ਨਵੀਂ ਦਿੱਲੀ, ਏਜੰਸੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਨੇਤਾਵਾਂ ਨੂੰ ਸਖ਼ਤ ਲੜਾਈ ਲੜਨ ਲਈ ਤਿਆਰ ਰਹਿਣ ਲਈ ਕਿਹਾ ਹੈ। ਮੰਗਲਵਾਰ ਨੂੰ ਸੰਸਦ ਕੰਪਲੈਕਸ 'ਚ ਹੋਈ ਭਾਜਪਾ ਸੰਸਦੀ ਦਲ ਦੀ ਬੈਠਕ 'ਚ ਪੀਐੱਮ ਨੇ ਕਿਹਾ ਕਿ ਪਾਰਟੀ ਜਿੰਨੀ ਜ਼ਿਆਦਾ ਵਧੇਗੀ, ਓਨੀ ਕਾਮਯਾਬ ਹੋਵੇਗੀ, ਵਿਰੋਧੀ ਧਿਰ ਦੇ ਹਮਲੇ ਓਨੇ ਹੀ ਜ਼ਿਆਦਾ ਹੋਣਗੇ। ਸੰਸਦੀ ਬੈਠਕ ਦੀ ਸ਼ੁਰੂਆਤ ਪੀਐਮ ਮੋਦੀ ਦੇ ਨਿੱਘੇ ਸੁਆਗਤ ਨਾਲ ਹੋਈ। ਤਿੰਨ ਰਾਜਾਂ ਤ੍ਰਿਪੁਰਾ, ਨਾਗਾਲੈਂਡ ਅਤੇ ਮੇਘਾਲਿਆ ਵਿਚ ਹਾਲ ਹੀ ਵਿਚ ਹੋਈਆਂ ਚੋਣਾਂ 'ਚ ਭਾਜਪਾ ਦੀ ਜਿੱਤ ਤੋਂ ਖੁਸ਼ ਸੰਸਦ ਮੈਂਬਰਾਂ ਨੇ ਪੀਐਮ ਮੋਦੀ ਦਾ ਧੰਨਵਾਦ ਕੀਤਾ। ਇਸ ਦੌਰਾਨ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਉਨ੍ਹਾਂ ਦਾ ਹਾਰ ਪਾ ਕੇ ਸਵਾਗਤ ਕੀਤਾ। ਏਜੰਸੀ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਬੈਠਕ ਦੌਰਾਨ ਪੀਐੱਮ ਨੇ ਕਿਹਾ, "ਭਾਜਪਾ ਜਿੰਨੀ ਜ਼ਿਆਦਾ ਸਫਲਤਾ ਦਾ ਸਵਾਦ ਚੱਖਦੀ ਰਹੇਗੀ, ਓਨੇ ਹੀ ਦੂਜੇ ਪਾਸਿਓਂ ਹਮਲੇ ਵਧਣਗੇ। ਸਾਨੂੰ ਸਖ਼ਤ ਲੜਾਈ ਲਈ ਤਿਆਰ ਰਹਿਣਾ ਹੋਵੇਗਾ।" ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਸਾਰੇ ਸੰਸਦ ਮੈਂਬਰਾਂ ਨੂੰ 15 ਮਈ ਤੋਂ 15 ਜੂਨ ਤੱਕ ਆਪੋ-ਆਪਣੇ ਹਲਕਿਆਂ ਦਾ ਦੌਰਾ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਸਾਰੇ ਸੰਸਦ ਮੈਂਬਰਾਂ ਨੂੰ ਭਾਜਪਾ ਸਰਕਾਰ ਵੱਲੋਂ 9 ਸਾਲਾਂ ਵਿੱਚ ਕੀਤੇ ਕੰਮਾਂ ਦਾ ਪ੍ਰਚਾਰ ਕਰਨ ਲਈ ਵੀ ਕਿਹਾ ਗਿਆ ਹੈ। ਪੀਐਮ ਮੋਦੀ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸੰਸਦ ਦੀ ਕਾਰਵਾਈ ਨਹੀਂ ਚੱਲ ਸਕੀ। ਵਿਰੋਧੀ ਧਿਰ ਅਡਾਨੀ ਮਾਮਲੇ ਦੀ ਜੇਪੀਸੀ ਜਾਂਚ ਦੀ ਮੰਗ ਕਰ ਰਹੀ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨ ਦੇ ਮੁੱਦੇ 'ਤੇ ਸਰਕਾਰ ਨੂੰ ਘੇਰ ਰਹੇ ਹਨ। ਦੂਜੇ ਪਾਸੇ ਭਾਜਪਾ ਲੰਡਨ ਵਿੱਚ ਦਿੱਤੇ ਬਿਆਨ ਲਈ ਰਾਹੁਲ ਗਾਂਧੀ ਤੋਂ ਮੁਆਫ਼ੀ ਮੰਗਣ ਦੀ ਮੰਗ ਕਰ ਰਹੀ ਹੈ। ਮੰਗਲਵਾਰ ਨੂੰ ਵੀ ਸੰਸਦ ਦੇ ਦੋਹਾਂ ਸਦਨਾਂ 'ਚ ਕਾਫੀ ਹੰਗਾਮਾ ਹੋਇਆ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਪਾਰਟੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਹੰਗਾਮੇ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤਕ ਮੁਲਤਵੀ ਕਰ ਦਿੱਤੀ ਗਈ ਹੈ।