ਪਟਨਾ ਸਾਹਿਬ, 29 ਦਸੰਬਰ : ਦਸਮੇਸ਼ ਪਿਤਾ, ਸਾਹਿਬ-ਏ-ਕਮਾਲ, ਸਰਬੰਸ਼ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਉਨ੍ਹਾਂ ਦੇ ਜਨਮ ਅਸਥਾਨ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਨੀਤੀਸ਼ ਕੁਮਾਰ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਅਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸਮੂਲੀਅਤ ਕੀਤੀ, ਨਤਮਸਤਕ ਹੋਏ ਅਤੇ ਸੰਗਤ ਨੂੰ ਵਿਸ਼ੇਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੀ ਜੋ ਖਾਲਸਾ ਪੰਥ ਨੂੰ ਦੇਣ ਹੈ ਉਸ ਨੂੰ ਨਾ ਤਾਂ ਅੱਖਰਾਂ ਨਾਲ ਲਿਖਿਆ ਜਾ ਸਕਦਾ ਹੈ ਤੇ ਨਾ ਹੀ ਲਫ਼ਜ਼ਾਂ ਨਾਲ ਬਿਆਨ ਕੀਤਾ ਜਾ ਸਕਦਾ ਹੈ। ਗੁਰੂ ਗੋਬਿੰਦ ਸਿੰਘ ਜੀ ਨੇ ਅਪਣਾ ਪਰਿਵਾਰ ਵਾਰ ਕੇ ਸਾਨੂੰ ਪਵਿੱਤਰ ਬਾਣੀ ਨਾਲ ਜੁੜਨ ਦਾ ਸਿਧਾਂਤ ਬਖਸ਼ਿਆ ਹੈ ਤੇ ਉਹਨਾਂ ਦੀ ਇਹ ਦੇਣ ਕਦੇ ਵੀ ਨਹੀਂ ਭੁੱਲੀ ਜਾ ਸਕਦੀ। ਇਸ ਦੇ ਨਾਲ ਹੀ ਉਹਨਾਂ ਨੇ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਲੋਕਾਂ ਨੂੰ ਲੋੜ ਹੈ ਅੱਜ ਖੰਡੇ ਬਾਟੇ ਦੀ ਪਾਹੁਲ ਛਕ ਕੇ, ਨਸ਼ਿਆਂ ਤੋਂ ਦੂਰ ਰਹਿ ਕੇ ਗੁਰੂ ਦੀ ਬਾਣੀ ਨਾਲ ਜੁੜਨ ਦੀ। ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਮੁੱਖ ਮੰਤਰੀ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ। ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਜੀਵਨ ਤਿਆਗ ਅਤੇ ਸਮਰਪਣ ਪ੍ਰਤੀ ਬੀਤਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਸਿੱਖਿਆ ਲੈ ਕੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਗੱਲਾਂ ਨੂੰ ਆਪਣੇ ਜੀਵਨ 'ਚ ਲਾਗੂ ਕਰਨਾ ਚਾਹੀਦਾ ਹੈ ਤਾਂ ਹੀ ਜੀਵਨ ਸਾਰਥਕ ਹੋਵੇਗਾ। ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਪ੍ਰਕਾਸ਼ ਪੁਰਬ ਮੌਕੇ ਫੁੱਲਾਂ ਨਾਲ ਸਜਾਇਆ ਗਿਆ ਅਤੇ ਇੱਥੇ ਲੰਗਰ ਵੀ ਅਤੁੱਟ ਵਰਤਿਆ।