ਕਿਸਾਨ ਆਗੂ ਡੱਲੇਵਾਲ ਦੀ ਸਿਹਤ ਦਾ ਧਿਆਨ ਰੱਖਣਾ ਸੂਬਾ ਸਰਕਾਰ ਅਤੇ ਕੇਂਦਰ ਦੀ ਜ਼ਿੰਮੇਵਾਰੀ ਹੈ : ਸੁਪਰੀਮ ਕੋਰਟ

  • ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਤੁਰੰਤ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ : ਸੁਪਰੀਮ ਕੋਰਟ

ਨਵੀਂ ਦਿੱਲੀ, 13 ਦਸੰਬਰ 2024 : ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਸੰਭੂ ਸਰਹੱਦ ‘ਤੇ ਖੜ੍ਹੇ ਹਨ। ਉਹਨਾਂ ਵੱਲੋਂ ਦਿੱਲੀ ਜਾਣ ਦੀ ਕੋਸ਼ਿਸ਼ ਵੀ ਕੀਤੀ ਗਈ, ਪਰ ਪੁਲੀਸ ਨੇ ਉਹਨਾਂ ਨੂੰ ਰੋਕ ਲਿਆ। ਕਿਸਾਨਾਂ ਦੇ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਦਰਅਸਲ ਸੁਪਰੀਮ ਕੋਰਟ ਨੇ ਹਾਈ ਪਾਵਰ ਕਮੇਟੀ ਨੂੰ ਕਿਹਾ ਹੈ ਕਿ ਉਹ ਕਿਸਾਨਾਂ ਨੂੰ ਸਮਝਾਉਣ ਕਿ ਉਹ ਆਪਣਾ ਧਰਨਾ ਹਾਈਵੇਅ ਦੀ ਬਜਾਏ ਕਿਸੇ ਹੋਰ ਥਾਂ 'ਤੇ ਸ਼ਿਫਟ ਕਰਨ ਜਾਂ ਕੁਝ ਸਮੇਂ ਲਈ ਆਪਣਾ ਧਰਨਾ ਮੁਲਤਵੀ ਕਰ ਦੇਣ। ਅਦਾਲਤ ਨੇ ਕਿਹਾ ਕਿ ਕਮੇਟੀ ਅਗਲੀ ਮੀਟਿੰਗ ਵਿੱਚ ਇਸ ਬਾਰੇ ਕਿਸਾਨਾਂ ਨਾਲ ਗੱਲ ਕਰੇ ਅਤੇ ਰਿਪੋਰਟ ਅਦਾਲਤ ਵਿੱਚ ਪੇਸ਼ ਕਰੇ। 

ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤ ਹੁਕਮ ਜਾਰੀ 
ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਜੋ ਕਿ 17 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ, ਸੀਨੀਅਰ ਸਿਟੀਜ਼ਨ ਹਨ। ਉਸ ਨੂੰ ਸਿਹਤ ਸੰਬੰਧੀ ਸਮੱਸਿਆਵਾਂ ਵੀ ਹਨ। ਅਜਿਹੇ ‘ਚ ਉਨ੍ਹਾਂ ਦੀ ਸਿਹਤ ਦਾ ਧਿਆਨ ਰੱਖਣਾ ਸੂਬਾ ਸਰਕਾਰ ਅਤੇ ਕੇਂਦਰ ਦੀ ਜ਼ਿੰਮੇਵਾਰੀ ਹੈ। ਸੁਪਰੀਮ ਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਉਸ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਕਿਹਾ ਹੈ। ਉਨ੍ਹਾਂ ਨੂੰ ਖਾਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਅਹਿਮ ਹੈ। ਅਦਾਲਤ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਕਿਹਾ ਹੈ ਕਿ ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਤੁਰੰਤ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਅਦਾਲਤ ਨੇ ਕਿਹਾ ਕਿ ਡੱਲੇਵਾਲ ਨੂੰ ਮਰਨ ਵਰਤ ਤੋੜਨ ਲਈ ਮਜਬੂਰ ਨਾ ਕੀਤਾ ਜਾਵੇ ਪਰ ਪੰਜਾਬ ਅਤੇ ਕੇਂਦਰ ਦੇ ਨੁਮਾਇੰਦੇ ਨੇ ਉਨ੍ਹਾਂ ਨਾਲ ਗੱਲਬਾਤ ਕਰਕੇ ਮਰਨ ਵਰਤ ਤੋੜਨ ਲਈ ਸਮਝਾਉਣ। 

ਕਿਸਾਨਾਂ ਵਿਰੁੱਧ ਪੁਲਿਸ ਬਲ ਦੀ ਵਰਤੋਂ ਨਹੀਂ ਕੀਤੀ ਜਾਵੇ
ਸੁਪਰੀਮ ਕੋਰਟ ਨੇ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਰੁੱਧ ਪੁਲਿਸ ਬਲ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਨੂੰ ਗਾਂਧੀਵਾਦੀ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ। ਅਦਾਲਤ ਨੇ ਕਿਸਾਨਾਂ ਨੂੰ ਆਪਣਾ ਵਿਰੋਧ ਸ਼ਾਂਤਮਈ ਰੱਖਣ ਦੀ ਸਲਾਹ ਦਿੱਤੀ। ਸੁਪਰੀਮ ਕੋਰਟ ਨੇ ਇਹ ਹੁਕਮ ਸ਼ੰਭੂ ਸਰਹੱਦ ਖੋਲ੍ਹਣ ਸਬੰਧੀ ਚੱਲ ਰਹੇ ਕੇਸ ਦੀ ਸੁਣਵਾਈ ਦੌਰਾਨ ਦਿੱਤੇ। ਇਸ ਦੌਰਾਨ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੇ ਆਪਣੀ ਅੰਤ੍ਰਿਮ ਰਿਪੋਰਟ ਵੀ ਸੌਂਪੀ। ਮਾਮਲੇ ਦੀ ਅਗਲੀ ਸੁਣਵਾਈ 17 ਦਸੰਬਰ ਨੂੰ ਹੋਵੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਕੀਲਾਂ ਦੀ ਕੌਂਸਲ ਦੇ ਚੇਅਰਮੈਨ ਐਡਵੋਕੇਟ ਵਾਸੂ ਰੰਜਨ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਨ ਦੀ ਮੰਗ ਕਰਦਿਆਂ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਉਸ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਡੱਲੇਵਾਲ ਦੀ ਜਾਨ ਬਚਾਉਣ ਲਈ ਤੁਰੰਤ ਕਦਮ ਚੁੱਕੇ ਜਾਣ ਅਤੇ ਉਸ ਨੂੰ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਪਟੀਸ਼ਨ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਉਸ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਲਿਖਿਆ ਕਿ ਡੱਲੇਵਾਲ ਦੀ ਸਿਹਤ ਲਗਾਤਾਰ ਕਮਜ਼ੋਰ ਹੋ ਰਹੀ ਹੈ, ਜਿਸ ਕਾਰਨ ਖ਼ਤਰਾ ਵਧਦਾ ਜਾ ਰਿਹਾ ਹੈ। ਡੱਲੇਵਾਲ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਹਾਈਕੋਰਟ ਤੋਂ ਇਸ ਮਾਮਲੇ 'ਤੇ ਜਲਦ ਤੋਂ ਜਲਦ ਸੁਣਵਾਈ ਕਰਨ ਦੀ ਮੰਗ ਕੀਤੀ ਹੈ।