਗੀ ਦਾ ਪ੍ਰਤੀਬਿੰਬ ਸੀ। ਉਨ੍ਹਾਂ ਦੀ ਨਿਮਰਤਾ ਅਤੇ ਕੋਮਲਤਾ ਉਨ੍ਹਾਂ ਦੇ ਸੰਸਦੀ ਜੀਵਨ ਦੀ ਵਿਸ਼ੇਸ਼ਤਾ ਬਣ ਗਈ। ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਦਿੱਲੀ ਆ ਕੇ ਵੀ ਮੈਂ ਉਨ੍ਹਾਂ ਨਾਲ ਮੁਲਾਕਾਤ ਕਰਦਾ ਰਹਿੰਦਾ ਸੀ। ਮੈਂ ਉਨ੍ਹਾਂ ਨਾਲ ਆਪਣੀਆਂ ਮੁਲਾਕਾਤਾਂ ਅਤੇ ਵਿਚਾਰ-ਵਟਾਂਦਰੇ ਨੂੰ ਹਮੇਸ਼ਾ ਯਾਦ ਰੱਖਾਂਗਾ। ਮੈਂ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ।
ਡਾ. ਮਨਮੋਹਨ ਸਿੰਘ ਦੇ ਸਨਮਾਨ ’ਚ 7 ਦਿਨਾਂ ਰਾਸ਼ਟਰੀ ਸੋਗ ਦਾ ਐਲਾਨ
ਭਾਰਤ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਸਨਮਾਨ ਵਿਚ 7 ਦਿਨਾਂ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਬਾਬਤ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਕਿ 26 ਦਸੰਬਰ ਤੋਂ 1 ਜਨਵਰੀ 2025 ਤੱਕ ਦੇਸ਼ ਭਰ ਵਿਚ ਕੌਮੀ ਤਿਰੰਗਾ ਅੱਧਾ ਝੁਕਿਆ ਰਹੇਗਾ ਤੇ ਇਸ ਦੌਰਾਨ ਕੋਈ ਸਰਕਾਰੀ ਮਨੋਰੰਜਕ ਸਮਾਗਮ ਨਹੀਂ ਹੋਵੇਗਾ। ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਦੇ ਸਕੱਤਰ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ ਭਾਰਤ ਸਰਕਾਰ ਦੇ ਅਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਵੀ 26 ਦਸੰਬਰ ਤੋਂ 1 ਜਨਵਰੀ 2025 ਤੱਕ ਰਾਸ਼ਟਰੀ ਸ਼ੋਕ ਮਨਾਇਆ ਜਾਵੇਗਾ ਅਤੇ ਕੌਮੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਇਸ ਦੌਰਾਨ ਕੋਈ ਵੀ ਸਰਕਾਰੀ ਮਨੋਰੰਜਕ ਸਮਾਗਮ ਨਹੀਂ ਹੋਵੇਗਾ।
ਮੈਂ ਆਪਣਾ ਇੱਕ ਗਾਈਡ ਗੁਆ ਲਿਆ ਹੈ : ਰਾਹੁਲ ਗਾਂਧੀ
ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸ਼ੋਸ਼ਲ ਮੀਡੀਆ ਤੇ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਜਾਣਾ ਮੇਰੇ ਲਈ ਨਿੱਜੀ ਘਾਟਾ ਹੈ। ਮੈਂ ਆਪਣਾ ਇੱਕ ਗਾਈਡ ਗੁਆ ਲਿਆ ਹੈ। ਮੇਰੇ ਵਰਗੇ ਲੱਖਾਂ ਲੋਕ ਜੋ ਉਨ੍ਹਾਂ ਦੇ ਪ੍ਰਸ਼ੰਸਕ ਸਨ, ਉਨ੍ਹਾਂ ਨੂੰ ਹਮੇਸ਼ਾ ਮਾਣ ਨਾਲ ਯਾਦ ਕਰਨਗੇ।
ਵਿਗੜੀ ਅਰਥ ਵਿਵਸਥਾ ਨੂੰ ਮੁੜ ਲੀਹਾਂ ‘ਤੇ ਲਿਆਉਣ ਵਾਲੇ ਮਹਾਨ ਅਰਥਸ਼ਾਸਤਰੀ ਦੀ ਘਾਟ ਹਮੇਸ਼ਾ ਰੜਕਦੀ ਰਹੇਗੀ : ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ.ਮਨਮੋਹਨ ਸਿੰਘ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੋਸ਼ਲ ਮੀਡੀਆ ਤੇ ਲਿਖਿਆ “ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੇ ਅਕਾਲ ਚਲਾਣਾ ਦੀ ਦੁਖ਼ਦ ਖ਼ਬਰ ਮਿਲੀ। ਦੇਸ਼ ਲਈ ਇਹ ਵੱਡਾ ਘਾਟਾ ਹੈ। ਭਾਰਤ ਦੀ ਵਿਗੜੀ ਅਰਥ ਵਿਵਸਥਾ ਨੂੰ ਮੁੜ ਲੀਹਾਂ ‘ਤੇ ਲਿਆਉਣ ਵਾਲੇ ਇਸ ਮਹਾਨ ਅਰਥਸ਼ਾਸਤਰੀ ਦੀ ਘਾਟ ਦੇਸ਼ ਵਾਸੀਆਂ ਨੂੰ ਹਮੇਸ਼ਾ ਰੜਕਦੀ ਰਹੇਗੀ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਪ੍ਰਸ਼ੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਪੰਜਾਬ ਸਰਕਾਰ ਵਲੋਂ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ
ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਦੇਹ ਉਤੇ ਫੁਲ ਮਾਲਾਵਾ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਡਾ.ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਦੁੱਖ ਸਾਂਝਾ ਕੀਤਾ। ਬੈਂਸ ਨੇ ਕਿਹਾ ਕਿ ਮਨਮੋਹਨ ਸਿੰਘ ਨੇ ਦੇਸ਼ ਦੀ ਆਰਥਿਕ ਸਥਿਤੀ ਨੂੰ ਮੁਸ਼ਕਲ ਹਾਲਾਤ ਵਿਚੋਂ ਕੱਢ ਕੇ ਵਿਕਾਸ ਦੇ ਰਾਹ ਪਾਇਆ ਸੀ। ਉਨ੍ਹਾਂ ਨੇ ਦੇਸ਼ ਵਿਚ ਵਿੱਤੀ ਸੁਧਾਰਾਂ ਅਤੇ ਆਰਥਿਕ ਪ੍ਰਗਤੀ ਦਾ ਨਵਾਂ ਇਤਿਹਾਸ ਲਿਖਿਆ, ਜਿਸ ਸਦਕੇ ਦੇਸ਼ ਦੀ ਅਰਥਵਿਵਸਥਾ ਪ੍ਰਗਤੀ ਦੇ ਰਾਹ ਪਈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੇਰੇ ਲਈ ਇਹ ਬਹੁਤ ਹੀ ਭਾਵੁਕ ਪਲ ਹਨ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਸਿਰਫ ਇੱਕ ਸ਼ਖ਼ਸੀਅਤ ਨਹੀਂ ਸਨ, ਸਗੋਂ ਆਪਣੇ ਆਪ ਵਿੱਚ ਇੱਕ ਸੰਸਥਾ ਸਨ॥ ਉਨ੍ਹਾਂ ਦੀ ਨਿਮਰਤਾ, ਇਮਾਨਦਾਰੀ, ਸਾਦਗੀ ਅਤੇ ਵਿਦਵਤਾ ਸਾਡੇ ਲਈ ਸਦੀਵੀ ਪ੍ਰੇਰਨਾ ਦਾ ਸਰੋਤ ਰਹੇਗੀ। ਉਨ੍ਹਾਂ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਵਲੋਂ ਦੇਸ਼ ਦੇ ਵਿਕਾਸ ਵਿੱਚ ਪਾਏ ਯੋਗਦਾਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ। ਬੈਂਸ ਨੇ ਪਰਮਾਤਮਾ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਿੱਛੇ ਪਰਿਵਾਰ ਅਤੇ ਮਿੱਤਰਾਂ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
ਹਿਮਾਚਲ ਸਰਕਾਰ ਨੇ ਸੱਤ ਦਿਨਾਂ ਦੇ ਸਰਕਾਰੀ ਸੋਗ ਦਾ ਕੀਤਾ ਐਲਾਨ
ਹਿਮਾਚਲ ਸਰਕਾਰ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦਿਹਾਂਤ ‘ਤੇ ਸੱਤ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਅਤੇ ਕੱਲ੍ਹ ਦੋ ਦਿਨ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦੌਰਾਨ ਸਾਰੇ ਸਰਕਾਰੀ ਸਕੂਲ, ਕਾਲਜ ਅਤੇ ਦਫ਼ਤਰ 2 ਦਿਨਾਂ ਲਈ ਬੰਦ ਰਹਿਣਗੇ। ਇਸ ਦੌਰਾਨ ਪੂਰੇ ਸੂਬੇ ਵਿੱਚ ਰਾਸ਼ਟਰੀ ਝੰਡੇ ਅੱਧੇ ਝੁਕੇ ਰਹਿਣਗੇ। ਰਾਜਸੀ ਸੋਗ ਦੌਰਾਨ ਕੋਈ ਸਰਕਾਰੀ ਮਨੋਰੰਜਨ ਸਮਾਗਮ ਨਹੀਂ ਹੋਵੇਗਾ। ਭਾਵ ਸਰਕਾਰੀ ਪੱਧਰ ‘ਤੇ ਸੱਭਿਆਚਾਰਕ ਪ੍ਰੋਗਰਾਮਾਂ ‘ਤੇ ਪਾਬੰਦੀ ਰਹੇਗੀ। ਦੱਸ ਦਈਏ ਕਿ ਸ਼ਿਮਲਾ ਚ 27 ਦਸੰਬਰ ਤੋਂ 1 ਜਨਵਰੀ ਤਕ ਚਲਣ ਵਾਲਾ Winter Carnival ਵੀ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ ਇਹ ਪ੍ਰੋਗਰਾਮ 2 ਜਨਵਰੀ ਨੂੰ ਹੋਵੇਗਾ।
2004 ਤੋਂ 2014 ਤੱਕ ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਡਾ. ਮਨਮੋਹਨ ਸਿੰਘ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਗਾਹ, ਪੱਛਮੀ ਪੰਜਾਬ (ਹੁਣ ਪਾਕਿਸਤਾਨ) ਵਿੱਚ ਹੋਇਆ ਸੀ। ਉਹ 2004 ਤੋਂ 2014 ਤੱਕ ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਅਤੇ ਭਾਰਤ ਦੇ ਮਹਾਨ ਅਰਥ ਸ਼ਾਸਤਰੀਆਂ ਵਿੱਚ ਗਿਣੇ ਜਾਂਦੇ ਸਨ। ਉਸਨੇ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਅਤੇ ਗ੍ਰੇਟ ਬ੍ਰਿਟੇਨ ਦੀ ਕੈਂਬਰਿਜ ਯੂਨੀਵਰਸਿਟੀ ਤੋਂ ਸਿੱਖਿਆ ਪ੍ਰਾਪਤ ਕੀਤੀ। ਉਸਨੇ ਆਕਸਫੋਰਡ ਯੂਨੀਵਰਸਿਟੀ ਤੋਂ ਅਰਥ ਸ਼ਾਸਤਰ ਵਿੱਚ ਡਾਕਟਰੇਟ ਪ੍ਰਾਪਤ ਕੀਤੀ। ਮਨਮੋਹਨ ਸਿੰਘ ਨੇ ਆਪਣਾ ਸਿਆਸੀ ਸਫ਼ਰ 1991 ਵਿੱਚ ਸ਼ੁਰੂ ਕੀਤਾ ਸੀ। ਉਸ ਸਮੇਂ ਦੌਰਾਨ ਉਸਨੂੰ ਤਤਕਾਲੀ ਪ੍ਰਧਾਨ ਮੰਤਰੀ ਨਰਸਿਮਹਾ ਰਾਓ ਦੀ ਕੈਬਨਿਟ ਵਿੱਚ ਵਿੱਤ ਮੰਤਰੀ ਵਜੋਂ ਨਿਯੁਕਤ ਕੀਤਾ ਗਿਆ ਸੀ, ਜਿੱਥੇ ਉਸਨੇ ਭਾਰਤ ਵਿੱਚ ਉਦਾਰੀਕਰਨ ਦੀ ਪ੍ਰਕਿਰਿਆ ਵਿੱਚ ਸਹਾਇਤਾ ਲਈ ਕਈ ਆਰਥਿਕ ਸੁਧਾਰ ਕੀਤੇ ਸਨ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਵੀ ਆਪਣੇ ਕਾਰਜਕਾਲ ਦੌਰਾਨ ਮਨਰੇਗਾ ਸਕੀਮ ਲਿਆਉਣ, ਜਨਤਕ ਵੰਡ ਪ੍ਰਣਾਲੀ ਦਾ ਦਾਇਰਾ ਵਧਾਉਣ ਅਤੇ ਸੂਚਨਾ ਦਾ ਅਧਿਕਾਰ ਕਾਨੂੰਨ ਲਾਗੂ ਕਰਨ ਦਾ ਕੰਮ ਕੀਤਾ। ਪ੍ਰਧਾਨ ਮੰਤਰੀ ਵਜੋਂ ਆਪਣੇ ਦੋ ਕਾਰਜਕਾਲ ਦੌਰਾਨ ਉਸਨੇ ਵੱਖ-ਵੱਖ ਭੂਮੀ ਗ੍ਰਹਿਣ ਅਤੇ ਪੁਨਰਵਾਸ ਸੁਧਾਰਾਂ ਅਤੇ ਬੱਚਿਆਂ ਲਈ ਸਿੱਖਿਆ ਦਾ ਅਧਿਕਾਰ ਵੀ ਪੇਸ਼ ਕੀਤਾ। ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਸਾਦੇ ਅਤੇ ਸ਼ਾਂਤ ਸੁਭਾਅ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ 2006 ‘ਚ ਮੁੜ ਬਾਈਪਾਸ ਸਰਜਰੀ ਹੋਈ ਸੀ। ਜਿਸ ਲਈ ਮਾਹਿਰ ਡਾਕਟਰ ਰਮਾਕਾਂਤ ਪਾਂਡਾ ਨੂੰ ਮੁੰਬਈ ਤੋਂ ਬੁਲਾਇਆ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਕੋਰੋਨਾ ਦੌਰ ਦੌਰਾਨ ਕੋਵਿਡ ਵੀ ਹੋਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਾਹ ਲੈਣ ‘ਚ ਕਾਫੀ ਪਰੇਸ਼ਾਨੀ ਹੋ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਰਾਤ ਕਰੀਬ 8 ਵਜੇ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਐਮਰਜੈਂਸੀ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਕਰੀਬ ਅੱਧੇ ਘੰਟੇ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਤੁਹਾਨੂੰ ਦੱਸ ਦੇਈਏ ਕਿ ਉਹ 1985 ਤੋਂ 1987 ਤੱਕ ਭਾਰਤੀ ਯੋਜਨਾ ਕਮਿਸ਼ਨ ਦੇ ਮੁਖੀ ਵੀ ਰਹੇ ਹਨ।
ਨੌਕਰਸ਼ਾਹੀ ਤੋਂ ਰਾਜਨੀਤੀ ਤੱਕ ਮਨਮੋਹਨ ਸਿੰਘ ਦੇ ਪੰਜ ਦਹਾਕੇ
- 1954 : ਪੰਜਾਬ ਯੂਨੀਵਰਸਿਟੀ ਤੋਂ ਮਾਸਟਰ ਡਿਗਰੀ ਪੂਰੀ ਕੀਤੀ।
- 1957 : ਕੈਂਬਿ੍ਜ ਯੂਨੀਵਰਿਸਟੀ ਤੋਂ ਇਕੋਨਾਮਿਕਸ ਟਿ੍ਪੋਜ (3 ਸਾਲਾ ਡਿਗਰੀ ਪ੍ਰੋਗਰਾਮ)।
- 1962 : ਆਕਸਫੋਰਡ ਯੂਨੀਵਰਿਸਟੀ ਤੋਂ ਅਰਥਸ਼ਾਸਤਰ ’ਚ ਡੀ ਫਿਲ।
- 1971 : ਭਾਰਤ ਸਰਕਾਰ ਦੇ ਵਣਜ ਮੰਤਰਾਲੇ ’ਚ ਆਰਥਿਕ ਸਲਾਹਕਾਰ।
- 1972 : ਵਿੱਤ ਮੰਤਰਾਲੇ ’ਚ ਮੁੱਖ ਆਰਥਿਕ ਸਲਾਹਕਾਰ ਨਿਯੁਕਤ।
- 1980-82 : ਮੈਂਬਰ, ਯੋਜਨਾ ਕਮਿਸ਼ਨ।
- 1982-85 : ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ।
- 1985-87 : ਯੋਜਨਾ ਕਮਿਸ਼ਨ ਦੇ ਉਪ ਪ੍ਰਧਾਨ ਦੇ ਰੂਪ ’ਚ ਕੰਮ ਕੀਤਾ।
- 1987-90 : ਜੈਨੇਵਾ ’ਚ ਦੱਖਣ ਕਮਿਸ਼ਨ ਦੇ ਜਨਰਲ ਸਕੱਤਰ।
- 1990 : ਆਰਥਿਕ ਮਾਮਲਿਆਂ ’ਤੇ ਪ੍ਰਧਾਨ ਮੰਤਰੀ ਦੇ ਸਲਾਹਕਾਰ ਨਿਯੁਕਤ।
- 1991 : ਯੂਨੀਵਰਸਿਟੀ ਗਰਾਂਟ ਕਮਿਸ਼ਨ ਦੇ ਪ੍ਰਧਾਨ ਨਿਯੁਕਤ।
- 1991 : ਅਸਾਮ ਤੋਂ ਰਾਜ ਸਭਾ ਲਈ ਚੁਣੇ ਗਏ।
- 1991-96 ਪੀਵੀ ਨਰਸਿਮ੍ਹਾ ਰਾਓ ਸਰਕਾਰ ਤਹਿਤ ਵਿੱਤ ਮੰਤਰੀ।
- 1998-2004 : ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ।
- 2004-2014 : ਭਾਰਤ ਦੇ ਪ੍ਰਧਾਨ ਮੰਤਰੀ।
ਭਾਰਤ-ਅਮਰੀਕਾ ਨੂੰ ਨੇੜੇ ਲਿਆਉਣ ਲਈ ਮਨਮੋਹਨ ਸਿੰਘ ਨੂੰ ਕੀਤਾ ਜਾਵੇਗਾ ਯਾਦ : ਅਮਰੀਕੀ ਵਿਦੇਸ਼ ਮੰਤਰੀ
ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਨੂੰ ਨੇੜੇ ਲਿਆਉਣ ਲਈ ਡਾ. ਮਨਮੋਹਨ ਸਿੰਘ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।