ਜੇਐੱਨਐੱਨ, ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੀ ਅੱਜ ਬਰਸੀ ਹੈ। ਪੂਰਾ ਦੇਸ਼ ਅੱਜ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕਰ ਰਿਹਾ ਹੈ। ਦੱਸ ਦੇਈਏ ਕਿ ਪੁਲਵਾਮਾ ਹਮਲੇ ਵਿੱਚ ਦੇਸ਼ ਦੇ 40 ਤੋਂ ਵੱਧ ਜਵਾਨ ਸ਼ਹੀਦ ਹੋ ਗਏ ਸਨ। ਪੁਲਵਾਮਾ ਹਮਲੇ ਦੀ ਬਰਸੀ 'ਤੇ ਪੀਐਮ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਸ਼ਰਧਾਂਜਲੀ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਪੁਲਵਾਮਾ ਵਿੱਚ ਗੁਆਚੇ ਨਾਇਕਾਂ ਨੂੰ ਯਾਦ ਕਰਦੇ ਹੋਏ। ਅਸੀਂ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਕਦੇ ਨਹੀਂ ਭੁੱਲਾਂਗੇ। ਉਨ੍ਹਾਂ ਦੀ ਹਿੰਮਤ ਸਾਨੂੰ ਇੱਕ ਮਜ਼ਬੂਤ ਅਤੇ ਵਿਕਸਤ ਭਾਰਤ ਬਣਾਉਣ ਲਈ ਪ੍ਰੇਰਿਤ ਕਰਦੀ ਹੈ।" ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਾਲ 2019 ਦੇ ਅੱਜ ਦੇ ਦਿਨ, ਮੈਂ ਪੁਲਵਾਮਾ ਵਿੱਚ ਹੋਏ ਭਿਆਨਕ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਦੇਸ਼ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲ ਸਕਦਾ। ਅੱਤਵਾਦ ਵਿਰੁੱਧ ਲੜਾਈ ਵਿਚ ਉਨ੍ਹਾਂ ਦੀ ਬਹਾਦਰੀ ਅਤੇ ਅਦੁੱਤੀ ਸਾਹਸ ਹਮੇਸ਼ਾ ਪ੍ਰੇਰਨਾ ਸਰੋਤ ਬਣੇ ਰਹਿਣਗੇ। ਜ਼ਿਕਰਯੋਗ ਹੈ ਕਿ 14 ਫਰਵਰੀ 2019 ਨੂੰ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਅਵੰਤੀਪੋਰਾ ਨੇੜੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀਆਰਪੀਐੱਫ ਦੇ ਕਾਫਲੇ 'ਤੇ ਹਮਲਾ ਕੀਤਾ ਸੀ। ਇਸ ਵਿਸਫੋਟਕ ਹਮਲੇ ਵਿੱਚ 40 ਤੋਂ ਵੱਧ ਜਵਾਨ ਸ਼ਹੀਦ ਹੋ ਗਏ ਸਨ।