ਨਵੀਂ ਦਿੱਲੀ, 31 ਦਸੰਬਰ : ਦੇਸ਼ ਭਰ 'ਚ ਕੜਾਕੇ ਦੀ ਠੰਡ ਜਾਰੀ ਹੈ। ਨਵੇਂ ਸਾਲ ਵਿੱਚ ਕੜਾਕੇ ਦੀ ਠੰਢ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਚਾਰ-ਪੰਜ ਦਿਨਾਂ ਵਿੱਚ ਪਾਰਾ 5 ਡਿਗਰੀ ਤੱਕ ਡਿੱਗ ਸਕਦਾ ਹੈ। ਕਸ਼ਮੀਰ ਤੋਂ ਰਾਜਸਥਾਨ ਤੱਕ ਪੂਰੇ ਉੱਤਰੀ ਭਾਰਤ ਵਿੱਚ ਬਰਫ਼ਬਾਰੀ, ਮੀਂਹ ਅਤੇ ਸੰਘਣੀ ਧੁੰਦ ਹੋ ਸਕਦੀ ਹੈ। ਅੱਜ ਯੂਪੀ, ਉੱਤਰਾਖੰਡ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।ਕਸ਼ਮੀਰ ਦੇ ਬਾਰਾਮੂਲਾ, ਸ਼੍ਰੀਨਗਰ ਅਤੇ ਦੇਹਰਾਦੂਨ, ਸ਼ਿਮਲਾ ਤੋਂ ਇਲਾਵਾ ਨੇਪਾਲ ਨਾਲ ਲੱਗਦੇ ਪਹਾੜੀ ਇਲਾਕਿਆਂ 'ਚ ਭਾਰੀ ਬਰਫਬਾਰੀ ਹੋ ਰਹੀ ਹੈ। ਜਿਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਸੀਤ ਲਹਿਰ ਤੇਜ਼ ਹੋ ਗਈ ਹੈ। ਇਸ ਤੋਂ ਇਲਾਵਾ ਸਵੇਰੇ-ਸ਼ਾਮ ਸੰਘਣੀ ਧੁੰਦ ਕਾਰਨ ਲੋਕਾਂ ਦਾ ਨਿਕਲਣਾ ਮੁਸ਼ਕਲ ਹੋ ਗਿਆ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅਗਲੇ ਚਾਰ-ਪੰਜ ਦਿਨਾਂ ਤੱਕ ਰਾਹਤ ਦੀ ਕੋਈ ਉਮੀਦ ਨਹੀਂ ਹੈ।ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਯੂਪੀ, ਪੰਜਾਬ, ਹਰਿਆਣਾ, ਦਿੱਲੀ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਉੱਤਰਾਖੰਡ ਅਤੇ ਉੱਤਰੀ ਰਾਜਸਥਾਨ ਵਿੱਚ 3 ਤੋਂ 4 ਜਨਵਰੀ ਤੱਕ ਸੀਤ ਲਹਿਰ ਦਾ ਪ੍ਰਕੋਪ ਜਾਰੀ ਹੈ। ਪਹਾੜਾਂ 'ਚ ਬਰਫਬਾਰੀ ਕਾਰਨ ਠੰਡੀਆਂ ਹਵਾਵਾਂ ਵਧ ਸਕਦੀਆਂ ਹਨ।