ਨਵੀਂ ਦਿੱਲੀ, 09 ਅਪ੍ਰੈਲ : ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਉੱਤਰ ਪੱਛਮੀ ਰਾਜਾਂ ਵਿੱਚ ਹਾਲੇ ਗਰਮੀ ਤੋਂ ਰਾਹਤ ਰਹੇਗੀ। ਭਾਰਤੀ ਮੌਸਮ ਵਿਭਾਗ ਦੇ ਮੁਤਾਬਕ ਇਨ੍ਹਾਂ ਖੇਤਰਾਂ ਵਿੱਚ ਫਿਲਹਾਲ ਮੌਸਮ ਵਿੱਚ ਕੋਈ ਵੱਡਾ ਬਦਲਾਅ ਨਹੀਂ ਆਉਣ ਵਾਲਾ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਪੰਜ ਦਿਨਾਂ ਵਿੱਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ ਦੋ ਦਿਨਾਂ ਦੌਰਾਨ ਮੱਧ ਪ੍ਰਦੇਸ਼, ਉੜੀਸਾ, ਮਹਾਰਾਸ਼ਟਰ ਅਤੇ ਛੱਤੀਸਗੜ੍ਹ ਵਿੱਚ ਮੌਸਮ ਦਾ ਮਿਜਾਜ਼ ਬਦਲੇਗਾ । ਵਿਭਾਗ ਨੇ ਆਪਣੀ ਐਡਵਾਈਜ਼ਰੀ ਵਿੱਚ ਕਿਹਾ ਕਿ ਅਗਲੇ ਦੋ ਦਿਨਾਂ ਦੌਰਾਨ ਮੱਧ ਪ੍ਰਦੇਸ਼, ਉੜੀਸਾ, ਮਹਾਰਾਸ਼ਟਰ ਅਤੇ ਛੱਤੀਸਗੜ੍ਹ ਵਿੱਚ ਤੇਜ਼ ਹਵਾਵਾਂ ਦੇ ਨਾਲ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਨੇ ਕਿਹਾ ਸੀ ਕਿ ਉੱਤਰ-ਪੱਛਮੀ ਭਾਰਤ ਅਤੇ ਪ੍ਰਾਇਦੀਪ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅਪ੍ਰੈਲ ਤੋਂ ਜੂਨ ਤੱਕ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ । ਵਿਭਾਗ ਨੇ ਕਿਹਾ ਕਿ ਇਸ ਸਮੇਂ ਦੌਰਾਨ ਮੱਧ, ਪੂਰਬੀ ਅਤੇ ਉੱਤਰ-ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਨਾਲੋਂ ਵੱਧ ਰਹਿਣ ਦੀ ਉਮੀਦ ਹੈ ।