ਨਵੀਂ ਦਿੱਲੀ, 27 ਮਾਰਚ : ਅਡਾਨੀ ਸਮੂਹ ਵਿੱਚ ਜਨਤਾ ਦਾ ਪੈਸਾ ਕਿਉਂ ਲਗਾਇਆ ਜਾ ਰਿਹਾ ਹੈ ਅਤੇ ਸਰਕਾਰ ਜਾਂਚ ਕਰਵਾਉਣ ਤੋਂ ਕਿਉਂ ਡਰ ਰਹੀ ਹੈ, ਇਹ ਸਵਾਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਟਵੀਟ ਰਾਹੀਂ ਕੀਤਾ ਹੈ। ਰਾਹੁਲ ਗਾਂਧੀ ਨੇ ਲਿਖਿਆ ਕਿ ਐਲ.ਆਈ.ਸੀ. ਦੀ ਪੂੰਜੀ, ਅਡਾਲੀ ਦੀ ਐਸਬੀਆਈ ਨੂੰ, ਈਪੀਐਫਓ ਦੀ ਪੂੰਜੀ ਅਡਾਨੀ ਨੂੰ, ਮੋਡਾਨੀ ਦੇ ਖੁਲਾਸੇ ਤੋਂ ਬਾਅਦ ਜਨਤਾ ਦਾ ਰਿਟਾਇਰਮੈਂਟ ਦਾ ਪੈਸਾ ਅਡਾਨੀ ਦੀਆਂ ਕੰਪਨੀਆਂ ‘ਚ ਲਗਾਇਆ ਜਾ ਰਿਹਾ ਹੈ। ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਪੁੱਛਿਆ, “ਪ੍ਰਧਾਨ ਮੰਤਰੀ, ਕੋਈ ਜਾਂਚ ਨਹੀਂ, ਕੋਈ ਜਵਾਬ ਨਹੀਂ! ਆਖਰ ਇੰਨਾ ਡਰ ਕਿਉਂ? ਅਮਰੀਕੀ ਵਿੱਤੀ ਖੋਜ ਸੰਸਥਾ 'ਹਿੰਡਨਬਰਗ ਰਿਸਰਚ' ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਤੋਂ ਹੀ ਕਾਂਗਰਸ ਅਡਾਨੀ ਸਮੂਹ ਅਤੇ ਪ੍ਰਧਾਨ ਮੰਤਰੀ 'ਤੇ ਲਗਾਤਾਰ ਹਮਲੇ ਕਰ ਰਹੀ ਹੈ। ਹਿੰਡਨਬਰਗ ਰਿਸਰਚ ਨੇ ਅਡਾਨੀ ਸਮੂਹ 'ਤੇ ਧੋਖਾਧੜੀ ਅਤੇ ਸ਼ੇਅਰਾਂ ਦੀਆਂ ਕੀਮਤਾਂ 'ਚ ਹੇਰਾਫੇਰੀ ਸਮੇਤ ਕਈ ਦੋਸ਼ ਲਗਾਏ ਸਨ। ਅਡਾਨੀ ਸਮੂਹ ਨੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਸੀ ਅਤੇ ਕਿਹਾ ਸੀ ਕਿ ਉਹਨਾਂ ਨੇ ਸਾਰੇ ਕਾਨੂੰਨਾਂ ਅਤੇ ਵਿਵਸਥਾਵਾਂ ਦੀ ਪਾਲਣਾ ਕੀਤੀ ਹੈ।
ਰਾਹੁਲ ਗਾਂਧੀ ਨੂੰ ਸਰਕਾਰ ਵੱਲੋਂ ਅਲਾਟ ਕੀਤਾ ਬੰਗਲਾ ਖਾਲੀ ਕਰਨ ਦਾ ਨੋਟਿਸ
ਲੋਕ ਸਭਾ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਹੁਣ ਲੋਕ ਸਭਾ ਹਾਊਸਿੰਗ ਕਮੇਟੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਸਰਕਾਰ ਵੱਲੋਂ ਅਲਾਟ ਕੀਤਾ ਬੰਗਲਾ ਖਾਲੀ ਕਰਨ ਦਾ ਨੋਟਿਸ ਦਿੱਤਾ ਹੈ। ਨਿਊਜ਼ ਏਜੰਸੀ ਏਐੱਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਖ਼ਬਰ ਦਿੱਤੀ ਹੈ। ਦੱਸ ਦੇਈਏ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਹੁਣ ਸਾਬਕਾ ਸੰਸਦ ਮੈਂਬਰ ਬਣ ਗਏ ਹਨ। ਹੁਣ ਤੱਕ ਰਾਹੁਲ ਗਾਂਧੀ ਕੇਰਲ ਦੀ ਵਾਇਨਾਡ ਸੀਟ ਦੀ ਨੁਮਾਇੰਦਗੀ ਕਰ ਰਹੇ ਸਨ ਪਰ ਲੋਕ ਸਭਾ ਸਕੱਤਰੇਤ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ।