ਨਵੀਂ ਦਿੱਲੀ, 7 ਅਗਸਤ : ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਹੋ ਗਈ ਹੈ। ਲੋਕ ਸਭਾ ਸਕੱਤਰੇਤ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਲਈ ਲੋਕ ਸਭਾ ਮੈਂਬਰਸ਼ਿਪ ਵਾਪਸ ਲੈਣ ਦੇ ਦਰਵਾਜ਼ੇ ਖੁੱਲ੍ਹ ਗਏ ਹਨ। ਲੋਕ ਸਭਾ ਮੈਂਬਰਸ਼ਿਪ ਬਹਾਲ ਹੋਣ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸੋਮਵਾਰ ਨੂੰ ਸੰਸਦ ਪਹੁੰਚੇ, ਜਿਥੇ ਉਨ੍ਹਾਂ ਦੀ ਪਾਰਟੀ ਅਤੇ ਕੁੱਝ ਹੋਰ ਸਹਿਯੋਗੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸਮਰਥਨ ਵਿਚ ਨਾਅਰੇਬਾਜ਼ੀ ਕੀਤੀ। ਸੰਸਦ ਭਵਨ ਪਹੁੰਚ ਕੇ ਰਾਹੁਲ ਗਾਂਧੀ ਨੇ ਪਹਿਲਾਂ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਨਮਨ ਕੀਤਾ ਅਤੇ ਫਿਰ ਲੋਕ ਸਭਾ ਦੀ ਕਾਰਵਾਈ ਵਿਚ ਸ਼ਾਮਲ ਹੋਏ। ਲੋਕ ਸਭਾ ਵਿਚ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ, ਰਾਜ ਸਭਾ ਵਿਚ ਪਾਰਟੀ ਦੇ ਉਪ ਨੇਤਾ ਪ੍ਰਮੋਦ ਤਿਵਾੜੀ, ਸਮਾਜਵਾਦੀ ਪਾਰਟੀ ਦੇ ਰਾਮ ਗੋਪਾਲ ਯਾਦਵ, ਸ਼ਿਵ ਸੈਨਾ (ਯੂ.ਬੀ.ਟੀ.) ਦੇ ਸੰਜੇ ਰਾਉਤ, ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ.) ਦੇ ਐਨ.ਕੇ. ਪ੍ਰੇਮਚੰਦਰਨ ਅਤੇ ਕਈ ਹੋਰ ਵਿਰੋਧੀ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਰਾਹੁਲ ਗਾਂਧੀ ਦਾ ਸਵਾਗਤ ਕੀਤਾ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ‘ਰਾਹੁਲ ਗਾਂਧੀ ਸੰਘਰਸ਼ ਕਰੋ, ਅਸੀਂ ਤੁਹਾਡੇ ਨਾਲ ਹਾਂ’ ਅਤੇ ‘ਰਾਹੁਲ ਗਾਂਧੀ ਜ਼ਿੰਦਾਬਾਦ’ ਦੇ ਨਾਅਰੇ ਲਾਏ। ਮੈਂਬਰਸ਼ਿਪ ਬਹਾਲੀ ਤੋਂ ਬਾਅਦ ਰਾਹੁਲ ਗਾਂਧੀ ਨੇ ਅਪਣਾ ਟਵਿਟਰ ਪ੍ਰੋਫਾਈਲ ਵੇਰਵਾ ਬਦਲ ਕੇ ਸੰਸਦ ਮੈਂਬਰ ਕਰ ਦਿਤਾ। ਮੈਂਬਰਸ਼ਿਪ ਤੋਂ ਅਯੋਗ ਕਰਾਰ ਦਿਤੇ ਜਾਣ ਤੋਂ ਬਾਅਦ ਉਨ੍ਹਾਂ ਨੇ ‘ਡਿਸਕਲੀਫਾਈਡ ਐਮ.ਪੀ.’ (‘ਅਯੋਗ ਸੰਸਦ ਮੈਂਬਰ’) ਲਿਖਿਆ ਸੀ। ਜ਼ਿਕਰਯੋਗ ਹੈ ਕਿ ਲੋਕ ਸਭਾ ਸਕੱਤਰੇਤ ਨੇ ਵਾਇਨਾਡ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ 'ਮੋਦੀ' ਸਰਨੇਮ ਟਿੱਪਣੀ ਮਾਮਲੇ 'ਚ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੀ ਸਜ਼ਾ 'ਤੇ ਰੋਕ ਲਗਾਉਣ ਤੋਂ ਬਾਅਦ ਉਨ੍ਹਾਂ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਸੀ। ਉਨ੍ਹਾਂ ਨੂੰ ਮਾਰਚ 2023 ਵਿੱਚ ਹੇਠਲੇ ਸਦਨ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ।