ਅੰਮ੍ਰਿਤਸਰ, 7 ਜਨਵਰੀ, 2025 : ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ 4 ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ 5 ਕਿਲੋ ਹੈਰੋਇਨ ਵੀ ਬਰਾਮਦ ਹੋਈ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਵਿੱਚ ਇੱਕ ਮਹਿਲਾ ਤਸਕਰ ਵੀ ਸ਼ਾਮਲ ਹੈ। ਇਸ ਬਾਰੇ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਕਿਹਾ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੂੰ ਵੱਡੀ ਸਫਲਤਾ ਮਿਲੀ ਹੈ। 5 ਕਿਲੋ ਹੈਰੋਇਨ ਸਮੇਤ ਇੱਕ ਮਹਿਲਾ ਸਮੱਗਲਰ ਸਮੇਤ ਚਾਰ ਮੁੱਖ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਲੋਕ ਇੱਕ ਪੁਰਾਣੇ ਨੈੱਟਵਰਕ ਦਾ ਹਿੱਸਾ ਸਨ, ਜੋ ਪਾਕਿਸਤਾਨ ਦੇ ਸਮੱਗਲਰਾਂ ਨਾਲ ਜੁੜਿਆ ਹੋਇਆ ਸੀ ਅਤੇ ਉਹ ਡਰੋਨਾਂ ਰਾਹੀਂ ਖੇਪਾਂ ਦੀ ਤਸਕਰੀ ਕਰ ਰਹੇ ਸਨ। ਉਸ ਨੇ ਦੱਸਿਆ ਮੁੱਖ ਤਸਕਰ ਬਲਜੀਤ ਕੌਰ ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਤਰਨਤਾਰਨ ਦੀ ਰਹਿਣ ਵਾਲੀ ਹੈ। ਇਸ ਕੰਮ ਵਿੱਚ ਉਸਦਾ ਭਤੀਜਾ ਵੀ ਸ਼ਾਮਲ ਹੈ। ਤਸਕਰ ਔਰਤ ਦਾ ਪਤੀ ਪਹਿਲਾਂ ਹੀ ਇਸੇ ਤਰ੍ਹਾਂ ਦੇ ਇੱਕ ਮਾਮਲੇ ਵਿੱਚ ਰਾਜਸਥਾਨ ਦੀ ਜੇਲ੍ਹ ਵਿੱਚ ਬੰਦ ਹੈ। ਇਨ੍ਹਾਂ ਦੇ ਪਾਕਿਸਤਾਨ ਤੋਂ ਆਏ ਸਮੱਗਲਰਾਂ ਨਾਲ ਸੰਪਰਕ ਹਨ ਅਤੇ ਇਨ੍ਹਾਂ ਦਾ ਨੈੱਟਵਰਕ ਪੰਜਾਬ ਵਿੱਚ ਵੀ ਫੈਲਿਆ ਹੋਇਆ ਹੈ। ਗੁਰਪ੍ਰੀਤ ਭੁੱਲਰ ਨੇ ਕਿਹਾ, “ਪੁਲਿਸ ਨੇ ਉਨ੍ਹਾਂ ਦੀ ਜਾਇਦਾਦ ਅਤੇ ਕੁਨੈਕਸ਼ਨਾਂ ਬਾਰੇ ਪੂਰੀ ਜਾਣਕਾਰੀ ਇਕੱਠੀ ਕਰ ਲਈ ਹੈ ਅਤੇ ਵਿੱਤੀ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਹ ਔਰਤ ਆਪਣੇ ਪਤੀ ਦੇ ਸੰਪਰਕਾਂ ਰਾਹੀਂ ਸਾਰਾ ਨੈੱਟਵਰਕ ਸੰਭਾਲ ਰਹੀ ਸੀ। ਉਸ ਨੇ ਕਿਹਾ, “ਉਸ ਦੀ ਗ੍ਰਿਫਤਾਰੀ ਤੋਂ ਇਹ ਵੀ ਖੁਲਾਸਾ ਹੋਇਆ ਹੈ ਕਿ ਉਸ ਨੇ ਪਾਕਿਸਤਾਨ ਨਾਲ ਜੁੜੇ ਸਮੱਗਲਰਾਂ ਨਾਲ ਸੰਪਰਕ ਕਾਇਮ ਕੀਤਾ ਸੀ ਅਤੇ ਉਹ ਇਸ ਨੈੱਟਵਰਕ ਦਾ ਮੁੱਖ ਹਿੱਸਾ ਸੀ। ਹੁਣ ਪੁਲਿਸ ਇਨ੍ਹਾਂ ਦੀਆਂ ਗਤੀਵਿਧੀਆਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ, ਤਾਂ ਜੋ ਇਸ ਵੱਡੇ ਤਸਕਰੀ ਨੈੱਟਵਰਕ ਨੂੰ ਨਸ਼ਟ ਕੀਤਾ ਜਾ ਸਕੇ। ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਪਤੀ ਦੇ ਜੇਲ੍ਹ ਜਾਣ ਤੋਂ ਬਾਅਦ ਪਤਨੀ ਬਲਜੀਤ ਕੌਰ ਨੇ ਸਾਰਾ ਕੰਮ ਆਪਣੇ ਹੱਥਾਂ ਵਿੱਚ ਲੈ ਲਿਆ ਅਤੇ ਉਹ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹੈਰੋਇਨ ਵੇਚਦੀ ਸੀ ਅਤੇ ਉਸ ਦੀ ਮਦਦ ਉਸ ਦੇ ਭਤੀਜੇ ਵੱਲੋਂ ਕੀਤੀ ਜਾਂਦੀ ਸੀ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਤੋਂ ਹੋਰ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ।"