ਚੰਡੀਗੜ੍ਹ, 12 ਮਾਰਚ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਗ੍ਰਿਫਤਾਰ ਕੀਤੇ ਗਏ ਕਾਰਕੁੰਨਾਂ ਵਿਚੋਂ 5 ਮੈਂਬਰਾਂ ਤੇ ਹੁਣ ਐਨਐਸਏ ਲਗਾਇਆ ਗਿਆ ਹੈ। ਆਓ ਦੇਖੀਏ ਨੈਸ਼ਨਲ ਸਕਿਊਰਿਟੀ ਐਕਟ ਕੀ ਹੈ। ਨੈਸ਼ਨਲ ਸਕਿਊਰਿਟੀ ਐਕਟ ਇਕ ਅਜਿਹਾ ਕਾਨੂੰਨ ਹੈ ਜਿਸ ਵਿੱਚ ਇਹ ਪ੍ਰਾਵਧਾਨ ਕੀਤਾ ਗਿਆ ਹੈ ਕਿ ਜੇਕਰ ਕਿਸੇ ਵਿਅਕਤੀ ਤੋਂ ਕੋਈ ਖਾਸ ਖਤਰਾ ਹੋਵੇ ਤਾਂ ਉਸ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਜਾ ਸਕਦਾ ਹੈ। ਜੇਕਰ ਸਰਕਾਰ ਨੂੰ ਲਗਦਾ ਹੈ ਕਿ ਕੋਈ ਵਿਅਕਤੀ ਦੇਸ਼ ਲਈ ਖਤਰਾ ਹੋ ਸਕਦਾ ਹੈ ਤਾਂ ਉਸ ਨੂੰ ਇਸ ਐਕਟ ਅਧੀਨ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਹ ਐਕਟ1980 ਵਿੱਚ ਦੇਸ਼ ਦੀ ਸੁਰੱਖਿਆ ਦੇ ਲਿਹਾਜ ਨਾਲ ਸਰਕਾਰ ਨੂੰ ਜ਼ਿਆਦਾ ਸ਼ਕਤੀ ਦੇਣ ਦੇ ਉਦੇਸ਼ ਨਾਲ ਬਣਾਇਆ ਗਿਆ ਸੀ। ਇਹ ਐਕਟ ਸਰਕਾਰ ਨੂੰ ਸ਼ਕਤੀ ਪ੍ਰਦਾਨ ਕਰਦਾ ਹੈ ਕਿ ਜੇਕਰ ਉਸ ਨੂੰ ਲੱਗੇ ਕਿ ਕਿਸੇ ਨੂੰ ਦੇਸ਼ਹਿੱਤ ਵਿੱਚ ਗ੍ਰਿਫਤਾਰ ਕਰਨ ਦੀ ਲੋੜ ਹੈ ਤਾਂ ਉਸ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਹ ਵੀ ਕਿਹਾ ਜਾ ਸਕਦਾ ਹੈ ਕਿ ਇਹ ਐਕਟ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਅਧਿਕਾਰ ਦਿੰਦਾ ਹੈ। ਐਨਐਸਏ ਦੇ ਤਹਿਤ ਵਿਅਕਤੀ ਨੂੰ 3 ਮਹੀਨਿਆਂ ਲਈ ਬਿਨਾਂ ਜ਼ਮਾਨਤ ਦੇ ਹਿਰਾਸਤ ਵਿੱਚ ਰੱਖਿਆ ਜਾ ਸਕਦਾ ਹੈ ਅਤੇ ਇਸਦੀ ਮਿਆਦ ਵਧਾਈ ਜਾ ਸਕਦੀ ਹੈ। ਇਸ ਦੇ ਨਾਲ ਹੀ ਹਿਰਾਸਤ ਵਿੱਚ ਰੱਖਣ ਲਈ ਦੋਸ਼ ਤੈਅ ਕਰਨ ਦੀ ਵੀ ਜ਼ਰੂਰਤ ਨਹੀਂ ਹੁੰਦੀ ਅਤੇ ਹਿਰਾਸਤ ਦਾ ਸਮਾਂ 12 ਮਹੀਨੇ (ਇਕ ਸਾਲ) ਤੱਕ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਹਿਰਾਸਤ ਵਿੱਚ ਲਿਆ ਗਿਆ ਵਿਅਕਤੀ ਹਾਈਕੋਰਟ ਦੇ ਐਡਵਾਇਜ਼ਰੀ ਬੋਰਡ ਦੇ ਸਾਹਮਣੇ ਅਪੀਲ ਕਰ ਸਕਦਾ ਹੈ ਅਤੇ ਸੂਬਾ ਸਰਕਾਰ ਨੇ ਦੱਸਣਾ ਹੁੰਦਾ ਹੈ ਕਿ ਇਸ ਵਿਅਕਤੀ ਨੂੰ ਹਿਰਾਸਤ ਵਿੱਚ ਕਿਉਂ ਰੱਖਿਆ ਗਿਆ ਹੈ।