ਮੁੰਬਈ, 1 ਅਪ੍ਰੈਲ : ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਜਿਸ ਤੋਂ ਬਾਅਦ ਸੰਜੇ ਰਾਊਤ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਗੈਂਗ ਨੇ ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨੂੰ ਵੀ ਦੋਸ਼ੀ ਠਹਿਰਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਸ਼ਿਵ ਸੈਨਾ (ਊਧਵ ਠਾਕਰੇ) ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਰਾਊਤ ਨੂੰ ਧਮਕੀ ਭਰਿਆ ਸੁਨੇਹਾ ਮਿਲਿਆ ਹੈ। ਜਿਸ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨੇ ਸੰਜੇ ਰਾਊਤ ਨੂੰ ਧਮਕੀ ਦਿੱਤੀ ਹੈ ਕਿ ਉਸਨੂੰ ਸਿੱਧੂ ਮੂਸੇਵਾਲਾ ਵਾਂਗ ਮਾਰ ਦਿੱਤਾ ਜਾਵੇਗਾ। ਸੰਜੇ ਰਾਊਤ ਨੇ ਇਸ ਮਾਮਲੇ 'ਚ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਤੋਂ ਬਾਅਦ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।ਮੀਡੀਆ ਰਿਪੋਰਟਾਂ ਮੁਤਾਬਕ ਸੰਜੇ ਰਾਊਤ ਨੂੰ ਭੇਜੇ ਧਮਕੀ ਭਰੇ ਸੰਦੇਸ਼ 'ਚ ਕਿਹਾ ਗਿਆ ਹੈ ਕਿ 'ਜੇਕਰ ਦਿੱਲੀ 'ਚ ਮਿਲਿਆ ਤਾਂ ਏਕੇ 47 ਨਾਲ ਉਡਾ ਦੇਵਾਂਗਾ।' ਨਾਲ ਹੀ ਕਿਹਾ ਕਿ 'ਤੂੰ ਅਤੇ ਸਲਮਾਨ ਫਿਕਸ ਹੋ'। ਪੁਲਸ ਨੇ ਇਸ ਮਾਮਲੇ 'ਚ ਇਕ ਸ਼ੱਕੀ ਵਿਅਕਤੀ ਨੂੰ ਪੁਣੇ ਤੋਂ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਮੁੰਬਈ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।