ਕੋਰੋਨਾ ਮਹਾਂਮਾਰੀ ਵਿਚਾਲੇ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਇਹ ਅਪਡੇਟ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਹੈ। ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਤਹਿਤ 2 ਅਗਸਤ ਤੋਂ ਪੰਜਾਬ ਦੇ ਸਾਰੇ ਸਕੂਲ ਖੁੱਲ੍ਹਣਗੇ। ਸਰਕਾਰੀ ਤੇ ਪ੍ਰਾਈਵੇਟ ਦੋਵਾਂ ਸਕੂਲਾਂ ਨੂੰ ਖੁੱਲ੍ਹਣ ਦੀ ਇਜ਼ਾਜਤ ਹੋਵੇਗੀ ਤੇ ਇਸ ਦੇ ਨਾਲ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੁੱਲ੍ਹਣਗੇ । ਸਕੂਲ ਪ੍ਰਬੰਧਕਾਂ ਤੇ ਬੱਚਿਆਂ ਨੂੰ ਕੋਰੋਨਾ ਨਿਯਮਾਂ ਤੇ ਗਾਈਡ ਲਾਈਨਾਂ ਦੀ ਪਾਲਣਾ ਕਰਨੀ ਪਵੇਗੀ। ਇਸ ਵਿਚ ਸੋਸ਼ਲ ਡਿਸਟੈਂਸਿੰਗ ਤੇ ਮਾਸਕ ਪਹਿਨਣਾ ਜ਼ਰੂਰੀ ਹੋਵੇਗਾ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 23 ਜੁਲਾਈ ਤੋਂ 9ਵੀਂ ਤੋਂ ਲੈ ਕੇ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਗਿਆ ਸੀ ਪਰ ਹੁਣ ਸੂਬਾ ਸਰਕਾਰ ਨੇ ਸਾਰੇ ਪ੍ਰਾਈਵੇਟ ਤੇ ਸਰਕਾਰੀ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ। ਸੂਬੇ ਵਿਚ ਲਗਾਤਾਰ ਘੱਟ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।