- ਕੈਨੇਡਾ ਨੇ ਸਭ ਤੋਂ ਪਹਿਲਾਂ ਭਾਰਤੀ ਡਿਪਲੋਮੈਟਸ ਖਿਲਾਫ਼ ਹਿੰਸਾ ਤੇ ਧਮਕੀ ਦਾ ਮਾਹੌਲ ਬਣਾਇਆ : ਵਿਦੇਸ਼ ਮੰਤਰੀ
ਨਵੀਂ ਦਿੱਲੀ, 03 ਅਕਤੂਬਰ : ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਡਿਪਲੋਮੈਟ ਵਿਵਾਦ ਦਰਮਿਆਨ ਵੱਡੀ ਖਬਰ ਆਈ ਹੈ। ਭਾਰਤ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਕੈਨੇਡਾ ਨੂੰ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਨੇ ਮੰਗਲਵਾਰ ਨੂੰ ਰਿਪੋਰਟ ਦਿੱਤੀ ਕਿ ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤਕ 41 ਡਿਪਲੋਮੈਟਸ ਵਾਪਸ ਬੁਲਾਉਣ ਲਈ ਕਿਹਾ ਹੈ। ਪਿਛਲੇ ਹਫਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਕ ਬਿਆਨ ਦੇ ਕੇ ਭਾਰਤ ਸਰਕਾਰ 'ਤੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ 'ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ। ਹਾਲਾਂਕਿ, ਭਾਰਤ ਨੇ ਇਨ੍ਹਾਂ ਦਾਅਵਿਆਂ ਨੂੰ ਬੇਤੁਕਾ ਤੇ ਪ੍ਰੇਰਿਤ ਦੱਸਦਿਆਂ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਫਾਈਨੈਂਸ਼ੀਅਲ ਟਾਈਮਜ਼ ਨੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਖਬਰ ਦਿੱਤੀ ਹੈ ਕਿ ਭਾਰਤ ਨੇ ਕੈਨੇਡੀਅਨ ਡਿਪਲੋਮੈਟਸ ਦੀ ਡਿਪਲੋਮੈਟਿਕ ਛੋਟ ਨੂੰ ਰੱਦ ਕਰਨ ਦੀ ਧਮਕੀ ਦਿੱਤੀ ਹੈ ਜਿਨ੍ਹਾਂ ਨੂੰ 10 ਅਕਤੂਬਰ ਤੋਂ ਬਾਅਦ ਦੇਸ਼ ਛੱਡਣ ਲਈ ਕਿਹਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ 'ਚ ਕੈਨੇਡਾ ਦੇ 62 ਡਿਪਲੋਮੈਟ ਮੌਜੂਦ ਹਨ। ਭਾਰਤ ਨੇ ਕਿਹਾ ਹੈ ਕਿ ਕੈਨੇਡੀਅਨ ਡਿਪਲੋਮੈਟਸ ਦੀ ਕੁੱਲ ਗਿਣਤੀ ਘਟਾ ਕੇ 41 ਕਰ ਦਿੱਤੀ ਜਾਵੇ। ਦਰਅਸਲ, ਪਿਛਲੇ ਸਾਲ ਜੂਨ ਵਿਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਚ ਸਰੀ ਸ਼ਹਿਰ ਦੇ ਇੱਕ ਗੁਰਦੁਆਰੇ ਦੇ ਬਾਹਰ ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦਾ ਕਤਲ ਕਰ ਦਿੱਤਾ ਗਿਆ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਕਤਲ ਦਾ ਭਾਰਤੀ ਏਜੰਟਾਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ ਅਤੇ ਕੈਨੇਡਾ ਦੀ ਸੰਸਦ ਵਿਚ ਕਿਹਾ ਸੀ ਕਿ ਉਨ੍ਹਾਂ ਦੀਆਂ ਖ਼ੁਫ਼ੀਆ ਏਜੰਸੀਆਂ ਨੂੰ ਸੂਚਨਾ ਮਿਲੀ ਸੀ ਕਿ ਇਸ ਕਤਲ ਵਿਚ ਭਾਰਤ ਸ਼ਾਮਲ ਹੋ ਸਕਦਾ ਹੈ। ਹਾਲਾਂਕਿ ਭਾਰਤ ਅਤੇ ਕੈਨੇਡਾ ਦੇ ਵਿਦੇਸ਼ ਮੰਤਰਾਲਿਆਂ ਨੇ ਇਸ ਮਾਮਲੇ 'ਤੇ ਅਜੇ ਤਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਕੈਨੇਡਾ ਨੇ ਸਭ ਤੋਂ ਪਹਿਲਾਂ ਭਾਰਤੀ ਡਿਪਲੋਮੈਟਸ ਖਿਲਾਫ਼ ਹਿੰਸਾ ਤੇ ਧਮਕੀ ਦਾ ਮਾਹੌਲ ਬਣਾਇਆ। ਉਨ੍ਹਾਂ ਕਿਹਾ ਕਿ ਕੈਨੇਡਾ 'ਚ ਸਿੱਖ ਵੱਖਵਾਦੀ ਸਮੂਹਾਂ ਦੀ ਮੌਜੂਦਗੀ ਨੇ ਨਵੀਂ ਦਿੱਲੀ ਨੂੰ ਨਿਰਾਸ਼ ਕੀਤਾ ਹੈ।